ਕੈਬਨਿਟ ਮੰਤਰੀ ਨੇ ਵਿਕਾਸ ਪ੍ਰਾਜੈਕਟਾਂ ਦੇ ਰੱਖੇ ਨੀਂਹ ਪੱਥਰ
ਕੈਬਨਿਟ ਮੰਤਰੀ ਨੇ 30 ਲੱਖ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦੇ ਨੀਂਹ ਪੱਥਰ ਰੱਖੇ
Publish Date: Sat, 03 Jan 2026 09:37 PM (IST)
Updated Date: Sun, 04 Jan 2026 04:15 AM (IST)

ਸ੍ਰੀ ਗੁਰੂ ਰਵਿਦਾਸ ਚੌਕ ਦੇ ਨਵੀਨੀਕਰਨ ਤੇ ਮਾਡਲ ਹਾਊਸ ’ਚ ਸੜਕਾਂ ਦਾ ਕੰਮ ਸ਼ੁਰੂ ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜਲੰਧਰ : ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਸ਼ਨੀਵਾਰ ਨੂੰ ਸ਼ਹਿਰ ’ਚ 30 ਲੱਖ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦੇ ਨੀਂਹ ਪੱਥਰ ਰੱਖੇ, ਜੋ ਕਿ ਪੰਜਾਬ ਸਰਕਾਰ ਦੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਤੇ ਸ਼ਹਿਰ ਦੀ ਸੁੰਦਰਤਾ ਨੂੰ ਬਿਹਤਰ ਬਣਾਉਣ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਮੇਅਰ ਵਿਨੀਤ ਧੀਰ, ਸੀਨੀਅਰ ‘ਆਪ’ ਆਗੂ ਨਿਤਿਨ ਕੋਹਲੀ, ਰਾਜਵਿੰਦਰ ਕੌਰ ਥਿਆੜਾ ਸਮੇਤ ਕੈਬਨਿਟ ਮੰਤਰੀ ਨੇ ਕਿਹਾ ਕਿ 21 ਲੱਖ ਰੁਪਏ ਦੀ ਲਾਗਤ ਵਾਲੇ ਨਵੀਨੀਕਰਨ ਪ੍ਰਾਜੈਕਟ ਤਹਿਤ ਸ੍ਰੀ ਗੁਰੂ ਰਵਿਦਾਸ ਚੌਕ ਦੀ ਨੁਹਾਰ ਬਦਲ ਕੇ ਇਸ ਨੂੰ ਖਿੱਚ ਦਾ ਕੇਂਦਰ ਬਣਾਇਆ ਜਾਵੇਗਾ। ਚੌਕ ਦੀ ਧਾਰਮਿਕ ਤੇ ਅਧਿਆਤਮਕ ਮਹੱਤਤਾ ’ਤੇ ਚਾਨਣਾ ਪਾਉਂਦਿਆਂ ਉਨ੍ਹਾਂ ਕਿਹਾ ਕਿ ਇਹ ਚੌਕ ਲੱਖਾਂ ਸ਼ਰਧਾਲੂਆਂ ਲਈ ਸ਼ਰਧਾ ਦਾ ਕੇਂਦਰ ਹੈ, ਜੋ ਸਤਿਗੁਰੂ ਰਵਿਦਾਸ ਜੀ ਨੂੰ ਨਤਮਸਤਕ ਹੋਣ ਲਈ ਆਉਂਦੇ ਹਨ, ਖਾਸ ਕਰ ਕੇ ਪ੍ਰਕਾਸ਼ ਪੁਰਬ ਸਮਾਗਮਾਂ ਦੌਰਾਨ । ਉਨ੍ਹਾਂ ਕਿਹਾ ਕਿ ਵਿਆਪਕ ਨਵੀਨੀਕਰਨ ’ਚ ਖੇਤਰ ਦਾ ਸੁੰਦਰੀਕਰਨ ਤੇ ਰੀ-ਡਿਜ਼ਾਈਨ ਸ਼ਾਮਲ ਹੋਵੇਗਾ, ਜਿਸ ਨਾਲ ਸ਼ਹਿਰ ਦੀ ਸੁੰਦਰਤਾ ’ਚ ਵੀ ਵਾਧਾ ਹੋਵੇਗਾ। ਮੰਤਰੀ ਭਗਤ ਨੇ ਕਿਹਾ ਕਿ ਹਰ ਸਾਲ ਹਜ਼ਾਰਾਂ ਸ਼ਰਧਾਲੂ ਇਸ ਸਥਾਨ ਤੇ ਆਉਂਦੇ ਹਨ ਤੇ ਨਵੀਨੀਕਰਨ ਪ੍ਰਾਜੈਕਟ ਸ਼ਰਧਾਲੂਆਂ ਦੇ ਅਨੁਭਵ ਨੂੰ ਕਾਫ਼ੀ ਬਿਹਤਰ ਬਣਾਏਗਾ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਇਸ ਕੰਮ ਨੂੰ ਨਿਰਧਾਰਤ ਸਮੇਂ ਦੇ ਅੰਦਰ ਤੇ ਨਿਰਧਾਰਤ ਗੁਣਵੱਤਾ ਮਾਪਦੰਡਾਂ ਅਨੁਸਾਰ ਪੂਰਾ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਗੁਣਵੱਤਾ ਨਾਲ ਸਮਝੌਤਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਤੋਂ ਇਲਾਵਾ ਕੈਬਨਿਟ ਮੰਤਰੀ ਨੇ ਮਾਡਲ ਹਾਊਸ ਖੇਤਰ ’ਚ ਇੱਕ ਹੋਰ ਵਿਕਾਸ ਪਹਿਲਕਦਮੀ ਦਾ ਨੀਂਹ ਪੱਥਰ ਵੀ ਰੱਖਿਆ, ਜਿੱਥੇ 9 ਲੱਖ ਰੁਪਏ ਦੀ ਲਾਗਤ ਨਾਲ 2 ਸੜਕਾਂ ਬਣਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਸੜਕੀ ਪ੍ਰਾਜੈਕਟ ਨਾਲ ਸਥਾਨਕ ਨਿਵਾਸੀਆਂ ਦੀ ਪ੍ਰਮੁੱਖ ਮੰਗ ਪੂਰੀ ਹੋਵੇਗੀ ਤੇ ਖੇਤਰ ’ਚ ਸੰਪਰਕ ਬਿਹਤਰ ਬਣੇਗਾ। ਸੂਬਾ ਸਰਕਾਰ ਵੱਲੋਂ ਜ਼ਮੀਨੀ ਪੱਧਰ ’ਤੇ ਵਿਕਾਸ ਨੂੰ ਦਿੱਤੀ ਜਾ ਰਹੀ ਤਵੱਜੋਂ ਬਾਰੇ ਗੱਲ ਕਰਦਿਆਂ ਭਗਤ ਨੇ ਕਿਹਾ ਕਿ ਅਜਿਹੇ ਪ੍ਰਾਜੈਕਟ ਸੂਬੇ ਭਰ ’ਚ ਸਮਾਵੇਸ਼ੀ ਤੇ ਟਿਕਾਊ ਸ਼ਹਿਰੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਦੇ ਸੰਕਲਪ ਨੂੰ ਦਰਸਾਉਂਦੇ ਹਨ।