
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਸ੍ਰੀ ਗੁਰੂ ਰਵਿਦਾਸ ਜੀ ਦੀਆਂ ਮਹਾਨ ਸਿੱਖਿਆਵਾਂ ਨੇ ਮਨੁੱਖਤਾ ਨੂੰ ਸੱਚਾ ਰਾਹ ਦਿਖਾਇਆ : ਮੋਹਿੰਦਰ ਭਗਤ

ਸ਼ੈਲੀ, ਪੰਜਾਬੀ ਜਾਗਰਣ, ਜਲੰਧਰ
ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮਹਿੰਦਰ ਭਗਤ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ ਤਹਿਤ ਸਥਾਨਕ ਡੀਏਵੀ ਯੂਨੀਵਰਸਿਟੀ ਵਿਖੇ ‘ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ ਬਾਣੀ ਤੇ ਸਮਾਜਿਕ ਸਮਾਨਤਾ’ ਵਿਸ਼ੇ ’ਤੇ ਕਰਵਾਏ ਗਏ ਸੈਮੀਨਾਰ ’ਚ ਪੁੱਜੇ। ਇਸ ਮੌਕੇ ਉਨ੍ਹਾਂ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ ਪਵਿੱਤਰ ਬਾਣੀ ਸਰਬ ਸਾਂਝੀਵਾਲਤਾ, ਮਨੁੱਖੀ ਬਰਾਬਰੀ, ਸਮਾਜਿਕ ਨਿਆਂ ਤੇ ਸਰਬੱਤ ਦੇ ਭਲੇ ਦਾ ਸੰਦੇਸ਼ ਦਿੰਦੀ ਹੈ, ਜਿਸ ਨੂੰ ਆਪਣੇ ਜੀਵਨ ’ਚ ਅਪਣਾਉਂਦਿਆਂ ਸਾਨੂੰ ਸਭ ਨੂੰ ਆਦਰਸ਼ ਸਮਾਜ ਦੀ ਸਿਰਜਣਾ ’ਚ ਸਰਗਰਮ ਯੋਗਦਾਨ ਪਾਉਣਾ ਚਾਹੀਦਾ ਹੈ।
ਆਪਣੇ ਸੰਬੋਧਨ ਦੌਰਾਨ ਬਾਗਬਾਨੀ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਨੇ ਅਜਿਹੇ ਸਮਾਜ ਦਾ ਸੰਕਲਪ ਦਿੱਤਾ ਹੈ, ਜਿਸ ’ਚ ਕਿਸੇ ਕਿਸਮ ਦਾ ਵਿਤਕਰਾ, ਸ਼ੋਸ਼ਣ ਤੇ ਅਸਮਾਨਤਾ ਨਾ ਹੋਵੇ, ਅਜਿਹਾ ਸਮਾਜ ਜੋ ਬਰਾਬਰੀ, ਨਿਆਂ, ਦਿਆ ਤੇ ਆਪਸੀ ਸਨਮਾਨ ’ਤੇ ਆਧਾਰਿਤ ਹੋਵੇ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਮਹਾਨ ਸਿੱਖਿਆਵਾਂ ਨੇ ਮਨੁੱਖਤਾ ਨੂੰ ਸੱਚਾ ਰਾਹ ਦਿਖਾਇਆ ਤੇ ਉਨ੍ਹਾਂ ਦਾ ਬਰਾਬਰੀ ਵਾਲੇ ਸਮਾਜ ਦਾ ਸੰਕਲਪ ਆਉਣ ਵਾਲੀਆਂ ਪੀੜ੍ਹੀਆਂ ਨੂੰ ਪ੍ਰੇਰਿਤ ਕਰਦਾ ਰਹੇਗਾ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਵੱਡੇ ਪੱਧਰ ’ਤੇ ਮਨਾਉਣ ਲਈ ਵੱਖ-ਵੱਖ ਸਮਾਗਮ ਉਲੀਕੇ ਗਏ ਹਨ।
ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲ ਭਰ ਚੱਲਣ ਵਾਲੇ ਸਮਾਗਮਾਂ ਦੇ ਹਿੱਸੇ ਵਜੋਂ ਡੇਰਾ ਸੱਚਖੰਡ ਬੱਲਾਂ ਨੇੜੇ ਨੌਗੱਜ਼ਾ ਫਰੀਦਪੁਰਾ ਵਿਖੇ 10.4 ਏਕੜ ਰਕਬੇ ’ਚ 37 ਕਰੋੜ ਦੀ ਲਾਗਤ ਨਾਲ ਸ੍ਰੀ ਗੁਰੂ ਰਵਿਦਾਸ ਜੀ ਬਾਣੀ ਅਧਿਐਨ ਕੇਂਦਰ ਦਾ ਨਿਰਮਾਣ ਕੀਤਾ ਜਾ ਰਿਹਾ ਹੈ। ਇਨ੍ਹਾਂ ਸਮਾਗਮਾਂ ਤਹਿਤ ਸੂਬਾ ਸਰਕਾਰ ਵੱਲੋਂ ਜਿਥੇ ਵਿੱਦਿਅਕ ਸੰਸਥਾਵਾਂ ’ਚ ਸੈਮੀਨਾਰ ਕਰਵਾ ਕੇ ਨੌਜਵਾਨ ਪੀੜ੍ਹੀ ਨੂੰ ਗੁਰੂ ਜੀ ਦੇ ਜੀਵਨ, ਫਲਸਫੇ ਤੇ ਸਿੱਖਿਆਵਾਂ ਤੋਂ ਜਾਣੂ ਕਰਵਾਇਆ ਜਾ ਰਿਹਾ ਹੈ ਉਥੇ ਵੱਖ-ਵੱਖ ਥਾਵਾਂ ’ਤੇ ਕੀਰਤਨ ਦਰਬਾਰ ਵੀ ਕਰਵਾਏ ਜਾ ਰਹੇ ਹਨ। ਇਸ ਤੋਂ ਇਲਾਵਾ ਵਿਸ਼ੇਸ਼ ਮੋਬਾਇਲ ਵੈਨਾਂ ਰਾਹੀਂ ਸੂਬੇ ਦੇ ਪਿੰਡਾਂ ’ਚ ਗੁਰੂ ਜੀ ਦੇ ਜੀਵਨ ਤੇ ਸਿੱਖਿਆਵਾਂ ’ਤੇ ਆਧਾਰਿਤ ਵਿਸ਼ੇਸ਼ ਡਾਕੂਮੈਂਟਰੀ ਵੀ ਦਿਖਾਈ ਜਾ ਰਹੀ ਹੈ। ਵਿਦਿਆਰਥੀਆਂ ਨੂੰ ਸ੍ਰੀ ਗੁਰੂ ਰਵਿਦਾਸ ਮਹਾਰਾਜ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ’ਚ ਅਪਨਾਉਣ ਦਾ ਸੱਦਾ ਦਿੰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਗੁਰੂ ਜੀ ਵੱਲੋਂ ਦਰਸਾਏ ਮਾਰਗ ’ਤੇ ਚੱਲਦਿਆਂ ਮਨੁੱਖਤਾ ਦੀ ਭਲਾਈ ਲਈ ਵਧ-ਚੜ੍ਹ ਕੇ ਅੱਗੇ ਆਉਣਾ ਚਾਹੀਦਾ ਹੈ।
ਡੇਰਾ ਸੰਤ ਪ੍ਰੀਤਮ ਦਾਸ ਜੀ ਬਾਬੇ ਜੋੜੇ ਤੋਂ ਵਿਸ਼ੇਸ਼ ਤੌਰ ’ਤੇ ਪੁੱਜੇ ਭੈਣ ਸੰਤੋਸ਼ ਨੇ ਸੈਮੀਨਾਰ ਦੌਰਾਨ ਸੰਬੋਧਨ ਕਰਦਿਆਂ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਗੁਰੂ ਜੀ ਦੀਆਂ ਸਿੱਖਿਆਵਾਂ ਦਾ ਅਧਿਐਨ ਕਰਨ ਦੀ ਅਪੀਲ ਵੀ ਕੀਤੀ। ਡੇਰਾ ਸੰਤ ਪ੍ਰੀਤਮ ਦਾਸ ਜੀ ਬਾਬੇ ਜੋੜੇ ਰਾਏਪੁਰ-ਰਸੂਲਪੁਰ ਤੋਂ ਸੰਤ ਨਿਰਮਲ ਦਾਸ ਜੀ ਨੇ ਸੰਬੋਧਨ ਕਰਦਿਆਂ ਗੁਰੂ ਜੀ ਦੇ ਸਮਾਨਤਾ, ਕਿਰਤ, ਭਾਈਚਾਰੇ ਤੇ ਸਰਬ ਸਾਂਝੀਵਾਲਤਾ ਦੇ ਸੰਦੇਸ਼ ’ਤੇ ਚਾਨਣਾ ਪਾਇਆ। ਉਨ੍ਹਾਂ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀਆਂ ਮਹਾਨ ਸਿੱਖਿਆਵਾਂ ਤੇ ਉਪਦੇਸ਼ਾਂ ਨੂੰ ਨੌਜਵਾਨ ਪੀੜ੍ਹੀ ਤੱਕ ਪਹੁੰਚਾਉਣ ਲਈ ਕੀਤੇ ਜਾ ਰਹੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ। ਸੰਤ ਪ੍ਰਦੀਪ ਦਾਸ ਜੀ, ਡੇਰਾ ਕਠਾਰ ਨੇ ਨੌਜਵਾਨਾਂ ਨੂੰ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀਆਂ ਸਦੀਵੀਂ ਸਿੱਖਿਆਵਾਂ ਤੋਂ ਪ੍ਰੇਰਨਾ ਲੈ ਕੇ ਸਮਾਜਿਕ ਸਦਭਾਵਨਾ ਤੇ ਸਮਾਨਤਾ ਨੂੰ ਹੋਰ ਮਜ਼ਬੂਤ ਕਰਨ ਲਈ ਕਿਹਾ।
ਸ੍ਰੀ ਗੁਰੂ ਨਾਨਕ ਦੇਵ ਯੁਨੀਵਰਸਿਟੀ ਤੋਂ ਪੁੱਜੇ ਪੰਜਾਬੀ ਵਿਭਾਗ ਦੇ ਮੁਖੀ ਪ੍ਰੋ. ਮਨਜਿੰਦਰ ਸਿੰਘ ਨੇ ਮੁੱਖ ਭਾਸ਼ਣ ਦਿੰਦਿਆਂ ਸ੍ਰੀ ਗੁਰੂ ਰਵਿਦਾਸ ਜੀ ਦੀ ਬਾਣੀ ਤੇ ਸਮਾਜਿਕ ਬਰਾਬਰੀ ਦੀ ਵਿਆਖਿਆ ਕੀਤੀ। ਉਨ੍ਹਾਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ ਵਿਚਾਰਧਾਰਾ ਦੀ ਆਧੁਨਿਕ ਸਮਾਜ ’ਚ ਡੂੰਘੀ ਪ੍ਰਸੰਗਿਕਤਾ ’ਤੇ ਚਾਨਣਾ ਪਾਇਆ। ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਮਨੋਜ ਕੁਮਾਰ ਵੱਲੋਂ ਮੁੱਖ ਮਹਿਮਾਨ ਤੇ ਹੋਰਨਾਂ ਮਹਿਮਾਨਾਂ ਦਾ ਸੈਮੀਨਾਰ ’ਚ ਪੁੱਜਣ ’ਤੇ ਨਿੱਘਾ ਸਵਾਗਤ ਕੀਤਾ ਗਿਆ। ਇਸ ਦੌਰਾਨ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ ਤੇ ਸਿੱਖਿਆਵਾਂ ’ਤੇ ਆਧਾਰਿਤ ਕਰਵਾਏ ਗਏ ਲੇਖ ਤੇ ਪੋਸਟਰ ਮੇਕਿੰਗ ਮੁਕਾਬਲਿਆਂ ਦੇ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ। ਅਖੀਰ ਵਿੱਚ ਯੂਨੀਵਰਸਿਟੀ ਦੇ ਰਜਿਸਟਰਾਰ ਐੱਸ.ਕੇ. ਅਰੋੜਾ ਵੱਲੋਂ ਮੁੱਖ ਮਹਿਮਾਨ ਤੇ ਹੋਰਨਾਂ ਸ਼ਖਸੀਅਤਾਂ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਐੱਸਡੀਐੱਮ ਸ਼ਾਇਰੀ ਮਲਹੋਤਰਾ, ਪੰਜਾਬੀ ਲੋਕ ਗਾਇਕ ਦਲਵਿੰਦਰ ਦਿਆਲਪੁਰੀ, ਯੂਨੀਵਰਸਿਟੀ ਦੇ ਫੈਕਲਟੀ ਮੈਂਬਰ ਤੇ ਵਿਦਿਆਰਥੀ ਵੀ ਮੌਜੂਦ ਸਨ।