ਕੰਧਾਂ ’ਤੇ ਖਾਲਿਸਤਾਨੀ ਨਾਰੇ ਲਿਖਣ ਵਾਲੇ ਦੋ ਕਾਬੂ ਕੰਧਾਂ ’ਤੇ ਖਾਲਿਸਤਾਨੀ ਨਾਰੇ ਲਿਖਣ ਵਾਲੇ ਦੋ ਕਾਬੂ
Publish Date: Thu, 08 Oct 2026 08:38 PM (IST)
Updated Date: Thu, 08 Oct 2026 08:41 PM (IST)
ਕਰਾਈਮ ਰਿਪੋਰਟਰ, ਪੰਜਾਬੀ ਜਾਗਰਣ, ਜਲੰਧਰ ਕਮਿਸ਼ਨਰੇਟ ਪੁਲਿਸ ਜਲੰਧਰ ਨੇ ਵੱਡੀ ਸਫਲਤਾ ਹਾਸਲ ਕਰਦਿਆਂ ਪਾਬੰਦੀਸ਼ੁਦਾ ਜਥੇਬੰਦੀ ਸਿੱਖਸ ਫਾਰ ਜਸਟਿਸ ਦੇ ਦੋ ਕਾਰਕੁਨਾਂ ਨੂੰ ਜਲੰਧਰ ਸਥਿਤ ਰੈੱਡ ਕਰਾਸ ਭਵਨ ਦੀ ਕੰਧ ਤੇ ਖਾਲਿਸਤਾਨ-ਪੱਖੀ ਨਾਅਰੇ ਲਿਖਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ। ਪੁਲਿਸ ਕਮਿਸ਼ਨਰ ਸਤਿੰਦਰ ਸਿੰਘ ਨੇ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਖਪ੍ਰੀਤ ਸਿੰਘ ਤੇ ਰਾਜਦੀਪ ਸਿੰਘ ਦੋਵੇਂ ਵਾਸੀ ਪਿੰਡ ਨਿਹਾਲੂਵਾਲ, ਜਲੰਧਰ ਦਿਹਾਤੀ ਵਜੋਂ ਹੋਈ ਹੈ। ਦੋਵਾਂ ਮੁਲਜ਼ਮਾਂ ਦਾ ਅਪਰਾਧਿਕ ਪਿਛੋਕੜ ਰਿਹਾ ਹੈ ਤੇ ਉਨ੍ਹਾਂ ਵਿਰੁੱਧ ਅਸਲਾ ਐਕਟ ਤੇ ਐੱਨਡੀਪੀਐੱਸ ਐਕਟ ਆਦਿ ਤਹਿਤ ਕਈ ਮਾਮਲੇ ਦਰਜ ਹਨ। ਪੁਲਿਸ ਟੀਮਾਂ ਨੇ ਉਨ੍ਹਾਂ ਦਾ ਹੀਰੋ ਸਪਲੈਂਡਰ ਮੋਟਰਸਾਈਕਲ ਜਿਸ ਦੀ ਵਰਤੋਂ ਵਾਰਦਾਤ ਨੂੰ ਅੰਜਾਮ ਦੇਣ ਲਈ ਕੀਤੀ ਗਈ ਸੀ, ਵੀ ਬਰਾਮਦ ਕਰ ਲਿਆ ਹੈ। ਜਾਣਕਾਰੀ ਅਨੁਸਾਰ, 29 ਸਤੰਬਰ 2026 ਨੂੰ ਇੱਥੇ ਰੈੱਡ ਕਰਾਸ ਭਵਨ ਦੀ ਬਾਹਰੀ ਕੰਧ ਤੇ ਖਾਲਿਸਤਾਨ-ਪੱਖੀ ਨਾਅਰੇ ਲਿਖੇ ਹੋਏ ਮਿਲੇ ਸਨ। ਬਾਅਦ ਵਿੱਚ, ਪਾਬੰਦੀਸ਼ੁਦਾ ਜਥੇਬੰਦੀ ਦੇ ਮੁੱਖ ਸਾਜ਼ਿਸ਼ਕਰਤਾ ਗੁਰਪਤਵੰਤ ਸਿੰਘ ਪੰਨੂ ਨੇ ਇਸ ਸਬੰਧੀ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਇਕ ਵੀਡੀਓ ਵੀ ਵਾਇਰਲ ਕੀਤੀ ਸੀ। ਸੀਪੀ ਸਤਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਟੀਮਾਂ ਨੇ ਤੁਰੰਤ ਕਾਰਵਾਈ ਕਰਦਿਆਂ ਇਕ ਐੱਫਆਈਆਰ ਦਰਜ ਕੀਤੀ ਤੇ ਡੀਸੀਪੀ ਸਿਟੀ ਆਦਿਤਿਆ ਵਾਰੀਅਰ ਤੇ ਡੀਸੀਪੀ ਇਨਵੈਸਟੀਗੇਸ਼ਨ ਮਨਪ੍ਰੀਤ ਸਿੰਘ ਢਿੱਲੋਂ ਦੀ ਨਿਗਰਾਨੀ ਹੇ ਜਾਂਚ ਸ਼ੁਰੂ ਕੀਤੀ। ਪੁਲਿਸ ਟੀਮਾਂ ਨੇ ਸਫਲਤਾਪੂਰਵਕ ਦੋਵਾਂ ਸ਼ੱਕੀਆਂ ਦੀ ਪਛਾਣ ਕਰਕੇ ਗ੍ਰਿਫਤਾਰ ਕਰ ਲਿਆ। ਸੀਪੀ ਨੇ ਦੱਸਿਆ ਕਿ ਪੁੱਛਗਿੱਛ ਦੌਰਾਨ ਗ੍ਰਿਫਤਾਰ ਮੁਲਜ਼ਮਾਂ ਨੇ ਖੁਲਾਸਾ ਕੀਤਾ ਕਿ 14 ਤੇ 15 ਸਤੰਬਰ 2026 ਦੀ ਦਰਮਿਆਨੀ ਰਾਤ ਨੂੰ ਉਨ੍ਹਾਂ ਨੇ ਹੁਸ਼ਿਆਰਪੁਰ ਦੇ ਚੱਬੇਵਾਲ ਨੇੜਲੇ ਪਿੰਡ ਬਾੜੀਆਂ ਕਲਾਂ ਵਿਖੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਦੀ ਭੰਨ-ਤੋੜ ਵੀ ਕੀਤੀ ਸੀ। ਇਸ ਸਬੰਧੀ ਥਾਣਾ ਚੱਬੇਵਾਲ ਵਿਖੇ ਬੀਐੱਨਐੱਸ ਦੀ ਧਾਰਾ 298 ਤਹਿਤ ਮਿਤੀ 15.09.2026 ਨੂੰ ਐੱਫਆਈਆਰ ਨੰਬਰ 130 ਪਹਿਲਾਂ ਹੀ ਦਰਜ ਹੈ। ਬੀਐੱਨਐੱਸ ਦੀਆਂ ਧਾਰਾਵਾਂ 147, 152, 196, 61(2) ਤੇ ਆਈਟੀ ਐਕਟ ਦੀ ਧਾਰਾ 66ਐੱਫ ਤਹਿਤ ਜਲੰਧਰ ਦੀ ਪੁਲਿਸ ਡਿਵੀਜ਼ਨ ਨੰਬਰ 6 ਵਿਖੇ ਮਿਤੀ 29.09.2026 ਨੂੰ ਐੱਫਆਈਆਰ ਨੰਬਰ 301 ਪਹਿਲਾਂ ਹੀ ਦਰਜ ਕੀਤੀ ਜਾ ਚੁੱਕੀ ਹੈ। ਦੋਵਾਂ ਮੁਲਜ਼ਮਾਂ ਨੂੰ ਸਥਾਨਕ ਅਦਾਲਤ ’ਚ ਪੇਸ਼ ਕਰਕੇ ਪੁਲਿਸ ਰਿਮਾਂਡ ਦੀ ਮੰਗ ਕੀਤੀ ਜਾਵੇਗੀ।