- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
2027 ’ਚ ਮੁੜ ਬਣੇਗੀ ਆਮ ਆਦਮੀ ਪਾਰਟੀ ਦੀ ਸਰਕਾਰ

ਤੇਜਿੰਦਰ ਕੌਰ ਥਿੰਦ, ਪੰਜਾਬੀ ਜਾਗਰਣ, ਜਲੰਧਰ : ਆਮ ਆਦਮੀ ਪਾਰਟੀ ਦੇ ਸਥਾਪਨਾ ਦਿਵਸ 26 ਨਵੰਬਰ ਦੇ ਮੌਕੇ 'ਤੇ ਪਾਰਟੀ ਵੱਲੋਂ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਨੂੰ ਹੋਰ ਤੇਜ਼ ਕੀਤਾ ਜਾ ਰਿਹਾ ਹੈ। ਇਸ ਸਬੰਧੀ ਪੰਜਾਬ ਦੇ ਕੈਬਨਿਟ ਮੰਤਰੀ ਮੋਹਿੰਦਰ ਭਗਤ ਤੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਜਲੰਧਰ ਸ਼ਹਿਰੀ ਅੰਮ੍ਰਿਤਪਾਲ ਸਿੰਘ ਨੇ ਵਿਸ਼ਵਾਸ ਜਤਾਇਆ ਕਿ ਪੰਜਾਬ ’ਚ 2027 ਦੌਰਾਨ ਮੁੜ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ, ਕਿਉਂਕਿ ਪੰਜਾਬ ਦੇ ਲੋਕ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਦੇ ਲੋਕ-ਪੱਖੀ ਕੰਮਾਂ ਤੋਂ ਸੰਤੁਸ਼ਟ ਹਨ। ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਆਪਣੇ ਕਾਰਜਕਾਲ ਦੌਰਾਨ ਆਮ ਲੋਕਾਂ ਦੀ ਜ਼ਿੰਦਗੀ ਬਿਹਤਰ ਬਣਾਉਣ ਲਈ ਇਤਿਹਾਸਕ ਫੈਸਲੇ ਲਏ ਹਨ।
ਜ਼ਿਲ੍ਹਾ ਪ੍ਰਧਾਨ ਜਲੰਧਰ ਸ਼ਹਿਰੀ ਅੰਮ੍ਰਿਤਪਾਲ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਭ ਤੋਂ ਵੱਡੀ ਤਾਕਤ ਪੰਜਾਬ ਦੇ ਆਮ ਲੋਕ ਹਨ। ਪਾਰਟੀ ਨੇ ਰਵਾਇਤੀ ਰਾਜਨੀਤੀ ਨੂੰ ਬਦਲਦੇ ਹੋਏ ਆਮ ਪਰਿਵਾਰਾਂ, ਨੌਜਵਾਨਾਂ, ਕਿਸਾਨਾਂ ਤੇ ਔਰਤਾਂ ਦੀਆਂ ਉਮੀਦਾਂ ਨੂੰ ਪਹਿਲ ਦਿੱਤੀ ਹੈ। ਪੰਜਾਬ ਸਰਕਾਰ ਵੱਲੋਂ ਸਿੱਖਿਆ, ਸਿਹਤ, ਰੁਜ਼ਗਾਰ ਤੇ ਬੁਨਿਆਦੀ ਢਾਂਚੇ ਦੇ ਖੇਤਰ ’ਚ ਕੀਤੇ ਜਾ ਰਹੇ ਕੰਮਾਂ ਦਾ ਲਾਭ ਆਮ ਲੋਕਾਂ ਤੱਕ ਪਹੁੰਚ ਰਿਹਾ ਹੈ। ਉਨ੍ਹਾਂ ਵਿਸ਼ਵਾਸ ਜਤਾਇਆ ਕਿ 2027 ਦੀਆਂ ਵਿਧਾਨ ਸਭਾ ਚੋਣਾਂ ’ਚ ਆਮ ਆਦਮੀ ਪਾਰਟੀ ਆਪਣੇ ਵਿਕਾਸ ਕਾਰਜਾਂ ਤੇ ਲੋਕ-ਪੱਖੀ ਨੀਤੀਆਂ ਦੇ ਆਧਾਰ 'ਤੇ ਵੱਡੀ ਜਿੱਤ ਦਰਜ ਕਰੇਗੀ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਆਪਣੇ ਪੰਜ ਸਾਲਾਂ ਦੇ ਕਾਰਜਕਾਲ ਦੌਰਾਨ ਪੰਜਾਬ ਤੇ ਪੰਜਾਬੀਆਂ ਦੀ ਭਲਾਈ ਲਈ ਅਜਿਹੇ ਕਈ ਕੰਮ ਕੀਤੇ ਹਨ, ਜੋ ਰਵਾਇਤੀ ਪਾਰਟੀਆਂ ਆਪਣੇ 75 ਸਾਲਾਂ ਦੇ ਰਾਜ ਦੌਰਾਨ ਵੀ ਨਹੀਂ ਕਰ ਸਕੀਆਂ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਹਰ ਘਰ ਨੂੰ 300 ਯੂਨਿਟ ਮੁਫ਼ਤ ਬਿਜਲੀ ਦੀ ਸਹੂਲਤ ਦਿੱਤੀ ਜਾ ਰਹੀ ਹੈ। ਇਸ ਤੋਂ ਇਲਾਵਾ ਪੰਜਾਬ ਦੇ ਹਰ ਪਰਿਵਾਰ ਲਈ 10 ਲੱਖ ਰੁਪਏ ਤੱਕ ਦੇ ਕੈਸ਼ਲੈੱਸ ਸਿਹਤ ਬੀਮੇ ਦੀ ਸਹੂਲਤ, ਮੁਹੱਲਾ ਕਲੀਨਿਕਾਂ ਰਾਹੀਂ ਮੁਫ਼ਤ ਇਲਾਜ ਤੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਵਰਗੀਆਂ ਸਹੂਲਤਾਂ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਹਨ। ਪਹਿਲਾਂ ਜਿੱਥੇ ਸਿਰਫ਼ 22 ਫ਼ੀਸਦੀ ਖੇਤੀਬਾੜੀ ਰਕਬੇ ਤੱਕ ਨਹਿਰੀ ਪਾਣੀ ਪਹੁੰਚਦਾ ਸੀ, ਉੱਥੇ ਹੁਣ ਲਗਭਗ 88 ਫ਼ੀਸਦੀ ਕਿਸਾਨਾਂ ਤੱਕ ਨਹਿਰੀ ਪਾਣੀ ਪਹੁੰਚਣ ਲੱਗਾ ਹੈ। ਔਰਤਾਂ ਦੇ ਸਨਮਾਨ ਤੇ ਆਰਥਿਕ ਮਜ਼ਬੂਤੀ ਲਈ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਹਰ ਮਹੀਨੇ 1000/1500 ਰੁਪਏ ਦੇਣ ਦਾ ਪ੍ਰਬੰਧ ਕੀਤਾ ਗਿਆ ਹੈ। ਇਸ ਦੇ ਨਾਲ ਹੀ ਪੰਜਾਬ ਸਰਕਾਰ ਵੱਲੋਂ 18 ਟੋਲ ਪਲਾਜ਼ੇ ਬੰਦ ਕਰਵਾਏ ਗਏ ਹਨ। ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਤੇ ਖੇਡਾਂ ਵੱਲ ਪ੍ਰੇਰਿਤ ਕਰਨ ਲਈ ਸੂਬੇ ’ਚ 3100 ਖੇਡ ਸਟੇਡੀਅਮ ਤਿਆਰ ਕੀਤੇ ਗਏ ਹਨ।
ਅੰਤ ’ਚ ਮੋਹਿੰਦਰ ਭਗਤ ਤੇ ਅੰਮ੍ਰਿਤਪਾਲ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਪੂਰਾ ਵਿਸ਼ਵਾਸ ਹੈ ਕਿ 2027 ’ਚ ਪੰਜਾਬ ਦੀ ਜਨਤਾ ਇਕ ਵਾਰ ਫਿਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਏਗੀ। ਇਸ ਮੌਕੇ ਪ੍ਰਦੀਪ ਦੁੱਗਲ, ਜ਼ਿਲ੍ਹਾ ਪ੍ਰਧਾਨ ਜਲੰਧਰ ਦਿਹਾਤੀ ਤੇ ਸੰਜੀਵ ਭਗਤ, ਮੀਡੀਆ ਇੰਚਾਰਜ ਜਲੰਧਰ ਸ਼ਹਿਰੀ ਵੀ ਹਾਜ਼ਰ ਸਨ।