ਭਾਜਪਾ ਮੁੱਖ ਦਫ਼ਤਰ ਬਾਹਰ ਧਮਾਕੇ ਦੀ ਨਿੰਦਾ
ਚੰਡੀਗੜ੍ਹ ’ਚ ਬੀਜੇਪੀ ਮੁੱਖ ਦਫ਼ਤਰ ਬਾਹਰ ਧਮਾਕੇ ਦੀ ਟੀਟੂ ਵੱਲੋਂ ਨਿੰਦਾ
Publish Date: Wed, 01 Apr 2026 11:36 PM (IST)
Updated Date: Wed, 01 Apr 2026 11:40 PM (IST)
ਅਮਰਜੀਤ ਸਿੰਘ ਵੇਹਗਲ, ਪੰਜਾਬੀ ਜਾਗਰਣ, ਜਲੰਧਰ : ਚੰਡੀਗੜ੍ਹ ’ਚ ਭਾਰਤੀ ਜਨਤਾ ਪਾਰਟੀ ਦੇ ਮੁੱਖ ਦਫ਼ਤਰ ਦੇ ਬਾਹਰ ਹੋਏ ਧਮਾਕੇ ਦੀ ਵਾਰਡ 50 ਦੇ ਕੌਂਸਲਰ ਮਨਜੀਤ ਸਿੰਘ ਟੀਟੂ ਵੱਲੋਂ ਸਖ਼ਤ ਸ਼ਬਦਾਂ ’ਚ ਨਿੰਦਾ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੀਆਂ ਘਟਨਾਵਾਂ ਪੰਜਾਬ ਦੀ ਅਮਨ-ਸ਼ਾਂਤੀ ਤੇ ਭਾਈਚਾਰਕ ਏਕਤਾ ਨੂੰ ਖ਼ਤਮ ਕਰਨ ਦੀ ਸੋਚ ਰੱਖਣ ਵਾਲੀਆਂ ਤਾਕਤਾਂ ਦੀ ਸੋਚ ਨੂੰ ਬੇਨਕਾਬ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਕੁਝ ਫਿਰਕੂ ਤੇ ਦੇਸ਼ ਵਿਰੋਧੀ ਤਾਕਤਾਂ ਨਹੀਂ ਚਾਹੁੰਦੀਆਂ ਕਿ ਪੰਜਾਬ ’ਚ ਆਪਸੀ ਭਾਈਚਾਰਾ ਤੇ ਏਕਤਾ ਕਾਇਮ ਰਹੇ।
ਉਨ੍ਹਾਂ ਦੋਸ਼ ਲਗਾਇਆ ਕਿ ਬੀਜੇਪੀ ਦੀ ਵਧ ਰਹੀ ਲੋਕਪ੍ਰਿਯਤਾ ਤੇ ਚੜ੍ਹਤ ਨੂੰ ਦੇਖ ਕੇ ਵਿਰੋਧੀ ਤੇ ਅਸਥਿਰਤਾ ਫੈਲਾਉਣ ਵਾਲੀਆਂ ਤਾਕਤਾਂ ਬੁਖਲਾਹਟ ਦਾ ਸ਼ਿਕਾਰ ਹੋ ਚੁੱਕੀਆਂ ਹਨ ਤੇ ਅਜਿਹੀਆਂ ਸਾਜ਼ਿਸ਼ਾਂ ਰਾਹੀਂ ਡਰ ਦਾ ਮਾਹੌਲ ਬਣਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕੇਂਦਰ ਸਰਕਾਰ ਤੇ ਦੇਸ਼ ਦੇ ਪ੍ਰਧਾਨ ਮੰਤਰੀ ਕੋਲੋਂ ਮੰਗ ਕੀਤੀ ਕਿ ਇਸ ਧਮਾਕੇ ਦੀ ਉੱਚ ਪੱਧਰੀ ਜਾਂਚ ਕਰਵਾਈ ਜਾਵੇ ਅਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ ਤਾਂ ਜੋ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ। ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਅਫਵਾਹਾਂ ਤੋਂ ਦੂਰ ਰਹਿਣ, ਅਮਨ-ਸ਼ਾਂਤੀ ਅਤੇ ਭਾਈਚਾਰੇ ਨੂੰ ਬਣਾਈ ਰੱਖਣ ਵਿੱਚ ਸਹਿਯੋਗ ਦੇਣ ਅਤੇ ਦੇਸ਼ ਵਿਰੋਧੀ ਤਾਕਤਾਂ ਦੇ ਮਨਸੂਬਿਆਂ ਨੂੰ ਕਾਮਯਾਬ ਨਾ ਹੋਣ ਦੇਣ।