ਜ਼ਿਲ੍ਹਾ ਪੱਧਰੀ ਸਮਾਗਮ ਦੀ ਰਿਹਰਸਲ ਦਾ ਡੀਸੀ ਨੇ ਲਿਆ ਜਾਇਜ਼ਾ
ਗਣਤੰਤਰ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਸਮਾਗਮ ਦੀ ਰਿਹਰਸਲ ਦਾ ਡੀਸੀ ਨੇ ਲਿਆ ਜਾਇਜ਼ਾ
Publish Date: Thu, 22 Jan 2026 06:30 PM (IST)
Updated Date: Thu, 22 Jan 2026 06:33 PM (IST)
-ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਲਹਿਰਾਉਣਗੇ ਰਾਸ਼ਟਰੀ ਝੰਡਾ
-ਜ਼ਿਲ੍ਹਾ ਵਾਸੀਆਂ ਨੂੰ ਸਮਾਗਮ ’ਚ ਵੱਧ-ਚੜ੍ਹ ਕੇ ਪੁੱਜਣ ਦਾ ਦਿੱਤਾ ਸੱਦਾ
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜਲੰਧਰ : ਗਣਤੰਤਰ ਦਿਵਸ ਮੌਕੇ 26 ਜਨਵਰੀ ਨੂੰ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਮਨਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਦੀ ਚੱਲ ਰਹੀ ਰਿਹਰਸਲ ਦਾ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਜਾਇਜ਼ਾ ਲਿਆ। ਉਨ੍ਹਾਂ ਨੇ ਇਸ ਮੌਕੇ ਸਮਾਗਮ ਵਿੱਚ ਹਿੱਸਾ ਲੈਣ ਵਾਲੇ ਵੱਖ-ਵੱਖ ਸਕੂਲਾਂ ਤੇ ਕਾਲਜਾਂ ਦੇ ਵਿਦਿਆਰਥੀਆਂ ਵੱਲੋਂ ਪੇਸ਼ ਕੀਤੇ ਜਾਣ ਵਾਲੇ ਦੇਸ਼ ਭਗਤੀ ਦੀ ਭਾਵਨਾ ’ਤੇ ਆਧਾਰਿਤ ਸੱਭਿਆਚਾਰਕ ਪ੍ਰੋਗਰਾਮ ਦੀ ਰਿਹਰਸਲ ਨੂੰ ਗਹੁ ਨਾਲ ਵਾਚਿਆ ਤੇ ਵਿਦਿਆਰਥੀਆਂ ਤੇ ਉਨ੍ਹਾਂ ਦੇ ਅਧਿਆਪਕਾਂ ਨੂੰ ਜ਼ਰੂਰੀ ਦਿਸ਼ਾ-ਨਿਰਦੇਸ਼ ਦਿੱਤੇ। ਉਨ੍ਹਾਂ ਵਿਦਿਆਰਥੀਆਂ ਨੂੰ ਪੂਰੀ ਊਰਜਾ, ਅਨੁਸ਼ਾਸਨ ਤੇ ਆਤਮ ਵਿਸ਼ਵਾਸ ਨਾਲ ਆਪਣੀਆਂ ਪੇਸ਼ਕਾਰੀਆਂ ਦੇਣ ਲਈ ਉਤਸ਼ਾਹਿਤ ਕੀਤਾ ਤਾਂ ਜੋ ਸਮਾਗਮ ਨੂੰ ਯਾਦਗਾਰੀ ਬਣਾਇਆ ਜਾ ਸਕੇ। ਡਾ. ਅਗਰਵਾਲ ਨੇ ਦੱਸਿਆ ਕਿ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਪੰਜਾਬ ਦੇ ਮਾਈਨਜ਼ ਤੇ ਜਿਆਲੋਜੀ, ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਬਰਿੰਦਰ ਕੁਮਾਰ ਗੋਇਲ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ ਅਤੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ।
ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਵੱਖ-ਵੱਖ ਟੁਕੜੀਆਂ ਵੱਲੋਂ ਮਾਰਚ ਪਾਸਟ ਕੀਤਾ ਜਾਵੇਗਾ। ਜਦਕਿ ਵੱਖ-ਵੱਖ ਵਿਭਾਗਾਂ ਵੱਲੋਂ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਨੂੰ ਦਰਸਾਉਂਦੀਆਂ ਝਾਕੀਆਂ ਕੱਢੀਆਂ ਜਾਣਗੀਆਂ। ਇਸ ਤੋਂ ਇਲਾਵਾ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਮਾਸ ਪੀ.ਟੀ. ਸ਼ੋਅ ਤੋਂ ਇਲਾਵਾ ਦੇਸ਼ ਭਗਤੀ ਦੀ ਭਾਵਨਾ ਨਾਲ ਭਰਪੂਰ ਸੱਭਿਆਚਾਰਕ ਸਮਾਗਮ ਪੇਸ਼ ਕੀਤਾ ਜਾਵੇਗਾ। ਡਾ. ਅਗਰਵਾਲ ਨੇ ਦੱਸਿਆ ਕਿ ਸਮਾਗਮ ਦੌਰਾਨ ਦੇਸ਼ ਦੇ ਆਜ਼ਾਦੀ ਸੰਗਰਾਮ ’ਚ ਯੋਗਦਾਨ ਪਾਉਣ ਵਾਲੇ ਆਜ਼ਾਦੀ ਘੁਲਾਟੀਆਂ ਦਾ ਸਨਮਾਨ ਕੀਤਾ ਜਾਵੇਗਾ। ਇਸ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਸ਼ਾਨਦਾਰ ਕਾਰਗੁਜ਼ਾਰੀ ਵਾਲੇ ਅਧਿਕਾਰੀਆਂ/ਮੁਲਾਜ਼ਮਾਂ ਅਤੇ ਵੱਖ-ਵੱਖ ਖੇਤਰਾਂ ਵਿੱਚ ਨਾਮ ਰੋਸ਼ਨ ਕਰਨ ਵਾਲੀਆਂ ਸ਼ਖਸੀਅਤਾਂ ਨੂੰ ਸਨਮਾਨਿਤ ਕਰਨ ਦੇ ਨਾਲ-ਨਾਲ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਸਰਬਉੱਤਮ ਸੱਭਿਆਚਾਰਕ ਪੇਸ਼ਕਾਰੀ ਅਤੇ ਸਰਬਉੱਤਮ ਝਾਕੀ ਨੂੰ ਵੀ ਸਨਮਾਨਿਤ ਕੀਤਾ ਜਾਵੇਗਾ। ਡਿਪਟੀ ਕਮਿਸ਼ਨਰ ਡਾ. ਅਗਰਵਾਲ ਨੇ ਜ਼ਿਲ੍ਹਾ ਵਾਸੀਆਂ ਨੂੰ ਗਣਤੰਤਰ ਦਿਵਸ ਸਮਾਗਮ ਵਿੱਚ ਵੱਡੀ ਗਿਣਤੀ ਵਿਚ ਪੁੱਜਣ ਦਾ ਸੱਦਾ ਵੀ ਦਿੱਤਾ।