- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
1 ਅਕਤੂਬਰ ਤੋਂ ਮਾਵਾਂ-ਭੈਣਾਂ ਦੇ ਖਾਤਿਆਂ ’ਚ ਮੁੜ ਜਮ੍ਹਾਂ ਹੋਵੇਗੀ ਸਨਮਾਨ ਰਾਸ਼ੀ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜਲੰਧਰ : ਪੰਜਾਬ ਸਰਕਾਰ ਵੱਲੋਂ ਔਰਤਾਂ ਲਈ ਚਲਾਈ ਜਾ ਰਹੀ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ 1 ਅਕਤੂਬਰ ਤੋਂ ਮੁੜ ਵਿੱਤੀ ਸਹਾਇਤਾ ਦੀ ਰਾਸ਼ੀ ਯੋਗ ਲਾਭਪਾਤਰੀਆਂ ਦੇ ਬੈਂਕ ਖਾਤਿਆਂ ’ਚ ਜਮ੍ਹਾਂ ਕਰਵਾਈ ਜਾਵੇਗੀ। ਇਸ ਸਬੰਧੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਐਲਾਨ ਕੀਤੇ ਜਾਣ ਦੀ ਜਾਣਕਾਰੀ ਸਾਂਝੀ ਕਰਦਿਆਂ ਜਲੰਧਰ ਪਲੈਨਿੰਗ ਬੋਰਡ ਦੇ ਚੇਅਰਮੈਨ ਅੰਮ੍ਰਿਤਪਾਲ ਸਿੰਘ ਨੇ ਕਿਹਾ ਕਿ ਇਸ ਨਾਲ ਤਿਉਹਾਰਾਂ ਮੌਕੇ ਮਾਵਾਂ-ਭੈਣਾਂ ਨੂੰ ਵਿੱਤੀ ਸਹਾਇਤਾ ਮਿਲੇਗੀ। ਉਨ੍ਹਾਂ ਕਿਹਾ ਕਿ ਉਪਲਬਧ ਜਾਣਕਾਰੀ ਅਨੁਸਾਰ ਆਮ ਸ਼੍ਰੇਣੀ ਦੀਆਂ ਯੋਗ ਔਰਤਾਂ ਨੂੰ ਤਿੰਨ ਮਹੀਨਿਆਂ ਲਈ 3,000 ਰੁਪਏ ਤੇ ਅਨੁਸੂਚਿਤ ਜਾਤੀ ਨਾਲ ਸਬੰਧਤ ਯੋਗ ਔਰਤਾਂ ਨੂੰ 4,500 ਰੁਪਏ ਦੀ ਰਾਸ਼ੀ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਵਿੱਤੀ ਸਹਾਇਤਾ ਔਰਤਾਂ ਨੂੰ ਆਪਣੇ ਘਰੇਲੂ ਖਰਚਿਆਂ ’ਚ ਸਹਿਯੋਗ ਦੇਣ ਦੇ ਨਾਲ-ਨਾਲ ਉਨ੍ਹਾਂ ਨੂੰ ਆਰਥਿਕ ਤੌਰ ’ਤੇ ਮਦਦ ਮੁਹੱਈਆ ਕਰਵਾਉਣ ਲਈ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਰਾਸ਼ੀ ਸਿੱਧੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ ’ਚ ਭੇਜਣ ਦੀ ਵਿਵਸਥਾ ਕੀਤੀ ਗਈ ਹੈ। ਉਨ੍ਹਾਂ ਅਨੁਸਾਰ ਯੋਗ ਲਾਭਪਾਤਰੀਆਂ ਤੱਕ ਸਰਕਾਰੀ ਯੋਜਨਾਵਾਂ ਦਾ ਲਾਭ ਪਹੁੰਚਾਉਣਾ ਸਰਕਾਰ ਦੀ ਤਰਜ਼ੀਹ ਹੈ। ਉਨ੍ਹਾਂ ਕਿਹਾ ਕਿ 1 ਅਕਤੂਬਰ ਤੋਂ ਲਾਭਪਾਤਰੀਆਂ ਦੇ ਮੋਬਾਈਲ ਫੋਨਾਂ ’ਤੇ ਰਾਸ਼ੀ ਬੈਂਕ ਖਾਤੇ ’ਚ ਜਮ੍ਹਾਂ ਹੋਣ ਸਬੰਧੀ ਸੁਨੇਹੇ ਆਉਣਗੇ। ਉਨ੍ਹਾਂ ਕਿਹਾ ਕਿ ਤਿਉਹਾਰਾਂ ਦੇ ਮੌਕੇ ਮਿਲਣ ਵਾਲੀ ਇਹ ਵਿੱਤੀ ਸਹਾਇਤਾ ਮਾਵਾਂ-ਭੈਣਾਂ ਲਈ ਰਾਹਤ ਦਾ ਕਾਰਨ ਬਣੇਗੀ।