ਰਾਕੇਸ਼ ਗਾਂਧੀ, ਜਲੰਧਰ : ਕੋਵਿਡ-19 ਦੀ ਮਹਾਮਾਰੀ ਨੂੰ ਫੈਲਣ ਤੋਂ ਰੋਕਣ ਲਈ ਪੰਜਾਬ ਸਰਕਾਰ ਵੱਲੋਂ ਲਾਏ ਗਏ ਕਰਫਿਊ ਵਿਚ ਰੇਲ ਕੋਚ ਫੈਕਟਰੀ ਕਪੂਰਥਲਾ ਵਿਚ ਸ਼ਰਾਬ ਦਾ ਠੇਕਾ ਖੋਲ੍ਹ ਕੇ ਕਰਫਿਊ ਦੀ ਉਲੰਘਣਾ ਕਰਨ ਵਾਲੇ ਦੋ ਨੌਜਵਾਨਾਂ ਨੂੰ ਵਿਜੀਲੈਂਸ ਬਿਊਰੋ ਅਤੇ ਐਕਸਾਈਜ਼ ਵਿਭਾਗ ਦੀ ਟੀਮ ਨੇ ਕਾਬੂ ਕਰ ਕੇ ਉਨ੍ਹਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ।

ਜਾਣਕਾਰੀ ਦਿੰਦੇ ਹੋਏ ਐੱਸਐੱਸਪੀ ਵਿਜੀਲੈਂਸ ਬਿਊਰੋ ਜਲੰਧਰ ਯੂਨਿਟ ਡੀਐੱਸ ਿਢੱਲੋਂ ਨੇ ਦੱਸਿਆ ਕਿ ਡੀਐੱਸਪੀ ਵਿਜੀਲੈਂਸ ਬਿਊਰੋ ਕਪੂਰਥਲਾ ਨੂੰ ਮੁਖਬਰ ਖਾਸ ਨੇ ਸੂਚਨਾ ਦਿੱਤੀ ਸੀ ਕਿ ਰੇਲ ਕੋਚ ਫੈਕਟਰੀ ਕਪੂਰਥਲਾ ਦੇ ਗੇਟ ਨੰਬਰ 2 'ਤੇ ਇਕ ਸ਼ਰਾਬ ਦਾ ਠੇਕਾ ਕਰਫਿਊ ਵਿਚ ਵੀ ਖੁੱਲ੍ਹਾ ਹੋਇਆ ਹੈ ਅਤੇ ਉੱਥੇ ਗਾਹਕਾਂ ਦੀ ਭੀੜ ਲੱਗੀ ਹੋਈ ਹੈ, ਜਿਸ ਨਾਲ ਵਾਇਰਸ ਫੈਲਣ ਦੀ ਉਮੀਦ ਹੈ, ਜਿਸ 'ਤੇ ਡੀਐੱਸਪੀ ਵਿਜੀਲੈਂਸ ਬਿਊਰੋ ਕਪੂਰਥਲਾ ਨੇ ਐਕਸਾਈਜ਼ ਇੰਸਪੈਕਟਰ ਕੁਲਵੰਤ ਸਿੰਘ ਨੂੰ ਨਾਲ ਲੈ ਕੇ ਉਕਤ ਠੇਕੇ 'ਤੇ ਛਾਪੇਮਾਰੀ ਕਰ ਕੇ ਮੌਕੇ ਤੋਂ ਰਮਨ ਕੁਮਾਰ ਅਤੇ ਰਾਜੇਸ਼ ਕੁਮਾਰ ਵਾਸੀ ਪਿੰਡ ਸਾਦਿਕ ਕਪੂਰਥਲਾ ਨੂੰ ਕਾਬੂ ਕਰ ਕੇ ਉਨ੍ਹਾਂ ਖ਼ਿਲਾਫ਼ ਚੌਕੀ ਭੁਲਾਣਾ ਥਾਣਾ ਸੁਲਤਾਨਪੁਰ ਲੋਧੀ ਵਿਚ ਧਾਰਾ 188 ਆਈਪੀਸੀ ਤਹਿਤ ਮਾਮਲਾ ਦਰਜ ਕਰਵਾ ਦਿੱਤਾ ਹੈ।