ਸੜਕ ਸੁਰੱਖਿਆ ਕਮੇਟੀ ਦੀ ਮੀਟਿੰਗ ਦੌਰਾਨ ਉਠਿਆ ਓਵਰ ਲੋਡਿੰਗ, ਤੇਜ਼ ਰਫ਼ਤਾਰੀ ਤੇ ਡਰੰਕ ਡਰਾਈਵਿੰਗ ਦਾ ਮੁੱਦਾ

-ਸੜਕ ਸੁਰੱਖਿਆ ਕਮੇਟੀ ਦੀ ਮੀਟਿੰਗ ’ਚ ਲਾਪਰਵਾਹੀ ਕਾਰਨ ਵਾਪਰਨ ਵਾਲੇ ਹਾਦਸਿਆਂ ’ਤੇ ਪ੍ਰਗਟਾਈ ਚਿੰਤਾ
ਅਜਿਹੇ ਵਾਹਨ ਚਾਲਕਾਂ ਖਿਲਾਫ਼ ਸਖ਼ਤ ਤੋਂ ਸਖ਼ਤ ਕਰਵਾਈ ਅਮਲ ’ਚ ਲਿਆਂਦੀ ਜਾਵੇ- ਬਲਬੀਰ ਰਾਜ ਸਿੰਘ
ਡਿਪਟੀ ਚੀਫ ਰਿਪੋਰਟਰ, ਪੰਜਾਬੀ ਜਾਗਰਣ, ਜਲੰਧਰ-ਸ਼ੁੱਕਰਵਾਰ ਨੂੰ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ’ਚ ਜ਼ਿਲ੍ਹਾ ਪੱਧਰੀ ਸੜਕ ਸੁਰੱਖਿਆ ਕਮੇਟੀ ਦੀ ਮੀਟਿੰਗ ਦੌਰਾਨ ਵਾਹਨਾਂ ਦੀ ਓਵਰ ਲੋਡਿੰਗ ਵਿਸ਼ੇਸ਼ ਕਰਕੇ ਵਾਹਨਾਂ ਤੋਂ ਬਾਹਰ ਕਈ-ਕਈ ਫੁੱਟ ਲੋਹੇ ਦਾ ਸਾਮਾਨ ਕੱਢਣ, ਓਵਰ ਸਪੀਡ ਅਤੇ ਸ਼ਰਾਬ ਪੀ ਕੇ ਵਾਹਨ ਚਲਾਉਣ ਦਾ ਮੁੱਦਾ ਕਮੇਟੀ ਮੈਂਬਰਾਂ ਵੱਲੋਂ ਪ੍ਰਮੁੱਖਤਾ ਨਾਲ ਚੁੱਕਿਆ ਗਿਆ। ਇਸ ਦੇ ਨਾਲ ਅਜਿਹੇ ਗੈਰ-ਜ਼ਿੰਮਵਾਰ ਲੋਕਾਂ ਕਾਰਨ ਵਾਪਰਨ ਵਾਲੇ ਹਾਦਸਿਆਂ ’ਤੇ ਚਿੰਤਾ ਜ਼ਾਹਰ ਕਰਦਿਆਂ ਸਖਤੀ ਵਰਤਣ ਦੀ ਮੰਗ ਕੀਤੀ ਗਈ। ਇਸ ’ਤੇ ਸਕੱਤਰ ਰੀਜਨਲ ਟਰਾਂਸਪੋਰਟ ਅਥਾਰਟੀ ਬਲਬੀਰ ਰਾਜ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਓਵਰ ਲੋਡਿੰਗ ਤੇ ਨਿਸ਼ਚਿਤ ਗਤੀ ਤੋਂ ਤੇਜ਼ ਅਤੇ ਸ਼ਰਾਬ ਪੀ ਕੇ ਵਾਹਨ ਚਲਾਉਣ ਵਾਲਿਆਂ ਖਿਲਾਫ਼ ਸ਼ਖਤ ਤੋਂ ਸਖ਼ਤ ਕਾਰਵਾਈ ਕਰਦਿਆਂ ਚਲਾਨ ਕੱਟੇ ਜਾਣ ਤਾਂ ਜੋ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ। ਆਰਟੀਏ ਨੇ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਜ਼ਿਲ੍ਹੇ ’ਚ ਸੇਫ਼ ਸਕੂਲ ਵਾਹਨ ਪਾਲਿਸੀ ਨੂੰ ਹੋਰ ਵੀ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਵਿਦਿਆਰਥੀਆਂ ਨੂੰ ਸਕੂਲ ਲੈ ਕੇ ਜਾਣ ਵਾਲੇ ਵਾਹਨਾਂ ਦੀ ਬਾਰੀਕੀ ਨਾਲ ਜਾਂਚ ਨੂੰ ਵੀ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਸੁਰੱਖਿਅਤ ਘਰ ਪਹੁੰਚਾਉਣ ਦੀ ਜ਼ਿੰਮੇਵਾਰੀ ਸਕੂਲ ਮੈਨੇਜਮੈਂਟ ਦੀ ਹੈ, ਇਸ ਲਈ ਮੈਨੇਜਮੈਂਟ ਦੀ ਇਹ ਨੈਤਿਕ ਜ਼ਿੰਮੇਵਾਰੀ ਬਣਦੀ ਹੈ ਕਿ ਸੇਫ਼ ਸਕੂਲ ਵਾਹਨ ਪਾਲਿਸੀ ਤਹਿਤ ਨਿਰਧਾਰਿਤ ਮਾਪਦੰਡਾਂ ਅਨੁਸਾਰ ਲੋੜੀਂਦੇ ਦਸਤਾਵੇਜ਼ ਮੁਕੰਮਲ ਰੱਖਣ ਨੂੰ ਯਕੀਨੀ ਬਣਾਉਣ।
ਉਨ੍ਹਾਂ ਇਹ ਵੀ ਕਿਹਾ ਕਿ ਸੰਡੇ ਮਾਰਕਿਟ ਦੌਰਾਨ ਲੋਕਾਂ ਦੀ ਜ਼ਿਆਦਾ ਭੀੜ ਹੋਣ ਕਰਕੇ ਐਂਬੂਲੈਂਸ ਦੇ ਲੰਘਣ ਵਿੱਚ ਬਹੁਤ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਮਰੀਜ਼ਾਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਐਂਬੂਲੈਂਸ ਸਮਰਪਿਤ ਕੋਰੀਡੋਰ ਬਣਾਇਆ ਜਾਵੇ ਤਾਂ ਜੋ ਮਰੀਜ਼ਾਂ ਨੂੰ ਕਿਸੇ ਕਿਸਮ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਾਵੇ। ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਸੜਕੀ ਦੁਰਘਟਨਾਵਾਂ ਤੋਂ ਲੋਕਾਂ ਨੂੰ ਬਚਾਉਣ ਲਈ ਸਰਦੀਆ ਦੌਰਾਨ ਧੁੰਦਾਂ ਤੋਂ ਪਹਿਲਾਂ-ਪਹਿਲਾਂ ਜ਼ਿਲ੍ਹੇ ਦੇ ਬਲਾਕ ਸਪਾਟਾਂ ਨੂੰ ਦਰੁਸਤ ਕੀਤਾ ਜਾਵੇ। ਉਨ੍ਹਾਂ ਟ੍ਰੈਫਿਕ ਪੁਲਿਸ ਨੂੰ ਕਿਹਾ ਕਿ ਧੁੰਦ ਦੇ ਸਮੇਂ ਦੌਰਾਨ ਸੁਰੱਖਿਅਤ ਵਾਹਨ ਚਲਾਉਣ ਅਤੇ ਐਮਰਜੈਂਸੀ ਲਾਈਟਾਂ ਦੀ ਵਰਤੋਂ ਕਰਨ ਅਤੇ ਘੱਟ ਵਿਜੀਬਿਲਟੀ ਦੌਰਾਨ ਹੌਲੀ ਗੱਡੀ ਚਲਾਉਣ ਪ੍ਰਤੀ ਵਿਸ਼ੇਸ਼ ਜਾਗਰੂਕਤਾ ਮੁਹਿੰਮਾਂ ਚਲਾਈਆਂ ਜਾਣ। ਕਮੇਟੀ ਦੇ ਮੈਂਬਰ ਸੁਰਿੰਦਰ ਸੈਣੀ ਨੇ ਦੱਸਿਆ ਕਿ ਮੀਟਿੰਗ ਦੌਰਾਨ ਸੜਕੀ ਸੁਰੱਖਿਆ ਨੂੰ ਵਧਾਉਣ ਲਈ ਵਾਹਨਾਂ ’ਤੇ ਧੁੰਦ ਵਾਲੀਆਂ ਲਾਈਟਾਂ ਲਾਉਣ ਅਤੇ ਸੜਕਾਂ ਉਤੇ ਲਾਵਾਰਸ ਪਸ਼ੂਆਂ ਦੀ ਰੋਕਥਾਮ ਦੀ ਲੋੜ ’ਤੇ ਜ਼ੋਰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਵਿਸ਼ੇਸ਼ ਕਰਕੇ ਵਾਹਨਾਂ ਤੋਂ ਬਾਹਰ ਲਟਕਦੇ ਸਰੀਏ, ਗਾਰਡਰ ਤੇ ਪਾਈਪਾਂ ਨਾਲ ਹੋਣ ਵਾਲੇ ਹਾਦਸੇ ਰੋਕਣ ਲਈ ਸਖਤੀ ਵਰਤਣ ਦੀ ਮੰਗ ਕੀਤੀ ਗਈ। ਇਸ ਮੌਕੇ ਆਰਟੀਓ ਅਮਨਪ੍ਰੀਤ ਸਿੰਘ ਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਤੋਂ ਇਲਾਵਾ ਜ਼ਿਲ੍ਹਾ ਪੱਧਰੀ ਸੜਕ ਸੁਰੱਖਿਆ ਕਮੇਟੀ ਦੇ ਮੈਂਬਰ ਵੀ ਹਾਜ਼ਰ ਸਨ।