ਬੇਅਦਬੀ ਦੇ ਮੁਲਜ਼ਮ ਹੁਣ ਕਾਨੂੰਨ ਦੇ ਸ਼ਿਕੰਜੇ ਤੋਂ ਬਚ ਨਹੀਂ ਸਕਦੇ : ਭਗਵੰਤ ਸਿੰਘ ਮਾਨ
ਬੇਅਦਬੀ ਦੇ ਮੁਲਜ਼ਮ ਹੁਣ ਬਹੁਤਾ ਸਮਾਂ ਕਾਨੂੰਨ ਦੇ ਸ਼ਿਕੰਜੇ ਤੋਂ
Publish Date: Thu, 07 May 2026 08:24 PM (IST)
Updated Date: Thu, 07 May 2026 08:26 PM (IST)

ਕੁਲਦੀਪ ਸਿੰਘ ਵਾਲਿਆ, ਪੰਜਾਬੀ ਜਾਗਰਣ, ਕਰਤਾਰਪੁਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ‘ਸ਼ੁਕਰਾਨਾ ਯਾਤਰਾ’ ਦੇ ਦੂਜੇ ਦਿਨ ਕਰਤਾਰਪੁਰ ਤੇ ਆਦਮਪੁਰ ’ਚ ਵੱਡੇ ਇਕੱਠਾਂ ਨੂੰ ਸੰਬੋਧਨ ਕਰਦਿਆਂ ਐਲਾਨ ਕੀਤਾ ਕਿ ਪੰਜਾਬ ’ਚ ਬੇਅਦਬੀ ਕਰਨ ਵਾਲੇ ਹੁਣ ਕਾਨੂੰਨ ਦੇ ਸ਼ਿਕੰਜੇ ਤੋਂ ਨਹੀਂ ਬਚ ਸਕਣਗੇ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਲਿਆਂਦੇ ਗਏ ਨਵੇਂ ਬੇਅਦਬੀ ਵਿਰੋਧੀ ਕਾਨੂੰਨ ਤਹਿਤ ਮੁਲਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ ਤੇ ਜ਼ਮਾਨਤ ਦੀ ਕੋਈ ਗੁੰਜਾਇਸ਼ ਨਹੀਂ ਰਹੇਗੀ। ਮੁੱਖ ਮੰਤਰੀ ਨੇ ਕਿਹਾ ਕਿ ਨਵੇਂ ਕਾਨੂੰਨ ਅਨੁਸਾਰ ਬੇਅਦਬੀ ਦੇ ਮਾਮਲਿਆਂ ’ਚ ਐੱਫਆਈਆਰ ਤੋਂ ਬਾਅਦ ਘੱਟੋ-ਘੱਟ 10 ਸਾਲ ਦੀ ਸਜ਼ਾ, ਉਮਰ ਕੈਦ ਤੇ 50 ਲੱਖ ਰੁਪਏ ਤੱਕ ਜੁਰਮਾਨੇ ਦੀ ਵਿਵਸਥਾ ਕੀਤੀ ਗਈ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਪਿਛਲੀਆਂ ਸਰਕਾਰਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਮਾਮਲਿਆਂ ’ਚ ਕਦੇ ਵੀ ਸਖ਼ਤੀ ਨਹੀਂ ਦਿਖਾਈ, ਜਿਸ ਕਾਰਨ ਮੁਲਜ਼ਮ ਬਚਦੇ ਰਹੇ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰਤਾ ਦੀ ਰੱਖਿਆ ਤੇ ਪੰਜਾਬ ਦੀ ਭਾਈਚਾਰਕ ਸਾਂਝ ਨੂੰ ਮਜ਼ਬੂਤ ਬਣਾਈ ਰੱਖਣ ਲਈ ਦੇਸ਼ ਦਾ ਸਭ ਤੋਂ ਸਖ਼ਤ ਕਾਨੂੰਨ ਬਣਾਇਆ ਹੈ। ਭਗਵੰਤ ਮਾਨ ਨੇ ਭਾਜਪਾ ਤੇ ਅਕਾਲੀ ਦਲ ’ਤੇ ਤਿੱਖੇ ਹਮਲੇ ਕਰਦਿਆਂ ਕਿਹਾ ਕਿ ਇਹ ਪਾਰਟੀਆਂ ਸਿਆਸੀ ਲਾਭ ਲਈ ਪੰਜਾਬ ਦੀ ਭਾਈਚਾਰਕ ਸਾਂਝ ਨੂੰ ਖ਼ਰਾਬ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ, ਪਰ ਪੰਜਾਬ ਦੇ ਲੋਕ ਹਮੇਸ਼ਾ ਏਕਤਾ ਤੇ ਭਾਈਚਾਰੇ ਨੂੰ ਤਰਜੀਹ ਦਿੰਦੇ ਆਏ ਹਨ। ਇਸ ਦੌਰਾਨ ਉਨ੍ਹਾਂ ਐਲਾਨ ਕੀਤਾ ਕਿ ਬੇਅਦਬੀ ਵਿਰੋਧੀ ਕਾਨੂੰਨ ਤੋਂ ਬਾਅਦ ਪੰਜਾਬ ਸਰਕਾਰ ਨਸ਼ਾ ਤਸਕਰਾਂ ਖ਼ਿਲਾਫ਼ ਵੀ ਹੋਰ ਸਖ਼ਤ ਕਾਨੂੰਨ ਲਿਆਵੇਗੀ।