- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਮਨੁੱਖਤਾ ਲਈ ਚਾਨਣ ਮੁਨਾਰਾ: ਬਲਦੇਵ ਸਿੰਘ ਖਹਿਰਾ

-ਪ੍ਰਕਾਸ਼ ਪੁਰਬ ਮੌਕੇ ਫਿਲੌਰ ਹਲਕੇ ਦੇ ਸਮੂਹ ਵਾਸੀਆਂ ਨੂੰ ਦਿੱਤੀ ਵਧਾਈ
-ਗੁਰੂ ਸਾਹਿਬ ਦੇ ਸਰਬੱਤ ਦੇ ਭਲੇ ਦੇ ਸੰਦੇਸ਼ ’ਤੇ ਚੱਲਣ ਦੀ ਕੀਤੀ ਅਪੀਲ
ਨਵਦੀਪ ਸਿੰਘ ਪਟਵਾਲੀਆ, ਪੰਜਾਬੀ ਜਾਗਰਣ, ਫਿਲੌਰ : ਸ਼੍ਰੋਮਣੀ ਸਿੱਖ ਧਰਮ ਦੇ ਬਾਨੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਪਾਵਨ ਸਿੱਖਿਆਵਾਂ ਅੱਜ ਵੀ ਸਮੁੱਚੀ ਮਨੁੱਖਤਾ ਲਈ ਸੱਚਾਈ, ਬਰਾਬਰਤਾ, ਆਪਸੀ ਭਾਈਚਾਰੇ ਤੇ ਇਨਸਾਨੀਅਤ ਦਾ ਰਾਹ ਦਿਖਾਉਂਦੀਆਂ ਹਨ। ਗੁਰੂ ਸਾਹਿਬ ਵੱਲੋਂ ਦਿੱਤਾ ਗਿਆ ਕਿਰਤ ਕਰੋ, ਨਾਮ ਜਪੋ ਤੇ ਵੰਡ ਛਕੋ ਦਾ ਮਹਾਨ ਸਿਧਾਂਤ ਸਮਾਜ ਨੂੰ ਸਹੀ ਦਿਸ਼ਾ ਦੇਣ ਦੇ ਨਾਲ-ਨਾਲ ਆਪਸੀ ਪਿਆਰ ਤੇ ਸਦਭਾਵਨਾ ਨਾਲ ਰਹਿਣ ਦੀ ਪ੍ਰੇਰਨਾ ਦਿੰਦਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਰਦਾਰ ਬਲਦੇਵ ਸਿੰਘ ਖਹਿਰਾ ਸਾਬਕਾ ਵਿਧਾਇਕ ਫਿਲੌਰ, ਕੋਰ ਕਮੇਟੀ ਮੈਂਬਰ ਤੇ ਹਲਕਾ ਇੰਚਾਰਜ ਵਿਧਾਨ ਸਭਾ ਹਲਕਾ ਫਿਲੌਰ, ਸ਼੍ਰੋਮਣੀ ਅਕਾਲੀ ਦਲ (ਬਾਦਲ) ਨੇ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਾਵਨ ਪ੍ਰਕਾਸ਼ ਪੁਰਬ ਮੌਕੇ ਫਿਲੌਰ ਹਲਕੇ ਦੇ ਸਮੂਹ ਵਾਸੀਆਂ ਨੂੰ ਵਧਾਈ ਦਿੰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਜਾਤ-ਪਾਤ, ਊਚ-ਨੀਚ, ਧਾਰਮਿਕ ਵਖਰੇਵਿਆਂ ਤੇ ਸਮਾਜਿਕ ਬੁਰਾਈਆਂ ਵਿਰੁੱਧ ਆਵਾਜ਼ ਬੁਲੰਦ ਕਰਦਿਆਂ ਸਮੁੱਚੀ ਮਨੁੱਖਤਾ ਨੂੰ ਇੱਕੋ ਪਰਮਾਤਮਾ ਦੀ ਸੰਤਾਨ ਹੋਣ ਦਾ ਸੰਦੇਸ਼ ਦਿੱਤਾ। ਗੁਰੂ ਸਾਹਿਬ ਨੇ ਆਪਣੀ ਬਾਣੀ ਤੇ ਜੀਵਨ ਰਾਹੀਂ ਲੋਕਾਂ ਨੂੰ ਸੱਚ ਦੇ ਮਾਰਗ ’ਤੇ ਚੱਲਣ, ਹੱਕ-ਹਲਾਲ ਦੀ ਕਮਾਈ ਕਰਨ ਤੇ ਲੋੜਵੰਦਾਂ ਦੀ ਮਦਦ ਕਰਨ ਦਾ ਉਪਦੇਸ਼ ਦਿੱਤਾ। ਖਹਿਰਾ ਨੇ ਕਿਹਾ ਕਿ ਅੱਜ ਦੇ ਸਮੇਂ ਵਿੱਚ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ’ਚ ਅਪਣਾਉਣਾ ਬੇਹੱਦ ਜ਼ਰੂਰੀ ਹੈ। ਅੰਤ ’ਚ ਉਨ੍ਹਾਂ ਨੇ ਫਿਲੌਰ ਹਲਕੇ ਦੀਆਂ ਸਮੂਹ ਸੰਗਤਾਂ ਤੇ ਦੇਸ਼-ਵਿਦੇਸ਼ ’ਚ ਵੱਸਦੇ ਪੰਜਾਬੀਆਂ ਨੂੰ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਲੱਖ-ਲੱਖ ਵਧਾਈਆਂ ਦਿੰਦਿਆਂ ਅਰਦਾਸ ਕੀਤੀ ਕਿ ਗੁਰੂ ਸਾਹਿਬ ਸਮੁੱਚੀ ਲੋਕਾਈ ’ਤੇ ਆਪਣਾ ਮਿਹਰ ਭਰਿਆ ਹੱਥ ਰੱਖਣ ਤੇ ਹਰ ਘਰ ਵਿੱਚ ਸੁੱਖ, ਸ਼ਾਂਤੀ, ਖੁਸ਼ਹਾਲੀ ਤੇ ਆਪਸੀ ਭਾਈਚਾਰਾ ਬਣਿਆ ਰਹੇ।