- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਹਜ਼ਾਰਾਂ ਬੇਜ਼ਮੀਨੇ ਮਜ਼ਦੂਰਾਂ ਨੇ ਕੀਤਾ ਮੁੱਖ ਮੰਤਰੀ ਦੀ ਜਲੰਧਰ ਸਥਿਤ ਰਿਹਾਇਸ਼ ਵੱਲ ਮਾਰਚ

-ਮੰਗਾਂ ਲਈ ਹੋਰ ਤਿੱਖਾ ਤੇ ਵਿਸ਼ਾਲ ਸੰਘਰਸ਼ ਕੀਤਾ ਜਾਵੇਗਾ
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜਲੰਧਰ
ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਵੱਲੋਂ ਐਲਾਨੇ ਸੰਘਰਸ਼ ਸੱਦੇ ਤਹਿਤ ਵੀਰਵਾਰ ਪੰਜਾਬ ਭਰ 'ਚੋਂ ਆਏ ਬੇਜ਼ਮੀਨੇ ਮਜ਼ਦੂਰ ਮਰਦ ਔਰਤਾਂ ਨੇ ਸਥਾਨਕ ਦੇਸ਼ ਭਗਤ ਯਾਦਗਾਰ ਹਾਲ ’ਚ ਰੈਲੀ ਕਰਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਜਲੰਧਰ ਸਥਿਤ ਰਿਹਾਇਸ਼ ਵੱਲ ਰੋਹਲਾ ਮਾਰਚ ਕੀਤਾ। ਇਸ ਮੌਕੇ ਮਜ਼ਦੂਰ ਆਗੂਆਂ ਕਿਹਾ ਕਿ ਸੰਘਰਸ਼ੀਲ ਮਜ਼ਦੂਰ ਜਥੇਬੰਦੀਆਂ ਨਾਲ ਮੀਟਿੰਗ ਤਹਿ ਕਰਕੇ ਪੰਜ ਵਾਰ ਮੁੱਖ ਮੰਤਰੀ ਪੰਜਾਬ ਨੇ ਮੀਟਿੰਗ ਨਹੀਂ ਕੀਤੀ। ਅਸਲ ਵਿਚ ਮੁੱਖ ਮੰਤਰੀ ਸਮਾਜ ਦੇ ਸਭ ਤੋਂ ਦਰੜੇ ਲੋਕਾਂ ਪ੍ਰਤੀ ਵਿਤਕਰੇਬਾਜ਼ੀ ਕਰ ਰਹੇ ਹਨ। ਆਪਣੇ ਸੰਬੋਧਨ ’ਚ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਪ੍ਰਧਾਨ ਜੋਰਾ ਸਿੰਘ ਨਸਰਾਲੀ, ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਤਰਸੇਮ ਪੀਟਰ, ਦਿਹਾਤੀ ਮਜ਼ਦੂਰ ਸਭਾ ਦੇ ਸੂਬਾ ਪ੍ਰਧਾਨ ਦਰਸ਼ਨ ਨਾਹਰ, ਪੰਜਾਬ ਖੇਤ ਮਜ਼ਦੂਰ ਸਭਾ ਦੇ ਪ੍ਰਮੁੱਖ ਆਗੂ ਗੁਲਜ਼ਾਰ ਗੋਰੀਆ, ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੇ ਸੂਬਾ ਪ੍ਰਧਾਨ ਗੋਬਿੰਦ ਸਿੰਘ ਛਾਜਲੀ, ਕੁਲ ਹਿੰਦ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਸਕੱਤਰ ਚਮਕੌਰ ਸਿੰਘ ਖੇੜੀ, ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਸੂਬਾ ਆਗੂ ਧਰਮਵੀਰ ਹਰੀਗੜ੍ਹ ਤੇ ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਦੇ ਸੂਬਾ ਆਗੂ ਪ੍ਰਗਟ ਸਿੰਘ ਕਾਲਾਝਾੜ ਨੇ ਕਿਹਾ ਕਿ ਸੱਤਾ ’ਚ ਆਉਣ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਕਈ ਵਾਅਦੇ ਕੀਤੇ ਸਨ। ਜਿਹੜੀ ਸਰਕਾਰ ਕਹਿੰਦੀ ਸੀ ਅਸੀਂ ਮਸ਼ਹੂਰੀਆਂ 'ਤੇ ਪੈਸੇ ਨਹੀਂ ਖਰਚਣੇ, ਉਹ ਬੱਚਿਆਂ ਦੇ ਸਕੂਲ ਬੈਗਾਂ ਤੇ ਤੀਰਥ ਯਾਤਰੀ ਬੱਸਾਂ 'ਤੇ ਵੀ ਇਸ਼ਤਿਹਾਰ ਲਾ ਰਹੀ ਹੈ। ਮਜ਼ਦੂਰ ਜਥੇਬੰਦੀਆਂ ਨੇ ਮੰਗ ਕੀਤੀ ਹੈ ਵੀ ਬੀ ਜੀ ਰਾਮ ਜੀ ਕਾਨੂੰਨ ਰੱਦ ਕਰਕੇ, ਮਨਰੇਗਾ ਨੂੰ ਮੁੜ ਬਹਾਲ ਕੀਤਾ ਜਾਵੇ ਤੇ ਇਸ ਤਹਿਤ, ਸਾਲ ਭਰ ਲਈ ਰੁਜ਼ਗਾਰ ਤੇ ਘੱਟੋ ਘੱਟ ਦਿਹਾੜੀ 700 ਕੀਤੀ ਜਾਵੇ, ਵਿਧਵਾ ਬੁਢਾਪਾ ਅੰਗਹੀਣ ਪੈਨਸ਼ਨ ਪ੍ਰਤੀ ਮਹੀਨਾ 5000 ਹੋਏ, ਔਰਤਾਂ ਦੇ ਖਾਤੇ ’ਚ ਪਿਛਲੇ ਸਾਢੇ ਚਾਰ ਸਾਲਾਂ ਦਾ ਬਕਾਇਆ ਪਾਇਆ ਜਾਵੇ, ਮਜ਼ਦੂਰਾਂ ਨੂੰ ਦਸ-ਦਸ ਮਰਲੇ ਦੇ ਰਿਹਾਇਸ਼ੀ ਪਲਾਟ ਦਿੱਤੇ ਜਾਣ, ਮਜ਼ਦੂਰਾਂ ਦੇ ਸਮੁੱਚੇ ਕਰਜ਼ੇ ਮੁਆਫ਼ ਕੀਤੇ ਜਾਣ, ਜ਼ਮੀਨ ਦੀ ਕਾਣੀ ਵੰਡ ਖ਼ਤਮ ਕਰਨ ਲਈ, ਜ਼ਮੀਨ ਹੱਦ ਬੰਦੀ ਕਾਨੂੰਨ ਲਾਗੂ ਕਰਕੇ ਵਾਧੂ ਨਿਕਲਦੀਆਂ ਜ਼ਮੀਨਾਂ ਬੇਜ਼ਮੀਨੇ ਮਜ਼ਦੂਰਾਂ ਤੇ ਥੁੜ ਜ਼ਮੀਨੇ ਕਿਸਾਨਾਂ 'ਚ ਵੰਡੀਆਂ ਜਾਣ, ਪੰਚਾਇਤੀ ਜ਼ਮੀਨ 'ਚੋਂ ਤੀਜੇ ਹਿੱਸੇ ਦੀ ਜ਼ਮੀਨ ਮਜ਼ਦੂਰਾਂ ਨੂੰ ਦੇਣਾ ਯਕੀਨੀ ਕੀਤਾ ਜਾਵੇ। ਅੱਜ ਦੇ ਇਕੱਠ ਨੇ ਕੁਝ ਵਿਸ਼ੇਸ਼ ਮਤੇ ਪੇਸ਼ ਕੀਤੇ ਗਏ ਜਿਸ ਨੂੰ ਇਕੱਠ ਨੇ ਹੱਥ ਖੜ੍ਹੇ ਕਰਕੇ ਪਾਸ ਕੀਤਾ। ਆਗੂਆਂ ਨੇ ਐਲਾਨ ਕੀਤਾ ਕਿ ਆਉਂਦੇ ਦਿਨਾਂ ’ਚ ਮਜ਼ਦੂਰਾਂ ਦੀਆਂ ਮੰਗਾਂ 'ਤੇ ਸੰਘਰਸ਼ ਹੋਰ ਤਿੱਖਾ ’ਤੇ ਵਿਸ਼ਾਲ ਕੀਤਾ ਜਾਵੇਗਾ। ਇਸ ਮੌਕੇ ਗੁਰਨਾਮ ਸਿੰਘ ਦਾਉਦ, ਲਛਮਣ ਸਿੰਘ ਸੇਵੇਵਾਲਾ, ਕਸ਼ਮੀਰ ਸਿੰਘ ਘੁੱਗਸ਼ੋਰ, ਲਖਵੀਰ ਲੋਂਗੋਵਾਲ, ਸਤਪਾਲ ਬਨੂੜ, ਦੇਵੀ ਕੁਮਾਰੀ ਸਰਹਾਲੀ ਕਲਾਂ, ਗੁਰਬਿੰਦਰ ਸਿੰਘ ਬੋੜਾਂ ਆਦਿ ਨੇ ਵੀ ਸੰਬੋਧਨ ਕੀਤਾ।