ਲੋਕ ਮੁੱਲ ਦਾ ਆਟਾ ਖ਼ਰੀਦਣ ਲਈ ਮਜਬੂਰ : ਬੇਰੀ
ਆਮ ਜਨਤਾ ਨੂੰ ਨਹੀ ਮਿਲ ਰਹੀ ਸਰਕਾਰੀ ਕਣਕ, ਲੋਕੀ ਮੁੱਲ ਦਾ ਆਟਾ ਲੈਣ ਲਈ ਮਜਬੂਰ: ਰਜਿੰਦਰ ਬੇਰੀ
Publish Date: Thu, 19 Feb 2026 07:25 PM (IST)
Updated Date: Thu, 19 Feb 2026 07:27 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜਲੰਧਰ : ਇੰਡੀਅਨ ਨੈਸ਼ਨਲ ਕਾਂਗਰਸ ਦੀ ਜ਼ਿਲ੍ਹਾ ਕਾਂਗਰਸ ਕਮੇਟੀ (ਸ਼ਹਿਰੀ) ਦੇ ਪ੍ਰਧਾਨ ਰਜਿੰਦਰ ਬੇਰੀ ਨੇ ਦੋਸ਼ ਲਗਾਇਆ ਹੈ ਕਿ ਪੰਜਾਬ ’ਚ ਆਮ ਲੋਕਾਂ ਨੂੰ ਸਮੇਂ ਸਿਰ ਸਰਕਾਰੀ ਕਣਕ ਨਹੀਂ ਮਿਲ ਰਹੀ, ਜਿਸ ਕਾਰਨ ਉਹ ਮੁੱਲ ਦਾ ਆਟਾ ਖਰੀਦਣ ਲਈ ਮਜਬੂਰ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਦੇ ਦੌਰਾਨ ਲੋੜਵੰਦ ਪਰਿਵਾਰਾਂ ਨੂੰ ਨਿਯਮਿਤ ਤੌਰ ’ਤੇ ਰਾਸ਼ਨ ਮੁਹੱਈਆ ਕਰਵਾਇਆ ਜਾਂਦਾ ਸੀ। ਰਜਿੰਦਰ ਬੇਰੀ ਨੇ ਕਿਹਾ ਕਿ ਡਿਪੂ ਹੋਲਡਰਾਂ ਨੂੰ ਕਈ ਮਹੀਨਿਆਂ ਤੋਂ ਉਨ੍ਹਾਂ ਦੀ ਬਣਦੀ ਕਮਿਸ਼ਨ ਨਹੀਂ ਦਿੱਤੀ ਜਾ ਰਹੀ ਤੇ ਰਾਸ਼ਨ ਕਾਰਡਾਂ ਦੀਆਂ ਪਰਚੀਆਂ ਵੀ ਸਮੇਂ ਸਿਰ ਜਾਰੀ ਨਹੀਂ ਹੋ ਰਹੀਆਂ। ਉਨ੍ਹਾਂ ਦੋਸ਼ ਲਗਾਇਆ ਕਿ ਫੂਡ ਸਪਲਾਈ ਵਿਭਾਗ ਦੇ ਅਧਿਕਾਰੀ ਤੇ ਮੌਜੂਦਾ ਸਰਕਾਰ ਦੇ ਆਗੂ ਇਸ ਗੰਭੀਰ ਮਸਲੇ ਵੱਲ ਧਿਆਨ ਨਹੀਂ ਦੇ ਰਹੇ। ਉਨ੍ਹਾਂ ਹੋਰ ਕਿਹਾ ਕਿ ਪਿਛਲੇ ਚਾਰ ਸਾਲਾਂ ਦੌਰਾਨ ਸਰਕਾਰ ਵੱਲੋਂ ਇਕ ਵੀ ਨਵਾਂ ਨੀਲਾ ਕਾਰਡ ਜਾਰੀ ਨਹੀਂ ਕੀਤਾ ਗਿਆ, ਜਿਸ ਕਾਰਨ ਲੋਕ ਦਫ਼ਤਰਾਂ ਦੇ ਚੱਕਰ ਕੱਟਣ ਲਈ ਮਜਬੂਰ ਹਨ। ਇਸ ਤੋਂ ਇਲਾਵਾ, ਪਹਿਲਾਂ ਬਣੇ ਰਾਸ਼ਨ ਕਾਰਡਾਂ ’ਚ ਪਰਿਵਾਰਿਕ ਮੈਂਬਰਾਂ ਦੇ ਨਾਮ ਦਰਜ ਕਰਨ ’ਚ ਵੀ ਦੇਰੀ ਕੀਤੀ ਜਾ ਰਹੀ ਹੈ। ਪੰਜਾਬ ਦੀ ਆਮ ਜਨਤਾ ਤੇ ਡਿਪੂ ਹੋਲਡਰ ਮੌਜੂਦਾ ਸਰਕਾਰ ਦੀਆਂ ਨੀਤੀਆਂ ਕਾਰਨ ਪਰੇਸ਼ਾਨ ਹਨ ਤੇ ਸਰਕਾਰ ਨੂੰ ਤੁਰੰਤ ਇਸ ਮਸਲੇ ਦਾ ਹੱਲ ਕਰਨਾ ਚਾਹੀਦਾ ਹੈ।