ਵੱਖ-ਵੱਖ ਥਾਵਾਂ ਤੋਂ ਪਾਬੰਦੀਸ਼ੁਦਾ ਗੋਲੀਆਂ ਤੇ ਹੈਰੋਇਨ ਸਮੇਤ ਤਿੰਨ ਕਾਬੂ, ਇਕ ਨਾਮਜ਼ਦ
ਵੱਖ-ਵੱਖ ਥਾਵਾਂ ਤੋਂ ਪਾਬੰਦੀਸ਼ੁਦਾ ਗੋਲੀਆਂ ਤੇ ਹੈਰੋਇਨ ਸਮੇਤ ਤਿੰਨ ਕਾਬੂ, ਇਕ ਨਾਮਜਦ
Publish Date: Tue, 27 Jan 2026 09:22 PM (IST)
Updated Date: Tue, 27 Jan 2026 09:25 PM (IST)

ਰਾਕੇਸ਼ ਗਾਂਧੀ, ਪੰਜਾਬੀ ਜਾਗਰਣ, ਜਲੰਧਰ : ਥਾਣਾ ਨੰਬਰ ਅੱਠ ਦੀ ਪੁਲਿਸ ਨੇ ਵੱਖ-ਵੱਖ ਥਾਵਾਂ ਤੋਂ ਗਸ਼ਤ ਦੌਰਾਨ ਤਿੰਨ ਨੌਜਵਾਨਾਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ ਪਾਬੰਦੀਸ਼ੁਦਾ ਗੋਲੀਆਂ ਤੇ ਹੈਰੋਇਨ ਬਰਾਮਦ ਕੀਤੀ ਹੈ। ਜਦਕਿ ਇਕ ਨੌਜਵਾਨ ਨੂੰ ਹੈਰੋਇਨ ਦੀ ਸਪਲਾਈ ਦੇਣ ਵਾਲੇ ਨੌਜਵਾਨ ਨੂੰ ਵੀ ਮਾਮਲੇ ’ਚ ਨਾਮਜ਼ਦ ਕਰਕੇ ਉਸ ਦੀ ਤਲਾਸ਼ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਇੰਸਪੈਕਟਰ ਸਾਹਿਲ ਚੌਧਰੀ ਨੇ ਦੱਸਿਆ ਕਿ ਏਐੱਸਆਈ ਰਕੇਸ਼ ਕੁਮਾਰ ਪੁਲਿਸ ਪਾਰਟੀ ਸਮੇਤ ਬੁਲੰਦਪੁਰ ਰੋਡ ’ਤੇ ਗਸ਼ਤ ਕਰ ਰਹੇ ਸਨ। ਇਸ ਦੌਰਾਨ ਇਕ ਨੌਜਵਾਨ ਨੂੰ ਸ਼ੱਕ ਦੇ ਆਧਾਰ ’ਤੇ ਰੋਕ ਕੇ ਜਦ ਉਸਦਾ ਨਾਂ ਪੁੱਛਿਆ ਗਿਆ ਤਾਂ ਉਸਨੇ ਆਪਣਾ ਨਾਮ ਹਰਵਿੰਦਰ ਸਿੰਘ ਵਾਸੀ ਭੂਤ ਕਾਲੋਨੀ ਜਲੰਧਰ ਦੱਸਿਆ। ਜਦ ਉਸਦੀ ਤਲਾਸ਼ੀ ਲਈ ਗਈ ਤਾਂ ਉਸਦੀ ਜੇਬ ’ਚੋਂ 25 ਪਾਬੰਦੀਸ਼ੁਦਾ ਗੋਲੀਆਂ ਬਰਾਮਦ ਹੋਈਆਂ ਜਿਸ ’ਤੇ ਉਸਨੂੰ ਗ੍ਰਿਫਤਾਰ ਕਰ ਲਿਆ ਗਿਆ। ਦੂਜੀ ਟੀਮ ਏਐੱਸਆਈ ਸੰਜੀਵ ਕੁਮਾਰ ਦੀ ਅਗਵਾਈ ਹੇਠ ਫੋਕਲ ਪੁਆਇੰਟ ’ਚ ਗਸ਼ਤ ਕਰ ਗਈ ਸੀ। ਜਦ ਪੈਦਲ ਆ ਰਹੇ ਇਕ ਨੌਜਵਾਨ ਨੇ ਜਦ ਪੁਲਿਸ ਪਾਰਟੀ ਦੇਖੀ ਤਾਂ ਉਹ ਯਕਦਮ ਘਬਰਾ ਗਿਆ ਤੇ ਪਿੱਛੇ ਦੀ ਮੁੜ ਪਿਆ। ਏਐੱਸਆਈ ਸੰਜੀਵ ਕੁਮਾਰ ਨੇ ਉਸ ਦਾ ਪਿੱਛਾ ਕਰਕੇ ਉਸ ਨੂੰ ਰੋਕ ਕੇ ਜਦ ਉਸਦਾ ਨਾਮ ਪੁੱਛਿਆ ਤਾਂ ਉਸ ਨੇ ਆਪਣਾ ਨਾਮ ਸੁੱਖਾ ਸਿੰਘ ਵਾਸੀ ਕੋਟ ਬਾਬਾ ਦੀਪ ਸਿੰਘ ਨਗਰ ਦੱਸਿਆ। ਜਦ ਪੁਲਿਸ ਪਾਰਟੀ ਨੇ ਉਸਦੀ ਤਲਾਸ਼ੀ ਲਈ ਤਾਂ ਉਸਦੀ ਜੇਬ ’ਚੋਂ ਚਾਰ ਗ੍ਰਾਮ ਹੈਰੋਇਨ ਬਰਾਮਦ ਹੋਈ, ਜਿਸ ਤੇ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ। ਇਸੇ ਤਰ੍ਹਾਂ ਸਬ ਇੰਸਪੈਕਟਰ ਅਵਤਾਰ ਸਿੰਘ ਪੁਲਿਸ ਪਾਰਟੀ ਸਮੇਤ ਰੇਡੀਓ ਪਿੰਡ ’ਚ ਗਸ਼ਤਕਾਰ ਰਹੇ ਸਨ ਇਸ ਦੌਰਾਨ ਇਕ ਨੌਜਵਾਨ ਜੋ ਕਿ ਗਲੀ ਦੀ ਨੁੱਕਰ ’ਤੇ ਖੜ੍ਹਾ ਸੀ ਨੇ ਜਦ ਪੁਲਿਸ ਪਾਰਟੀ ਦੇਖੀ ਤਾਂ ਉਥੋਂ ਖਿਸਕਣ ਲੱਗਾ ਪੁਲਿਸ ਪਾਰਟੀ ਨੇ ਉਸ ਨੂੰ ਕਾਬੂ ਕਰਕੇ ਜਦ ਉਸਦਾ ਨਾਂ ਪੁੱਛਿਆ ਤਾਂ ਉਸਨੇ ਆਪਣਾ ਨਾਮ ਜਸਵਿੰਦਰ ਸਿੰਘ ਵਾਸੀ ਹਰਗੋਬਿੰਦ ਨਗਰ ਦੱਸਿਆ। ਜਦ ਪੁਲਿਸ ਪਾਰਟੀ ਨੇ ਉਸਦੀ ਤਲਾਸ਼ੀ ਲਈ ਤਾਂ ਉਸਦੀ ਜੇਬ ’ਚੋਂ 25 ਗ੍ਰਾਮ ਹੈਰੋਇਨ ਬਰਾਮਦ ਹੋਈ, ਜਿਸ ਤੇ ਉਸਨੂੰ ਗ੍ਰਿਫਤਾਰ ਕਰ ਲਿਆ ਗਿਆ ਇੰਸਪੈਕਟਰ ਸਾਹਿਲ ਚੌਧਰੀ ਨੇ ਦੱਸਿਆ ਕਿ ਜਦ ਜਸਵਿੰਦਰ ਸਿੰਘ ਕੋਲੋਂ ਪੁੱਛਗਿੱਛ ਕੀਤੀ ਗਈ ਤਾਂ ਉਸਨੇ ਦੱਸਿਆ ਕਿ ਉਹ ਇਹੀ ਹੈਰੋਇਨ ਸਾਬੀ ਵਾਸੀ ਹਰਗੋਬਿੰਦ ਨਗਰ ਤੋਂ ਲਿਆ ਕੇ ਗਾਹਕਾਂ ਨੂੰ ਸਪਲਾਈ ਕਰਦਾ ਹੈ। ਜਿਸ ਤੋਂ ਬਾਅਦ ਸਾਬੀ ਨੂੰ ਵੀ ਮਾਮਲੇ ’ਚ ਨਾਮਜਦ ਕਰ ਲਿਆ ਗਿਆ। ਉਨ੍ਹਾਂ ਦੱਸਿਆ ਕਿ ਫੜੇ ਗਏ ਮੁਲਜ਼ਮਾਂ ਖਿਲਾਫ ਐੱਨਡੀਪੀਐੱਸ ਤਹਿਤ ਮਾਮਲਾ ਦਰਜ ਕਰਕੇ ਉਨ੍ਹਾਂ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ।