- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਅਕਾਲੀ-ਭਾਜਪਾ ਗੱਠਜੋੜ ਪੰਜਾਬ ਦੇ ਵਿਕਾਸ ਅਤੇ ਹਿੰਦੂ-ਸਿੱਖ ਭਾਈਚਾਰੇ ਨੂੰ ਦੇਵੇਗਾ ਨਵੀਂ ਮਜ਼ਬੂਤੀ – ਇੰਜੀ. ਚੰਦਨ ਰਖੇਜਾ

ਲਵਦੀਪ ਬੈਂਸ, ਪੰਜਾਬੀ ਜਾਗਰਣ, ਪਤਾਰਾ/ਜਲੰਧਰ ਕੈਂਟ : ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਅਕਾਲੀ-ਭਾਜਪਾ ਗੱਠਜੋੜ ਦੇ ਐਲਾਨ ਨੇ ਸੂਬੇ ਦੀ ਸਿਆਸਤ ’ਚ ਨਵੀਂ ਹਲਚਲ ਪੈਦਾ ਕਰ ਦਿੱਤੀ ਹੈ। ਇਸ ਗੱਠਜੋੜ ਦਾ ਸਵਾਗਤ ਕਰਦਿਆਂ ਭਾਜਪਾ ਜਲੰਧਰ ਸੈਂਟਰਲ-35 ਦੇ ਪ੍ਰਧਾਨ ਇੰਜੀ. ਚੰਦਨ ਰਖੇਜਾ ਨੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਤੇ ਭਾਜਪਾ ਹਾਈਕਮਾਂਡ ਦੇ ਇਸ ਫੈਸਲੇ ਨੂੰ ਪੰਜਾਬ ਦੇ ਸੁਨਹਿਰੀ ਭਵਿੱਖ ਦੀ ਦਿਸ਼ਾ ’ਚ ਇਕ ਅਹਿਮ ਕਦਮ ਕਰਾਰ ਦਿੱਤਾ। ਉਨ੍ਹਾਂ ਵਿਸ਼ਵਾਸ ਜਤਾਇਆ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ’ਚ ਇਸ ਕੁਦਰਤੀ ਗੱਠਜੋੜ ਦੀ ਤਾਕਤ ਵਿਰੋਧੀ ਪਾਰਟੀਆਂ ਨੂੰ ਸਪੱਸ਼ਟ ਤੌਰ 'ਤੇ ਦੇਖਣ ਨੂੰ ਮਿਲੇਗੀ। ਉਨ੍ਹਾਂ ਕਿਹਾ ਕਿ ਹਿੰਦੂ-ਸਿੱਖ ਏਕਤਾ, ਆਪਸੀ ਭਾਈਚਾਰੇ ਤੇ ਪੰਜਾਬ ਦੀ ਸਾਂਝੀ ਵਿਰਾਸਤ ਦਾ ਪ੍ਰਤੀਕ ਅਕਾਲੀ-ਭਾਜਪਾ ਗੱਠਜੋੜ ਹਮੇਸ਼ਾ ਤੋਂ ਹੀ ਸੂਬੇ ਦੀ ਸਿਆਸਤ ’ਚ ਇਕ ਵਿਸ਼ੇਸ਼ ਸਥਾਨ ਰੱਖਦਾ ਆਇਆ ਹੈ। ਚੰਦਨ ਰਖੇਜਾ ਨੇ ਭਰੋਸਾ ਦਿਵਾਇਆ ਕਿ ਇਸ ਗੱਠਜੋੜ ਤੋਂ ਬਾਅਦ ਭਾਜਪਾ ਦਾ ਹਰ ਇਕ ਵਰਕਰ ਅਕਾਲੀ ਦਲ ਦੇ ਵਰਕਰਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਕੰਮ ਕਰੇਗਾ। ਉਨ੍ਹਾਂ ਨੂੰ ਪੂਰਾ ਵਿਸ਼ਵਾਸ ਹੈ ਕਿ ਆਉਣ ਵਾਲੇ ਸਮੇਂ ’ਚ ਡਬਲ ਇੰਜਣ ਸਰਕਾਰ ਰਾਹੀਂ ਪੰਜਾਬ ’ਚ ਸਰਬਪੱਖੀ ਵਿਕਾਸ ਦੇ ਇਕ ਨਵੇਂ ਅਧਿਆਏ ਦੀ ਸ਼ੁਰੂਆਤ ਹੋਵੇਗੀ।