ਮਾਓਵਾਦੀ ਆਗੂ ਹਿੜਮਾ ਤੇ ਸਾਥੀਆਂ ਦਾ ਮੁਕਾਬਲਾ ਝੂਠਾ : ਜਮਹੂਰੀ ਫਰੰਟ
ਮਾਓਵਾਦੀ ਆਗੂ ਹਿੜਮਾ ਤੇ ਉਸਦੇ ਸਾਥੀਆਂ ਦਾ ਮੁਕਾਬਲਾ ਝੂਠਾ ਹੈ - ਜਮਹੂਰੀ ਫਰੰਟ
Publish Date: Tue, 18 Nov 2025 09:11 PM (IST)
Updated Date: Tue, 18 Nov 2025 09:13 PM (IST)
-ਮੁਕਾਬਲਿਆਂ ਦੇ ਨਾਂ ਹੇਠ ਕਤਲਾਂ ਵਿਰੁੱਧ ਸਮੂਹ ਜਮਹੂਰੀ ਤਾਕਤਾਂ ਨੂੰ ਆਵਾਜ਼ ਉਠਾਉਣ ਦੀ ਅਪੀਲ
ਮਹਿੰਦਰ ਰਾਮ ਫੁੱਗਲਾਣਾ, ਪੰਜਾਬੀ ਜਾਗਰਣ, ਜਲੰਧਰ : ਓਪਰੇਸ਼ਨ ਗ੍ਰੀਨ ਹੰਟ ਵਿਰੋਧੀ ਜਮਹੂਰੀ ਫਰੰਟ ਦੇ ਕਨਵੀਨਰਾਂ ਡਾ. ਪਰਮਿੰਦਰ, ਪ੍ਰੋਫੈਸਰ ਏ.ਕੇ. ਮਲੇਰੀ, ਬੂਟਾ ਸਿੰਘ ਮਹਿਮੂਦਪੁਰ ਤੇ ਯਸ਼ਪਾਲ ਨੇ ਆਂਧਰਾ ਪ੍ਰਦੇਸ਼ ਪੁਲਿਸ ਵੱਲੋਂ ਚੋਟੀ ਦੇ ਮਾਓਵਾਦੀ ਆਗੂ ਮਾਧਵੀ ਹਿੜਮਾ ਤੇ ਉਸ ਦੇ 6 ਸਾਥੀਆਂ ਨੂੰ ਗ੍ਰਿਫ਼ਤਾਰ ਕਰਕੇ ‘ਮੁਕਾਬਲੇ’ ਦੇ ਨਾਂ ਹੇਠ ਬੇਰਹਿਮੀ ਨਾਲ ਹੱਤਿਆ ਕਰਨ ਦੀ ਸਖ਼ਤ ਸ਼ਬ਼ਦਾਂ ’ਚ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਮੋਦੀ-ਅਮਿਤ ਸ਼ਾਹ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਜੰਗਲੀ-ਪਹਾੜੀ ਇਲਾਕਿਆਂ ਨੂੰ ਦਹਾਕਿਆਂ ਤੋਂ ਸੁਰੱਖਿਆ ਬਲਾਂ ਦੀ ਵਿਆਪਕ ਛਾਉਣੀ ਬਣਾ ਕੇ ਆਪਣੇ ਹੀ ਲੋਕਾਂ ਦੀਆਂ ਲਾਸ਼ਾਂ ਵਿਛਾਉਣ ਦੀ ਨੀਤੀ ’ਤੇ ਚੱਲ ਰਹੀ ਹਨ। ਜਨਵਰੀ 2025 ਤੋਂ ਲੈ ਕੇ ਹੁਣ ਤੱਕ ਇਕੱਲੇ ਛੱਤੀਸਗੜ੍ਹ ਰਾਜ ’ਚ ਸੁਰੱਖਿਆ ਬਲਾਂ ਵੱਲੋਂ ‘ਮੁਕਾਬਲਿਆਂ’ ਦੇ ਨਾਂ ਹੇਠ 252 ਤੋਂ ਵੱਧ ਗ਼ੈਰ-ਅਦਾਲਤੀ ਹੱਤਿਆਵਾਂ ਕੀਤੀਆਂ ਗਈਆਂ ਹਨ। ਆਗੂਆਂ ਨੇ ਕਿਹਾ ਆਦਿਵਾਸੀਆਂ ਤੇ ਹੋਰ ਮਿਹਨਤਕਸ਼ ਜਮਾਤਾਂ ਦੇ ਨੌਜਵਾਨਾਂ ਨੂੰ ਸਰਕਾਰੀ ਲਸ਼ਕਰਾਂ ’ਚ ਭਰਤੀ ਕਰਕੇ ਆਦਿਵਾਸੀਆਂ ਦੇ ਤੇ ਹੋਰ ਹੱਕੀ ਸੰਘਰਸ਼ਾਂ ਨੂੰ ਲਹੂ ’ਚ ਡੁਬੋਣ ਲਈ ਮੋਹਰੇ ਬਣਾ ਕੇ ਵਰਤਿਆ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ‘ਆਪ੍ਰੇਸ਼ਨ ਕਗਾਰ’ ਤਹਿਤ ‘ਮਾਰਚ 2026 ਤੱਕ ਨਕਸਲਵਾਦ ਦਾ ਸਫ਼ਾਇਆ ਕਰਨ’ ਦੀ ਭਾਜਪਾ ਦੀ ਨੀਤੀ ਲੋਕਾਂ ਦੇ ਬੁਨਿਆਦੀ ਮਸਲੇ ਹੱਲ ਕਰਨ ਦੀ ਬਜਾਏ ਕਥਿਤ ਵਿਕਾਸ ਦੇ ਨਾਂ ਹੇਠ ਕਾਰਪੋਰੇਟ ਪ੍ਰੋਜੈਕਟਾਂ ਦਾ ਰਾਹ ਸਾਫ਼ ਕਰਨ ਦੀ ਫਾਸ਼ੀਵਾਦੀ ਨੀਤੀ ਹੈ। ਉਨ੍ਹਾਂ ਮੰਗ ਕੀਤੀ ਕਿ ਆਦਿਵਾਸੀ ਇਲਾਕਿਆਂ ’ਚ ਝੂਠੇ ਮੁਕਾਬਲਿਆਂ ਤੇ ਹੋਰ ਰੂਪਾਂ ’ਚ ਕਤਲੇਆਮ ਬੰਦ ਕੀਤਾ ਜਾਵੇ, ਸਾਰੇ ਸਕਿਊਰਿਟੀ ਕੈਂਪ ਹਟਾਏ ਜਾਣ ਤੇ ਵਿਸ਼ੇਸ਼ ਸੁਰੱਖਿਆ ਤਾਕਤਾਂ ਤੁਰੰਤ ਵਾਪਸ ਬੁਲਾਈਆਂ ਜਾਣ, ਕਾਰਪੋਰੇਟ ਹਿਤੈਸ਼ੀ ਆਰਥਕ ਮਾਡਲ ਰੱਦ ਕੀਤਾ ਜਾਵੇ, ਜਲ-ਜੰਗਲ-ਜ਼ਮੀਨ ਉੱਪਰ ਆਦਿਵਾਸੀ ਲੋਕਾਂ ਦਾ ਕੁਦਰਤੀ ਹੱਕ ਤਸਲੀਮ ਕੀਤਾ ਜਾਵੇ, ਜਨਤਕ ਅੰਦੋਲਨਾਂ ਨੂੰ ਗ਼ੈਰਕਾਨੂੰਨੀ/ਪਾਬੰਦੀਸ਼ੁਦਾ ਕਰਾਰ ਦੇ ਕੇ ਕੁਚਲਣਾ ਤੇ ਹੁਕਮਰਾਨ ਜਮਾਤ ਦੀਆਂ ਲੋਕ ਵਿਰੋਧੀ ਨੀਤੀਆਂ ਉੱਪਰ ਸਵਾਲ ਉਠਾਉਣ ਵਾਲੇ ਚਿੰਤਕਾਂ ਤੇ ਹੱਕਾਂ ਦੇ ਕਾਰਕੁਨਾਂ ਨੂੰ ਝੂਠੇ ਕੇਸ ਬਣਾ ਕੇ ਜੇਲ੍ਹਾਂ ’ਚ ਡੱਕਣਾ ਬੰਦ ਕੀਤਾ।