ਡੀਸੀ ਤੇ ਸੀਪੀ ਨੇ ਪ੍ਰਗਟ ਉਤਸਵ ਸਮਾਗਮਾਂ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਡਿਪਟੀ ਕਮਿਸ਼ਨਰ ਤੇ ਪੁਲਿਸ ਕਮਿਸ਼ਨਰ ਨੇ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਉਤਸਵ ਸਮਾਗਮਾਂ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ
Publish Date: Mon, 05 Oct 2026 06:29 PM (IST)
Updated Date: Mon, 05 Oct 2026 06:32 PM (IST)
ਕਿਹਾ ਵੱਡੀ ਗਿਣਤੀ ਸ਼ਰਧਾਲੂਆਂ ਦੀ ਸ਼ਮੂਲੀਅਤ ਦੇ ਮੱਦੇਨਜ਼ਰ ਕੀਤੇ ਜਾਣਗੇ ਪੁਖ਼ਤਾ ਪ੍ਰਬੰਧ ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜਲੰਧਰ : ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਤੇ ਪੁਲਿਸ ਕਮਿਸ਼ਨਰ ਸਤਿੰਦਰ ਸਿੰਘ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਉਤਸਵ ਸਮਾਗਮਾਂ ਲਈ ਪੁਖ਼ਤਾ ਪ੍ਰਬੰਧ ਯਕੀਨੀ ਬਣਾਏ ਜਾਣਗੇ ਤਾਂ ਜੋ ਸਮਾਗਮਾਂ ਦੌਰਾਨ ਸ਼ਾਮਲ ਹੋਣ ਵਾਲੇ ਸ਼ਰਧਾਲੂਆਂ ਨੂੰ ਕੋਈ ਦਿੱਕਤ ਪੇਸ਼ ਨਾ ਆਵੇ। ਅੱਜ ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਧਾਰਮਿਕ ਜਥੇਬੰਦੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਤੇ ਪੁਲਿਸ ਕਮਿਸ਼ਨਰ ਨੇ ਭਰੋਸਾ ਦਿੱਤਾ ਕਿ 26 ਅਕਤੂਬਰ ਨੂੰ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਉਤਸਵ ਤੇ ਇਸ ਤੋਂ ਪਹਿਲਾਂ 18 ਅਕਤੂਬਰ ਨੂੰ ਤੀਰਥ ਯਾਤਰਾ ਤੇ 24 ਅਕਤੂਬਰ ਨੂੰ ਕੱਢੀ ਜਾਣ ਵਾਲੀ ਸ਼ੋਭਾ ਯਾਤਰਾ ਦੇ ਮੱਦੇਨਜ਼ਰ ਵਿਆਪਕ ਪ੍ਰਬੰਧ ਕੀਤੇ ਜਾਣਗੇ, ਜਿਸ ਦੇ ਲਈ ਅਧਿਕਾਰੀਆਂ/ਕਰਮਚਾਰੀਆਂ ਦੀਆਂ ਡਿਊਟੀਆਂ ਲਗਾਈਆਂ ਜਾ ਰਹੀਆਂ ਹਨ। ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਭਰੋਸਾ ਦਿਵਾਇਆ ਕਿ ਸਮਾਗਮਾਂ ਨੂੰ ਪੂਰੀ ਧਾਰਮਿਕ ਮਰਿਆਦਾ ਤੇ ਸੁਚੱਜੇ ਢੰਗ ਨਾਲ ਕਰਵਾਉਣ ਲਈ ਪ੍ਰਸ਼ਾਸਨ ਵੱਲੋਂ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ ਤੇ ਸ਼ਰਧਾਲੂਆਂ ਦੀ ਸੁਵਿਧਾ ਦੇ ਮੱਦੇਨਜ਼ਰ ਸਾਰੇ ਲੋੜੀਂਦੇ ਪ੍ਰਬੰਧ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਸ਼ੋਭਾ ਯਾਤਰਾ ਦੌਰਾਨ ਟ੍ਰੈਫਿਕ ਦੇ ਬਦਲਵੇਂ ਰੂਟ, ਸ਼ੋਭਾ ਯਾਤਰਾ ਦੇ ਰੂਟ ’ਤੇ ਸਾਫ-ਸਫਾਈ, ਸਜਾਵਟ, ਢੁੱਕਵੀਆਂ ਮੈਡੀਕਲ ਟੀਮਾਂ ਦੀ ਤਾਇਨਾਤੀ ਸਮੇਤ ਹੋਰ ਲੋੜੀਂਦੇ ਇੰਤਜ਼ਾਮ ਕੀਤੇ ਜਾਣਗੇ, ਤਾਂ ਜੋ ਸ਼ਰਧਾਲੂਆਂ ਨੂੰ ਕੋਈ ਅਸੁਵਿਧਾ ਨਾ ਹੋਵੇ। ਪੁਲਿਸ ਕਮਿਸ਼ਨਰ ਸਤਿੰਦਰ ਸਿੰਘ ਨੇ ਕਿਹਾ ਕਿ ਸਮਾਗਮਾਂ ਦੌਰਾਨ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਤੀਰਥ ਯਾਤਰਾ ਤੇ ਸ਼ੋਭਾ ਯਾਤਰਾ ਦੌਰਾਨ ਆਵਾਜਾਈ ਸੁਚਾਰੂ ਢੰਗ ਨਾਲ ਜਾਰੀ ਰੱਖਣ ਲਈ ਲੋੜੀਂਦੇ ਬੰਦੋਬਸਤ ਵੀ ਯਕੀਨੀ ਬਣਾਏ ਜਾਣਗੇ। ਇਸ ਦੌਰਾਨ ਵੱਖ-ਵੱਖ ਧਾਰਮਿਕ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਵੀ ਆਪਣੇ ਵੱਡਮੁੱਲ਼ੇ ਸੁਝਾਅ ਦਿੱਤੇ। ਮੀਟਿੰਗ ’ਚ ਕਮਿਸ਼ਨਰ ਨਗਰ ਨਿਗਮ ਸੁਰਿੰਦਰ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਜ) ਅਮਨਿੰਦਰ ਕੌਰ, ਡੀਸੀਪੀ ਪਰਮਿੰਦਰ ਸਿੰਘ, ਐੱਸਡੀਐੱਮ ਸ਼ੁਭੀ ਆਂਗਰਾ ਤੇ ਵੱਖ-ਵੱਖ ਧਾਰਮਿਕ ਜਥੇਬੰਦੀਆਂ ਦੇ ਨੁਮਾਇੰਦੇ ਵੀ ਮੌਜੂਦ ਸਨ।