- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
22 ਨਵੰਬਰ ਦਾ ਧਰਨਾ ਲਾਮਿਸਾਲ ਹੋਵੇਗਾ

-ਨਕੋਦਰ ਪੁਲਿਸ 'ਤੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਨਾ ਕਰਨ ਦਾ ਦੋਸ਼
ਗਿਆਨ ਸੈਦਪੁਰੀ, ਪੰਜਾਬੀ ਜਾਗਰਣ, ਸ਼ਾਹਕੋਟ : ਨਕੋਦਰ ਪੁਲਿਸ ਵੱਲੋਂ ਐੱਸਸੀ/ਐੱਸਟੀ ਐਕਟ ਤਹਿਤ ਦਰਜ ਪਰਚੇ ਦੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਨਾ ਕਰਨ ਵਿਰੁੱਧ ਐਲਾਨੇ ਧਰਨੇ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਇਥੇ ਵੱਖ-ਵੱਖ ਜਥੇਬੰਦੀਆਂ ਦੀ, ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਸਕੱਤਰ ਗੁਰਚਰਨ ਸਿੰਘ ਚਾਹਲ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ। ਆਗੂਆਂ ਨੇ ਦੱਸਿਆ ਕਿ ਪੰਜਾਬ ਭਰ 'ਚੋਂ ਹਜ਼ਾਰਾਂ ਕਿਸਾਨ, ਮਜ਼ਦੂਰ, ਤਰਕਸ਼ੀਲ, ਜਮਹੂਰੀ ਕਾਮੇ, ਲੇਖਕ ਤੇ ਨੌਜਵਾਨ ਵਿਦਿਆਰਥੀ ਜਥੇਬੰਦੀਆਂ ਧਰਨੇ ’ਚ ਸ਼ਮੂਲੀਅਤ ਕਰਨਗੀਆਂ। ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਵਿੱਤ ਸਕੱਤਰ ਹਰਮੇਸ਼ ਮਾਲੜੀ, ਇਲਾਕਾ ਨਕੋਦਰ ਸ਼ਾਹਕੋਟ ਦੇ ਸਕੱਤਰ ਸੁਖਜਿੰਦਰ ਲਾਲੀ, ਬਲਦੇਵ ਮਾਲੜੀ, ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਆਗੂ ਮਲਕੀਅਤ ਸਿੰਘ ਈਦਾ, ਮਨਵੀਰ ਸਿੰਘ, ਮਨਜੀਤ ਸਿੰਘ ਸਾਬੀ, ਨਿਰਮਲ ਸਿੰਘ ਕਾਂਗਣਾ, ਐਡਵੋਕੇਟ ਸੁਰਿੰਦਰ ਖੀਵਾ, ਤਰਕਸ਼ੀਲ ਸੁਸਾਇਟੀ ਪੰਜਾਬ ਦੇ ਸੂਬਾ ਆਗੂ ਬਿੱਟੂ ਰੂਪੇਵਾਲੀ, ਜਮਹੂਰੀ ਅਧਿਕਾਰ ਸਭਾ ਦੇ ਜ਼ਿਲ੍ਹਾ ਆਗੂ ਗੁਰਮੀਤ ਸਿੰਘ ਕੋਟਲੀ, ਪੰਜਾਬ ਖੇਤ ਮਜ਼ਦੂਰ ਸਭਾ ਦੇ ਸੂਬਾ ਆਗੂ ਗਿਆਨ ਸੈਦਪੁਰੀ, ਤਲਵੰਡੀ ਸਲੇਮ ਦੇ ਸਾਬਕਾ ਸਰਪੰਚ ਮਨਜਿੰਦਰ ਸਿੰਘ ਤੇ ਸੁਖਵਿੰਦਰ ਸਿੰਘ ਸੁੱਚਾ ਆਦਿ ਨੇ ਕਿਹਾ ਕਿ ਪਿੰਡ ਤਲਵੰਡੀ ਸਲੇਮ ਵਿਖੇ ਅਵਤਾਰ ਪਾਸ਼ ਤੇ ਹੰਸਰਾਜ ਦੀ ਯਾਦ ’ਚ ਬਣੇ ਯਾਦਗਾਰੀ ਕੰਪਲੈਕਸ 'ਤੇ ਕਥਿਤ ਕਬਜ਼ਾ ਕਰਨ ਦੀਆਂ ਕੋਸ਼ਿਸ਼ਾਂ ਕਰਨ ਵਾਲੇ ਤਲਵੰਡੀ ਸਲੇਮ ਦੇ ਸਰਪੰਚ ਪ੍ਰਦੀਪ ਸਿੰਘ ਤੇ ਉਸ ਦੀ ਢਾਣੀ 'ਤੇ ਐੱਸਸੀ ਐੱਸਟੀ ਐਕਟ ਤਹਿਤ ਦਰਜ ਪਰਚੇ ਨੂੰ ਡੇਢ ਮਹੀਨੇ ਤੋਂ ਵੱਧ ਦਾ ਸਮਾਂ ਬੀਤਣ ਦੇ ਬਾਵਜੂਦ ਵੀ ਨਕੋਦਰ ਪੁਲਿਸ ਵੱਲੋਂ ਦੋਸ਼ੀਆਂ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਜਾ ਰਿਹਾ। ਅਸਲ ’ਚ ਨਕੋਦਰ ਹਲਕੇ ਦੀ ਵਿਧਾਇਕਾ ਬੀਬੀ ਇੰਦਰਜੀਤ ਕੌਰ ਮਾਨ ਦੀ ਦੋਸ਼ੀਆਂ ਨੂੰ ਕਥਿਤ ਸ਼ਹਿ ਹੋਣ ਕਰ ਕੇ ਦੋਸ਼ੀਆਂ ਸ਼ਰੇਆਮ ਘੁੰਮ ਰਹੇ ਹਨ। ਇਸ ਦੇ ਵਿਰੋਧ 22 ਨਵੰਬਰ ਨੂੰ ਡੀਐੱਸਪੀ ਨਕੋਦਰ ਦੇ ਦਫ਼ਤਰ ਅੱਗੇ ਭਾਰੀ ਰੋਸ ਵਿਖਾਵਾ ਕੀਤਾ ਜਾਵੇਗਾ।