- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਨੇ ਮੁੱਢਲੀ ਸਹਾਇਤਾ, ਸੀਪੀਆਰ ਤੇ ਆਫ਼ਤ ਪ੍ਰਬੰਧਨ ਸਬੰਧੀ ਟ੍ਰੇਨਿੰਗ ਕਰਵਾਈ

-250 ਤੋਂ ਵੱਧ ਵਿਦਿਆਰਥੀਆਂ ਨੇ ਲਿਆ ਹਿੱਸਾ
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜਲੰਧਰ : ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵੱਲੋਂ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਦੀ ਰਹਿਨੁਮਾਈ ਹੇਠ ਅੱਜ ਮੁੱਢਲੀ ਸਹਾਇਤਾ, ਸੀਪੀਆਰ ਤੇ ਆਫ਼ਤ ਪ੍ਰਬੰਧਨ ਸਬੰਧੀ ਇਕ ਦਿਨਾਂ ਟ੍ਰੇਨਿੰਗ ਕਰਵਾਈ ਗਈ। ਇਸ ਟ੍ਰੇਨਿੰਗ ਪ੍ਰੋਗਰਾਮ ’ਚ ਵੱਖ-ਵੱਖ ਵਿੱਦਿਅਕ ਸੰਸਥਾਵਾਂ ਦੇ 250 ਤੋਂ ਵੱਧ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਮਨਿੰਦਰ ਕੌਰ ਵੱਲੋਂ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ ਗਈ। ਉਨ੍ਹਾਂ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੁੱਢਲੀ ਸਹਾਇਤਾ, ਸੀਪੀਆਰ ਤੇ ਆਫ਼ਤ ਪ੍ਰਬੰਧਨ ਸਬੰਧੀ ਜਾਣਕਾਰੀ ਹਰੇਕ ਵਿਅਕਤੀ ਲਈ ਬਹੁਤ ਮਹੱਤਵਪੂਰਣ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਸਿਖ਼ਲਾਈ ਦੌਰਾਨ ਪੂਰੀ ਗੰਭੀਰਤਾ ਨਾਲ ਜਾਣਕਾਰੀ ਹਾਸਲ ਕਰਨ ਲਈ ਪ੍ਰੇਰਿਤ ਕੀਤਾ, ਤਾਂ ਜੋ ਉਹ ਕਿਸੇ ਅਣਸੁਖਾਵੀਂ ਘਟਨਾ ਜਾਂ ਕੁਦਰਤੀ ਆਫ਼ਤ ’ਚ ਜ਼ਖਮੀ ਹੋਏ ਵਿਅਕਤੀ ਦੀ ਮਦਦ ਕਰ ਸਕਣ। ਇਸ ਤੋਂ ਪਹਿਲਾਂ ਸਕੱਤਰ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਡਾ. ਸੁਰਜੀਤ ਲਾਲ ਨੇ ਮੁੱਖ ਮਹਿਮਾਨ ਤੇ ਹੋਰਨਾਂ ਦਾ ਧੰਨਵਾਦ ਕਰਦਿਆਂ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵੱਲੋਂ ਕਰਵਾਈਆਂ ਜਾਂਦੀਆਂ ਗਤੀਵਿਧੀਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਸਿਖ਼ਲਾਈ ਪ੍ਰੋਗਰਾਮ ਦੌਰਾਨ ਸਿਵਲ ਹਸਪਤਾਲ ਦੇ ਡਾਕਟਰ ਡਾ. ਪਿਯੂਸ਼ ਖੰਨਾ ਵੱਲੋਂ ਵਿਦਿਆਰਥੀਆਂ ਨੂੰ ਮੁੱਢਲੀ ਸਹਾਇਤਾ ਤੇ ਸੀਪੀਆਰ ਬਾਰੇ ਟ੍ਰੇਨਿੰਗ ਦਿੱਤੀ ਗਈ। ਜਦਕਿ ਸੁਪਰਡੈਂਟ ਸਿਵਲ ਡਿਫੈਂਸ ਧਰਮਿੰਦਰ ਸਿੰਘ ਤੇ ਸਿਵਲ ਡਿਫੈਂਸ ਦੇ ਇੰਸਟਰਕਟਰ ਗਗਨਦੀਪ ਸਿੰਘ ਵੱਲੋਂ ਕੁਦਰਤੀ ਆਫ਼ਤ ਸਮੇਂ ਸੁਰੱਖਿਆ ਸਬੰਧੀ ਜ਼ਰੂਰੀ ਜਾਣਕਾਰੀ ਦਿੱਤੀ ਗਈ।
ਟ੍ਰੇਨਿੰਗ ਪ੍ਰੋਗਰਾਮ ’ਚ ਲਾਇਲਪੁਰ ਖਾਲਸਾ ਕਾਲਜ, ਲਾਇਲਪੁਰ ਖਾਲਸਾ ਕਾਲਜ ਫਾਰ ਵੁਮੈਨ, ਖਾਲਸਾ ਕਾਲਜ ਲਾਇਲਪੁਰ ਇੰਸਟੀਚਿਊਟ ਆਫ਼ ਲਾਅ, ਡਿਪਸ ਸਕੂਲ ਨੂਰਪੁਰ, ਸੀਟੀ ਇੰਸਟੀਚਿਊਟ ਮਕਸੂਦਾਂ, ਡੇਵੀਏਟ ਜਲੰਧਰ ਤੇ ਇੰਨੋਸੈਂਟ ਹਾਰਟ ਸਕੂਲ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ। ਇਸ ਮੌਕੇ ਲੇਖਾਕਾਰ ਨੇਕ ਰਾਮ, ਸੁਰੇਖਾ ਸ਼ਰਮਾ, ਸੁਨੀਤਾ ਕੁਮਾਰੀ, ਨਰੇਸ਼ ਕੁਮਾਰ, ਬਲਵਿੰਦਰ ਸਿੰਘ ਤੇ ਰੈੱਡ ਕਰਾਸ ਸੁਸਾਇਟੀ ਦਾ ਹੋਰ ਸਟਾਫ਼ ਵੀ ਮੌਜੂਦ ਸੀ।