- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਲੋਹੀਆਂ ’ਚ ਟਿੱਪਰ ਦਾ ਕਹਿਰ, ਸੜਕ ਹਾਦਸੇ ’ਚ ਦੋ ਦੀ ਮੌਤ, ਦੋ ਗੰਭੀਰ ਜ਼ਖ਼ਮੀ

ਤਜਿੰਦਰਪਾਲ ਸਿੰਘ ਸੰਧਾ, ਪੰਜਾਬੀ ਜਾਗਰਣ, ਲੋਹੀਆਂ ਖ਼ਾਸ : ਮਲਸੀਆਂ ਰੋਡ ’ਤੇ ਸਥਿਤ ਐੱਚ. ਜੋਸਨ ਹਸਪਤਾਲ ਲੋਹੀਆਂ ਖ਼ਾਸ ਨੇੜੇ ਸੋਮਵਾਰ ਰਾਤ ਦੋ ਮੋਟਰਸਾਈਕਲਾਂ ਅਤੇ ਰੇਤਾ ਲੱਦੇ ਟਿੱਪਰ ਵਿਚਕਾਰ ਹੋਈ ਭਿਆਨਕ ਟੱਕਰ ਵਿੱਚ ਦੋ ਵਿਅਕਤੀਆਂ ਦੀ ਮੌਤ ਹੋ ਗਈ, ਜਦਕਿ ਦੋ ਹੋਰ ਗੰਭੀਰ ਜ਼ਖ਼ਮੀ ਹੋ ਗਏ। ਮ੍ਰਿਤਕਾਂ ਵਿੱਚੋਂ ਦੋਵੇਂ ਪ੍ਰਵਾਸੀ ਮਜ਼ਦੂਰ ਦੱਸੇ ਜਾ ਰਹੇ ਹਨ। ਮਿਲੀ ਜਾਣਕਾਰੀ ਅਨੁਸਾਰ ਹਾਦਸਾ ਰਾਤ ਕਰੀਬ 9 ਵਜੇ ਵਾਪਰਿਆ। ਟੱਕਰ ਇੰਨੀ ਜ਼ਬਰਦਸਤ ਸੀ ਕਿ ਇੱਕ ਮੋਟਰਸਾਈਕਲ ’ਤੇ ਸਵਾਰ ਦੋ ਵਿਅਕਤੀ ਟਿੱਪਰ ਦੀ ਲਪੇਟ ਵਿੱਚ ਆ ਗਏ ਅਤੇ ਟਿੱਪਰ ਉਨ੍ਹਾਂ ਨੂੰ ਕਰੀਬ 100 ਮੀਟਰ ਤੱਕ ਘਸੀਟਦਾ ਲੈ ਗਿਆ। ਗੰਭੀਰ ਸੱਟਾਂ ਲੱਗਣ ਕਾਰਨ ਦੋਵਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ। ਹਾਦਸੇ ਵਿੱਚ ਜ਼ਖ਼ਮੀ ਹੋਏ ਦੋ ਵਿਅਕਤੀਆਂ ਨੂੰ ਲੋਕਾਂ ਦੀ ਮਦਦ ਨਾਲ ਨੇੜਲੇ ਜੋਸਨ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਜ਼ੇਰੇ ਇਲਾਜ ਸਾਬੀ ਪੁੱਤਰ ਗੁਰਦੇਵ ਸਿੰਘ ਉਰਫ਼ ਮੰਗਾ, ਵਾਸੀ ਵਾੜਾ ਜੋਧ ਸਿੰਘ, ਨੇ ਦੱਸਿਆ ਕਿ ਉਸ ਦੀ ਲੱਤ ’ਤੇ ਗੰਭੀਰ ਸੱਟ ਲੱਗੀ ਹੈ। ਉਸ ਨੇ ਦੱਸਿਆ ਕਿ ਦੂਜਾ ਜ਼ਖ਼ਮੀ ਰਾਜਬੀਰ ਵੀ ਉਸ ਦੇ ਪਿੰਡ ਦਾ ਹੀ ਰਹਿਣ ਵਾਲਾ ਹੈ। ਹਾਦਸੇ ਦੀ ਸੂਚਨਾ ਮਿਲਦੇ ਹੀ ਥਾਣਾ ਲੋਹੀਆਂ ਦੇ ਮੁਖੀ ਸੁਖਵਿੰਦਰ ਸਿੰਘ ਮੁਲਤਾਨੀ ਪੁਲਿਸ ਪਾਰਟੀ ਸਮੇਤ ਮੌਕੇ ’ਤੇ ਪਹੁੰਚੇ। ਉਨ੍ਹਾਂ ਦੱਸਿਆ ਕਿ ਪੁਲਿਸ ਨੇ ਟਿੱਪਰ ਨੂੰ ਕਬਜ਼ੇ ਵਿੱਚ ਲੈ ਲਿਆ ਹੈ, ਜਦਕਿ ਟਿੱਪਰ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਅਤੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।