ਮਨੁੱਖੀ ਅਧਿਕਾਰ ਕਮਿਸ਼ਨ ਦਾ ਟੀਚਾ ਹੱਕਾਂ ਦੀ ਸੁਰੱਖਿਆ ਯਕੀਨੀ ਬਣਾਉਣਾ : ਕਾਨੂੰਨਗੋ
ਮਾਨਵ ਅਧਿਕਾਰ ਕਮਿਸ਼ਨ ਦਾ ਉਦੇਸ਼ ਨਾਗਰਿਕਾਂ ਦੇ ਮਾਨਵ ਅਧਿਕਾਰਾਂ ਦੀ ਸੁਰੱਖਿਆ ਯਕੀਨੀ ਬਣਾਉਣਾ : ਪ੍ਰਿਆਂਕ ਕਾਨੂਨਗੋ
Publish Date: Mon, 09 Mar 2026 10:53 PM (IST)
Updated Date: Mon, 09 Mar 2026 10:57 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜਲੰਧਰ : ਨੈਸ਼ਨਲ ਹਿਉਮਨ ਰਾਈਟਸ ਕਮਿਸ਼ਨ ਆਫ ਇੰਡੀਆ ਦੇ ਮੈਂਬਰ ਪ੍ਰਿਆਂਕ ਕਾਨੂੰਨਗੋ ਨੇ ਸੋਮਵਾਰ ਨੂੰ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਮਨੁੱਖੀ ਅਧਿਕਾਰਾਂ ਤੇ ਭਲਾਈ ਨਾਲ ਸਬੰਧਤ ਵੱਖ-ਵੱਖ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਇੱਥੇ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ’ਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਉਨ੍ਹਾਂ ਨੇ ਕਿਹਾ ਕਿ ਕਮਿਸ਼ਨ ਹਰ ਵਰਗ ਦੇ ਮਨੁੱਖੀ ਅਧਿਕਾਰਾਂ ਦੀ ਰੱਖਿਆ ਲਈ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਕਮਿਸ਼ਨ ਦਾ ਮੁੱਖ ਉਦੇਸ਼ ਹਰ ਵਰਗ ਦੇ ਨਾਗਰਿਕਾਂ ਦੇ ਮਨੁੱਖੀ ਹੱਕਾਂ ਦੀ ਸੁਰੱਖਿਆ ਯਕੀਨੀ ਬਣਾਉਣਾ ਹੈ। ਇਸ ਮੌਕੇ ਉਨ੍ਹਾਂ ਨਾਲ ਨਗਰ ਨਿਗਮ ਜਲੰਧਰ ਦੇ ਕਮਿਸ਼ਨਰ ਸੰਦੀਪ ਰਿਸ਼ੀ ਤੇ ਐਡੀਸ਼ਨਲ ਡਿਪਟੀ ਕਮਿਸ਼ਨਰ (ਗ੍ਰਾਮੀਣ ਵਿਕਾਸ) ਦਿਵਿਆ ਪੀਵੀ ਵੀ ਮੌਜੂਦ ਸਨ। ਉਨ੍ਹਾਂ ਨੇ ਜ਼ਿਲ੍ਹੇ ’ਚ ਪ੍ਰੋਟੈਕਸ਼ਨ ਆਫ ਚੀਲਡਰਨ ਫਰੋਮ ਸੈਕਸੂਅਲ ਓਫੈਂਸ ਐਕਟ ਤਹਿਤ ਦਰਜ ਮਾਮਲਿਆਂ ਦਾ ਜਾਇਜ਼ਾ ਲਿਆ ਤੇ ਬੱਚਿਆਂ ਦੀ ਸੁਰੱਖਿਆ, ਦੇਖਭਾਲ ਤੇ ਉਨ੍ਹਾਂ ਦੇ ਅਧਿਕਾਰਾਂ ਦੀ ਰੱਖਿਆ ਯਕੀਨੀ ਬਣਾਉਣ ’ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਬਾਲ ਸੁਰੱਖਿਆ ਕਮੇਟੀ ਨੂੰ ਨਸ਼ੇ ਦੀ ਆਦੀ ਹੋ ਚੁੱਕੇ ਬੱਚਿਆਂ ਦੇ ਪੁਨਰਵਾਸ ਲਈ ਆਊਟਰੀਚ ਪ੍ਰੋਗਰਾਮ ਚਲਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਅਜਿਹੇ ਬੱਚਿਆਂ ਦੀ ਪਛਾਣ ਕਰਕੇ ਉਨ੍ਹਾਂ ਦੇ ਪੁਨਰਵਾਸ ਲਈ ਲੋੜੀਂਦੇ ਕਦਮ ਚੁੱਕੇ ਜਾਣ ਤਾਂ ਜੋ ਉਨ੍ਹਾਂ ਨੂੰ ਮੁੜ ਸਧਾਰਣ ਜੀਵਨ ਨਾਲ ਜੋੜਿਆ ਜਾ ਸਕੇ ਅਤੇ ਉਨ੍ਹਾਂ ਦੇ ਵਿਕਾਸ ਨੂੰ ਯਕੀਨੀ ਬਣਾਇਆ ਜਾ ਸਕੇ। ਮੀਟਿੰਗ ਦੌਰਾਨ ਉਨ੍ਹਾਂ ਨੇ ਆਜੀਵਿਕਾ ਮਿਸ਼ਨ ਤਹਿਤ ਔਰਤਾਂ ਦੇ ਸੈਲਫ ਹੈਲਪ ਗਰੁੱਪਾਂ ਬਾਰੇ ਵੀ ਜਾਣਕਾਰੀ ਹਾਸਲ ਕੀਤੀ। ਕਮਿਸ਼ਨ ਦੇ ਮੈਂਬਰ ਨੇ ਕੂੜਾ ਇਕੱਠਾ ਕਰਨ ਤੇ ਸੈਗਰੇਗੇਸ਼ਨ ਦੇ ਕੰਮ ਨਾਲ ਜੁੜੀਆਂ ਔਰਤਾਂ ਦੇ ਵੀ ਸਵੈ-ਸਹਾਇਤਾ ਸਮੂਹ ਬਣਾਉਣ ਦੇ ਨਿਰਦੇਸ਼ ਦਿੱਤੇ, ਤਾਂ ਜੋ ਉਨ੍ਹਾਂ ਨੂੰ ਆਰਥਿਕ ਤੌਰ ‘ਤੇ ਮਜ਼ਬੂਤ ਕੀਤਾ ਜਾ ਸਕੇ। ਇਸ ਤੋਂ ਇਲਾਵਾ ਉਨ੍ਹਾਂ ਨੇ ਪੀਐੱਮ ਵਿਸ਼ਵਕਰਮਾ ਸਕੀਮ, ਨਮਸਤੇ ਸਕੀਮ, ਮੈਨਟਲ ਹੈਲਥ ਪ੍ਰੋਗਰਾਮ, ਰਾਸ਼ਟਰੀ ਬਾਲ ਸਿਹਤ ਪ੍ਰੋਗਰਾਮ, ਪ੍ਰੀ ਤੇ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਤੇ ਆਯੂਸ਼ਮਾਨ ਭਾਰਤ ਬਾਰੇ ਵੀ ਵਿਸਥਾਰ ਨਾਲ ਜਾਣਕਾਰੀ ਲਈ ਤੇ ਅਧਿਕਾਰੀਆਂ ਨੂੰ ਜ਼ਰੂਰੀ ਹਦਾਇਤਾਂ ਦਿੱਤੀਆਂ। ਐਡੀਸ਼ਨਲ ਡਿਪਟੀ ਕਮਿਸ਼ਨਰ ਦਿਵਿਆ ਪੀ ਨੇ ਜ਼ਿਲ੍ਹੇ ਵਿੱਚ ਚੱਲ ਰਹੀਆਂ ਭਲਾਈ ਯੋਜਨਾਵਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਭਰੋਸਾ ਦਿਵਾਇਆ ਕਿ ਜ਼ਿਲ੍ਹਾ ਵਾਸੀਆਂ ਨੂੰ ਪਾਰਦਰਸ਼ੀ ਪ੍ਰਸ਼ਾਸਨ ਮੁਹੱਈਆ ਕਰਵਾਇਆ ਜਾ ਰਿਹਾ ਹੈ ਅਤੇ ਮਨੁੱਖੀ ਅਧਿਕਾਰਾਂ ਨੂੰ ਤਰਜੀਹ ਦੇਣ ਵਿੱਚ ਕੋਈ ਕਸਰ ਨਹੀਂ ਛੱਡੀ ਜਾ ਰਹੀ। ਮੀਟਿੰਗ ’ਚ ਸਿਵਲ ਸਰਜਨ ਡਾ. ਰਾਜੇਸ਼ ਗਰਗ, ਡਿਪਟੀ ਡਾਇਰੈਕਟਰ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਨੀਲਮ ਮਹੇ, ਜ਼ਿਲ੍ਹਾ ਪ੍ਰੋਗਰਾਮ ਅਧਿਕਾਰੀ ਮਨਜਿੰਦਰ ਸਿੰਘ, ਜ਼ਿਲ੍ਹਾ ਬਾਲ ਸੁਰੱਖਿਆ ਅਧਿਕਾਰੀ ਅਜੈ ਭਾਰਤੀ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।