- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੌਕੇ ’ਤੇ ਪਹੁੰਚ ਕੇ ਪਤਾ ਲੱਗਾ ਕਿ ਜਲੰਧਰ ਤੋਂ ਪਠਾਨਕੋਟ ਵੱਲ ਜਾ ਰਹੀ ਇਕ ਅਣਪਛਾਤੀ ਬੱਸ ਨੇ ਸੜਕ ਪਾਰ ਕਰ ਰਹੀ ਮੋਟਰ ਰੇਹੜੀ ਨੂੰ ਟੱਕਰ ਮਾਰ ਦਿੱਤੀ, ਜਿਸ ਨਾਲ ਰੇਹੜੀ ਪਲਟ ਗਈ।

ਸੁਰਜੀਤ ਪਾਲ, ਪੰਜਾਬੀ ਜਾਗਰਣ, ਕਿਸ਼ਨਗੜ੍ਹ : ਜਲੰਧਰ-ਪਠਾਨਕੋਟ ਨੈਸ਼ਨਲ ਹਾਈਵੇ ’ਤੇ ਵਾਪਰੇ ਇਕ ਦਰਦਨਾਕ ਸੜਕ ਹਾਦਸੇ ’ਚ ਮੋਟਰ ਰੇਹੜੀ (ਜੁਗਾੜੂ ਰੇਹੜੀ) ਨੂੰ ਅਣਪਛਾਤੀ ਬੱਸ ਵੱਲੋਂ ਟੱਕਰ ਮਾਰ ਦਿੱਤੀ ਗਈ, ਜਿਸ ਕਾਰਨ ਮਾਂ-ਧੀ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ ਇਕ ਹੋਰ ਲੜਕੀ ਗੰਭੀਰ ਰੂਪ ’ਚ ਜ਼ਖਮੀ ਹੋ ਗਈ। ਹਾਦਸੇ ਸਬੰਧੀ ਜਾਣਕਾਰੀ ਦਿੰਦਿਆਂ ਸੜਕ ਸੁਰੱਖਿਆ ਫੋਰਸ ਐੱਸਐੱਸਐੱਫ ਦੇ ਇੰਚਾਰਜ ਏਐੱਸਆਈ ਰਣਜੀਤ ਸਿੰਘ ਨੇ ਦੱਸਿਆ ਕਿ ਤੜਕੇ ਕਰੀਬ 4:30 ਵਜੇ ਕਿਸੇ ਰਾਹਗੀਰ ਵੱਲੋਂ ਹਾਦਸੇ ਦੀ ਸੂਚਨਾ ਦਿੱਤੀ ਗਈ। ਮੌਕੇ ’ਤੇ ਪਹੁੰਚ ਕੇ ਪਤਾ ਲੱਗਾ ਕਿ ਜਲੰਧਰ ਤੋਂ ਪਠਾਨਕੋਟ ਵੱਲ ਜਾ ਰਹੀ ਇਕ ਅਣਪਛਾਤੀ ਬੱਸ ਨੇ ਸੜਕ ਪਾਰ ਕਰ ਰਹੀ ਮੋਟਰ ਰੇਹੜੀ ਨੂੰ ਟੱਕਰ ਮਾਰ ਦਿੱਤੀ, ਜਿਸ ਨਾਲ ਰੇਹੜੀ ਪਲਟ ਗਈ।
ਹਾਦਸੇ ’ਚ ਮੋਟਰ ਰੇਹੜੀ ’ਤੇ ਸਵਾਰ ਪਿੰਕੀ ਪਤਨੀ ਯਾਵਿਦ ਤੇ ਉਸ ਦੀ ਧੀ ਯੋਇਦਾ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ ਅਬੀਦਾ ਪੁੱਤਰੀ ਯਾਵਿਦ ਗੰਭੀਰ ਰੂਪ ’ਚ ਜ਼ਖਮੀ ਹੋ ਗਈ, ਜਿਸ ਨੂੰ ਐਂਬੂਲੈਂਸ ਰਾਹੀਂ ਇਲਾਜ ਲਈ ਸਿਵਲ ਹਸਪਤਾਲ ਕਾਲਾ ਬੱਕਰਾ ਵਿਖੇ ਦਾਖਲ ਕਰਵਾਇਆ ਗਿਆ। ਐੱਸਐੱਸਐੱਫ ਮੁਲਾਜ਼ਮਾਂ ਅਨੁਸਾਰ ਹਾਦਸੇ ਤੋਂ ਬਾਅਦ ਬੱਸ ਚਾਲਕ ਵਾਹਨ ਸਮੇਤ ਮੌਕੇ ਤੋਂ ਫਰਾਰ ਹੋ ਗਿਆ। ਇਸ ਸਬੰਧੀ ਤੁਰੰਤ ਥਾਣਾ ਭੋਗਪੁਰ ਨੂੰ ਸੂਚਿਤ ਕੀਤਾ ਗਿਆ। ਐੱਸਐੱਸਐੱਫ ਟੀਮ ਵੱਲੋਂ ਹਾਦਸੇ ਵਾਲੀ ਥਾਂ ’ਤੇ ਸੁਰੱਖਿਆ ਪ੍ਰਬੰਧ ਕਰਦਿਆਂ ਟਰੈਫਿਕ ਨੂੰ ਸੁਚਾਰੂ ਢੰਗ ਨਾਲ ਚਲਾਇਆ ਗਿਆ। ਸੂਚਨਾ ਮਿਲਣ ’ਤੇ ਥਾਣਾ ਭੋਗਪੁਰ ਦੇ ਜਾਂਚ ਅਧਿਕਾਰੀ ਏਐੱਸਆਈ ਸਲਿੰਦਰ ਸਿੰਘ ਤੇ 112 ਟੀਮ ਦੇ ਹੈੱਡ ਕਾਂਸਟੇਬਲ ਮਨਿੰਦਰਜੀਤ ਸਿੰਘ ਮੌਕੇ ’ਤੇ ਪਹੁੰਚੇ। ਪੁਲਿਸ ਨੇ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਜਲੰਧਰ ਭੇਜ ਦਿੱਤਾ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਤੇ ਫਰਾਰ ਬੱਸ ਚਾਲਕ ਦੀ ਭਾਲ ਲਈ ਕਾਰਵਾਈ ਜਾਰੀ ਹੈ।