ਸੱਚਾਈ ਤੇ ਇਮਾਨਦਾਰੀ ਦੀ ਹੋਈ ਜਿੱਤ : ਭਗਤ
ਕੀਮਤੀ ਭਗਤ, ਪੰਜਾਬੀ ਜਾਗਰਣ,
Publish Date: Fri, 27 Feb 2026 10:18 PM (IST)
Updated Date: Fri, 27 Feb 2026 10:19 PM (IST)
ਕੀਮਤੀ ਭਗਤ, ਪੰਜਾਬੀ ਜਾਗਰਣ, ਜਲੰਧਰ: ਪੰਜਾਬ ਦੇ ਕੈਬਨਿਟ ਮੰਤਰੀ ਮਹਿੰਦਰ ਭਗਤ ਨੇ ਸ਼ੁੱਕਰਵਾਰ ਨੂੰ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਤੇ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਨੂੰ ਸੀਬੀਆਈ ਕੇਸ ਵਿੱਚ ਦਿੱਲੀ ਦੀ ਅਦਾਲਤ ਵੱਲੋਂ ਬਰੀ ਕੀਤੇ ਜਾਣ ਦੇ ਫੈਸਲੇ ਦਾ ਸਵਾਗਤ ਕਰਦਿਆਂ ਇਸ ਨੂੰ ਸੱਚਾਈ ਅਤੇ ਇਨਸਾਫ਼ ਦੀ ਜਿੱਤ ਕਰਾਰ ਦਿੱਤਾ। ਇਸ ਮੌਕੇ ਉਨ੍ਹਾਂ ਨਾਲ ਮੇਅਰ ਵਨੀਤ ਧੀਰ ਵੀ ਮੌਜੂਦ ਸਨ।
ਬਸਤੀ ਨੌ ਵਿਖੇ ਆਪਣੇ ਦਫ਼ਤਰ ਵਿਖੇ ਪਾਰਟੀ ਸਮਰਥਕਾਂ ਅਤੇ ਆਮ ਲੋਕਾਂ ਨਾਲ ਖੁਸ਼ੀ ਸਾਂਝੀ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਦੋਵਾਂ ਆਗੂਆਂ ਨੂੰ ਅਦਾਲਤ ਵੱਲੋਂ ਝੂਠੇ ਅਤੇ ਮਨਘੜਤ ਦੋਸ਼ਾਂ ਤੋਂ ਬਰੀ ਕਰਨ ਦੇ ਫੈਸਲੇ ਨੇ ਆਮ ਆਦਮੀ ਪਾਰਟੀ ਦੀ ਇਮਾਨਦਾਰੀ ਅਤੇ ਹੱਕ ਤੇ ਸੱਚ ਦੇ ਰਾਹ ’ਤੇ ਚੱਲਣ ਵਾਲੀ ਸੋਚ ’ਤੇ ਮੋਹਰ ਲਾਈ ਹੈ। ਉਨ੍ਹਾਂ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਦੋਵੇਂ ਆਗੂਆਂ ਨੂੰ ਬਦਨਾਮ ਕਰਨ ਅਤੇ ਆਮ ਆਦਮੀ ਪਾਰਟੀ ਦੇ ਅਕਸ ਨੂੰ ਖ਼ਰਾਬ ਕਰਨ ਲਈ ਇਹ ਸਾਜ਼ਿਸ਼ ਘੜੀ ਗਈ ਸੀ, ਜੋ ਬੁਰੀ ਤਰ੍ਹਾਂ ਨਾਲ ਫੇਲ੍ਹ ਹੋ ਗਈ ਹੈ। ਉਨ੍ਹਾਂ ਕਿਹਾ ਕਿ ਸੱਚ ਨੂੰ ਬਹੁਤੀ ਦੇਰ ਦਬਾਇਆ ਨਹੀਂ ਜਾ ਸਕਦਾ ਅਤੇ ਅਦਾਲਤ ਦੇ ਫੈਸਲੇ ਨੇ ਸੱਚਾਈ ਸਭ ਦੇ ਸਾਹਮਣੇ ਲਿਆ ਦਿੱਤੀ ਹੈ। ਉਨ੍ਹਾਂ ਕਿਹਾ ਕਿ ਦੋਵੇਂ ਆਗੂਆਂ ਨਾਲ ਹੋਈ ਜ਼ਿਆਦਤੀ ਲਈ ਪੰਜਾਬ ਦੀ ਜਨਤਾ 2027 ਦੀਆਂ ਚੋਣਾਂ ਵਿੱਚ ਭਾਜਪਾ ਨੂੰ ਕਰਾਰਾ ਜਵਾਬ ਦੇਵੇਗੀ।
ਭਗਤ ਨੇ ਕਿਹਾ ਕਿ ਅਦਾਲਤ ਦੇ ਫੈਸਲੇ ਨਾਲ ਨਾ ਸਿਰਫ਼ ਪਾਰਟੀ ਸਮਰਥਕਾਂ ਵਿੱਚ ਖੁਸ਼ੀ ਲਹਿਰ ਦੌੜ ਗਈ ਹੈ, ਸਗੋਂ ਆਮ ਲੋਕਾਂ ਵੱਲੋਂ ਵੀ ਇਸ ਫੈਸਲੇ ਦਾ ਸਵਾਗਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਹੱਕ, ਸੱਚ ਅਤੇ ਇਮਾਨਦਾਰੀ ਦੇ ਹੱਕ ਵਿੱਚ ਆਏ ਇਸ ਫੈਸਲੇ ਨਾਲ ਪਾਰਟੀ ਵਰਕਰਾਂ ਦੇ ਹੌਸਲੇ ਹੋਰ ਬੁਲੰਦ ਹੋਏ ਹਨ। ਕੈਬਨਿਟ ਮੰਤਰੀ ਨੇ ਕਿਹਾ ਕਿ ਅਦਾਲਤ ਦੇ ਫੈਸਲੇ ਨੇ ਆਮ ਆਦਮੀ ਪਾਰਟੀ ਦੇ ਹੌਸਲੇ ਨੂੰ ਵਧਾਇਆ ਹੈ ਅਤੇ ਪਾਰਟੀ ਭਵਿੱਖ ਵਿੱਚ ਵੀ ਲੋਕਾਂ ਦੇ ਮੁੱਦਿਆਂ ਨੂੰ ਪੂਰੀ ਮਜ਼ਬੂਤੀ ਨਾਲ ਉਠਾਉਂਦੀ ਰਹੇਗੀ।