ਭਾਰਤ ਦਾ ਸੰਵਿਧਾਨ ਸਾਰੇ ਵਰਗਾਂ ਨੂੰ ਬਰਾਬਰ ਸੁਰੱਖਿਆ ਪ੍ਰਦਾਨ ਕਰਦੈ : ਜਸਵੀਰ ਸਿੰਘ ਗੜ੍ਹੀ
ਭਾਰਤ ਦਾ ਸੰਵਿਧਾਨ ਸਾਰੇ ਵਰਗਾਂ ਨੂੰ ਬਰਾਬਰ ਸੁਰੱਖਿਆ ਪ੍ਰਦਾਨ ਕਰਦੈ : ਜਸਵੀਰ ਸਿੰਘ ਗੜ੍ਹੀ
Publish Date: Sat, 14 Feb 2026 09:11 PM (IST)
Updated Date: Sun, 15 Feb 2026 04:15 AM (IST)

-ਲੋਕਾਂ ਨੂੰ ਊਚ-ਨੀਚ ਤੋਂ ਉੱਪਰ ਉੱਠ ਕੇ ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ’ਚ ਯੋਗਦਾਨ ਪਾਉਣ ਦਾ ਦਿੱਤਾ ਸੱਦਾ -ਅਨੁਸੂਚਿਤ ਜਾਤੀ ਭਾਈਚਾਰੇ ਨਾਲ ਸਬੰਧਤ ਲੋਕਾਂ ਦੀਆਂ ਮੁਸ਼ਕਲਾਂ ਵੀ ਸੁਣੀਆਂ ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜਲੰਧਰ : ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਅੱਜ ਇਥੇ ਡਾ. ਅੰਬੇਡਕਰ ਭਵਨ ਵਿਖੇ ‘ਸੰਵਿਧਾਨ ’ਤੇ ਚਰਚਾ’ ’ਚ ਭਾਗ ਲੈਂਦਿਆਂ ਕਿਹਾ ਕਿ ਭਾਰਤ ਦਾ ਸੰਵਿਧਾਨ ਧਰਮ ਨਿਰਪੱਖਤਾ ਤੇ ਸਮਾਜ ਦੇ ਹਰ ਵਰਗ ਦੇ ਲੋਕਾਂ ਦੀ ਬਰਾਬਰੀ ਤੇ ਸੁਰੱਖਿਆ ਨੂੰ ਯਕੀਨੀ ਬਣਾਉਂਦਾ ਹੈ। ਭਾਰਤੀ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ, ਜਿਨ੍ਹਾਂ ਨੇ ਸਮਾਜ ਦੇ ਕਮਜ਼ੋਰ ਵਰਗਾਂ ਦੀ ਭਲਾਈ ਲਈ ਅਣਥਕ ਕੰਮ ਕੀਤਾ, ਨੂੰ ਯਾਦ ਕਰਦਿਆਂ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਡਾ. ਅੰਬੇਡਕਰ ਵੱਲੋਂ ਤਿਆਰ ਕੀਤਾ ਗਿਆ ਸੰਵਿਧਾਨ ਸਾਰੇ ਵਰਗਾਂ ਨੂੰ ਬਰਾਬਰ ਸੁਰੱਖਿਆ ਪ੍ਰਦਾਨ ਕਰਦਾ ਹੈ। ਉਨ੍ਹਾਂ ਕਿਹਾ ਕਿ ਸੰਵਿਧਾਨ ਦੇ ਆਰਟੀਕਲ 14,15,16 ਤੇ 17 ਰਾਹੀਂ ਦਿੱਤੇ ਗਏ ਮੌਲਿਕ ਅਧਿਕਾਰ ਜਾਤੀ, ਧਰਮ, ਨਸਲ, ਜਨਮ ਸਥਾਨ ਤੇ ਲਿੰਗ ਦੇ ਵਿਤਕਰੇ ਨੂੰ ਖ਼ਤਮ ਕਰਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੀ ਇਸੇ ਅਨੁਸਾਰ ਕੰਮ ਕਰ ਰਿਹਾ ਹੈ। ਗੜ੍ਹੀ ਨੇ ਇਸ ਮੌਕੇ ਲੋਕਾਂ ਨੂੰ ਸੰਵਿਧਾਨ ਬਾਰੇ ਜਾਗਰੂਕ ਕਰਦਿਆਂ ਸੰਵਿਧਾਨ ’ਚ ਦਰਜ ਉਨ੍ਹਾਂ ਦੇ ਹੱਕਾਂ ਤੇ ਫਰਜ਼ਾਂ ਬਾਰੇ ਵੀ ਜਾਣਕਾਰੀ ਦਿੱਤੀ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ, ਸਤਿਗੁਰੂ ਕਬੀਰ ਜੀ ਤੇ ਆਪਸੀ ਪ੍ਰੇਮ, ਭਾਈਚਾਰੇ ਤੇ ਸਮਾਨਤਾ ਦਾ ਸੰਦੇਸ਼ ਦੇਣ ਵਾਲੀਆਂ ਹੋਰ ਵੱਖ-ਵੱਖ ਮਹਾਨ ਸ਼ਖਸੀਅਤਾਂ ਦੀਆਂ ਸਿੱਖਿਆਵਾਂ ’ਤੇ ਅਮਲ ਕਰਦਿਆਂ ਭੇਦਭਾਵ ਰਹਿਤ ਸਮਾਜ ਦੀ ਸਿਰਜਣਾ ਕੀਤੀ ਜਾਵੇ। ਉਨ੍ਹਾਂ ਲੋਕਾਂ ਨੂੰ ਊਚ-ਨੀਚ ਤੋਂ ਉੱਪਰ ਉੱਠ ਕੇ ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਲਈ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੇ ਵਿਚਾਰਾਂ ਨੂੰ ਅਪਨਾਉਣ ਦਾ ਸੱਦਾ ਵੀ ਦਿੱਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਡਾ. ਬੀਆਰ ਅੰਬੇਡਕਰ ਦੀ ਸੋਚ ’ਤੇ ਪਹਿਰਾ ਦਿੰਦੇ ਹੋਏ ਕਮਜ਼ੋਰ ਵਰਗ ਸਮੇਤ ਹਰ ਵਰਗ ਦੇ ਲੋਕਾਂ ਦੀ ਭਲਾਈ ਤੇ ਬਿਹਤਰੀ ਲਈ ਲਗਾਤਾਰ ਕੰਮ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਸਿਹਤ ਤੇ ਸਿੱਖਿਆ ਵਰਗੇ ਅਹਿਮ ਖੇਤਰਾਂ ’ਚ ਕ੍ਰਾਂਤੀ ਲਿਆ ਕੇ ਮਿਆਰੀ ਸਿੱਖਿਆ ਤੇ ਸਿਹਤ ਸੇਵਾਵਾਂ ਤੱਕ ਆਮ ਵਿਅਕਤੀ ਦੀ ਪਹੁੰਚ ਨੂੰ ਯਕੀਨੀ ਬਣਾਇਆ ਹੈ। ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਇਸ ਮੌਕੇ ਅਨੁਸੂਚਿਤ ਜਾਤੀ ਭਾਈਚਾਰੇ ਨਾਲ ਸਬੰਧਤ ਲੋਕਾਂ ਦੀਆਂ ਮੁਸ਼ਕਲਾਂ ਵੀ ਸੁਣੀਆਂ ਗਈਆਂ। ਉਨ੍ਹਾਂ ਨੇ ਕਿਹਾ ਕਿ ਕਿਸੇ ਵੀ ਅਨੁਸੂਚਿਤ ਜਾਤੀ ਨਾਲ ਸਬੰਧਤ ਵਿਅਕਤੀ ਨਾਲ ਨਾਇਨਸਾਫੀ ਨਹੀਂ ਹੋਣ ਦਿੱਤੀ ਜਾਵੇਗੀ ਤੇ ਜਲਦ ਹੀ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਨਿਪਟਾਰਾ ਕੀਤਾ ਜਾਵੇਗਾ। ਇਸ ਤੋਂ ਪਹਿਲਾਂ ਜਸਵੀਰ ਸਿੰਘ ਗੜ੍ਹੀ ਨੇ ਡੇਰਾ ਸ਼੍ਰੀ 108 ਸੰਤ ਸਰਵਣ ਦਾਸ ਜੀ ਸੱਚਖੰਡ ਬੱਲਾਂ ਵਿਖੇ ਨਤਮਸਤਕ ਹੋ ਕੇ ਸੰਤ ਨਿਰੰਜਣ ਦਾਸ ਜੀ ਤੋਂ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਗੜ੍ਹੀ ਨੇ ਇਥੇ ਬਣਾਏ ਜਾਣ ਵਾਲੇ ਸ੍ਰੀ ਗੁਰੂ ਰਵਿਦਾਸ ਬਾਣੀ ਅਧਿਐਨ ਸੈਂਟਰ ਲਈ ਜ਼ਮੀਨ ਦਾ ਕਾਰਜ ਮੁਕੰਮਲ ਕਰਵਾਉਣ ਲਈ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਇਹ ਸੈਂਟਰ ਜਿਥੇ ਸ੍ਰੀ ਗੁਰੂ ਰਵਿਦਾਸ ਜੀ ਦੇ ਸਮਾਨਤਾ, ਦਇਆ ਤੇ ਸਮਾਜਿਕ ਨਿਆਂ ਦੇ ਸੰਦੇਸ਼ ਨੂੰ ਦੁਨੀਆ ਦੇ ਕੋਨੇ-ਕੋਨੇ ’ਚ ਪਹੁੰਚਾਉਣ ’ਚ ਅਹਿਮ ਭੂਮਿਕਾ ਨਿਭਾਏਗਾ, ਉਥੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਗੁਰੂ ਜੀ ਦੀਆਂ ਸਿੱਖਿਆਵਾਂ ਨਾਲ ਜੋੜ ਕੇ ਆਦਰਸ਼ ਸਮਾਜ ਦੀ ਸਿਰਜਣਾ ’ਚ ਵੀ ਮਦਦਗਾਰ ਸਾਬਿਤ ਹੋਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 649ਵੇਂ ਪ੍ਰਕਾਸ਼ ਪੁਰਬ ਮੌਕੇ ਚਰਨ ਛੋਹ ਪ੍ਰਾਪਤ ਧਰਤੀ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਰਾਜ ਪੱਧਰੀ ਸਮਾਗਮ ਕਰਵਾਏ ਗਏ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ 650ਵਾਂ ਪ੍ਰਕਾਸ਼ ਪੁਰਬ ਸਾਲ 2027 ’ਚ ਇਤਿਹਾਸਕ ਤੇ ਵਿਸ਼ਾਲ ਪੱਧਰ ਤੇ ਮਨਾਇਆ ਜਾਵੇਗਾ। ਮੁਸ਼ਕਲਾਂ ਸੁਣਨ ਦੌਰਾਨ ਚੇਅਰਮੈਨ ਰਾਜ ਕੁਮਾਰ ਰਾਜੂ, ਪ੍ਰਧਾਨ ਤੇ ਸੂਬਾਈ ਮੁਲਾਜ਼ਮ ਆਗੂ ਸੁਖਜੀਤ ਸਿੰਘ, ਸਮਾਜ ਸੇਵੀ ਅਰਵਿੰਦ ਸ਼ਰਮਾ, ਪ੍ਰੋ. ਅਕਸ਼ੈ ਆਦਿ ਵੀ ਮੌਜੂਦ ਸਨ।