- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਦੋ ਧਿਰਾਂ ਵਿਚਾਲੇ ਹੋਈ ਲੜਾਈ, ਇਕ-ਦੂਜੇ ’ਤੇ ਲਗਾਏ ਗੰਭੀਰ ਦੋਸ਼

--ਇਕ ਧਿਰ ਨੇ ਕੁੱਟਮਾਰ, ਨਕਦੀ ਤੇ ਮੋਬਾਈਲ ਖੋਹਣ ਦੇ ਲਗਾਏ ਦੋਸ਼; ਦੂਜੀ ਧਿਰ ਨੇ ਦੋਸ਼ਾਂ ਨੂੰ ਦੱਸਿਆ ਬੇਬੁਨਿਆਦ
ਅਜੇ ਸਿੰਘ ਨਾਗੀ, ਪੰਜਾਬੀ ਜਾਗਰਣ, ਫਿਲੌਰ : ਫਿਲੌਰ ਦੇ ਗੋਪਾਲ ਕਾਲੋਨੀ ਨੰਗਲ ’ਚ ਦੋ ਧਿਰਾਂ ਵਿਚਾਲੇ ਹੋਏ ਝਗੜੇ ਤੋਂ ਬਾਅਦ ਦੋਵਾਂ ਧਿਰਾਂ ਨੇ ਇਕ-ਦੂਜੇ ’ਤੇ ਗੰਭੀਰ ਦੋਸ਼ ਲਗਾਏ ਹਨ। ਇਕ ਧਿਰ ਵੱਲੋਂ ਕੁੱਟਮਾਰ ਕਰਨ ਤੇ ਨਕਦੀ ਤੇ ਮੋਬਾਈਲ ਖੋਹਣ ਦੇ ਦੋਸ਼ ਲਗਾਏ ਗਏ ਹਨ, ਜਦਕਿ ਦੂਜੀ ਧਿਰ ਨੇ ਇਨ੍ਹਾਂ ਦੋਸ਼ਾਂ ਨੂੰ ਬੇਬੁਨਿਆਦ ਦੱਸਿਆ ਹੈ। ਇਸ ਸਬੰਧੀ ਲਵਪ੍ਰੀਤ ਸਿੰਘ ਪੁੱਤਰ ਸਤਨਾਮ ਸਿੰਘ ਵਾਸੀ ਗੋਪਾਲ ਕਲੋਨੀ ਨੰਗਲ, ਫਿਲੌਰ ਨੇ ਦੱਸਿਆ ਕਿ ਬੀਤੇ ਦਿਨ ਬਿਜਲੀ ਵਿਭਾਗ ਦੇ ਕਰਮਚਾਰੀ ਚੈਕਿੰਗ ਕਰਨ ਲਈ ਆਏ ਸਨ। ਉਸ ਸਮੇਂ ਉਹ ਘਰ ਦੇ ਬਾਹਰ ਖੜ੍ਹਾ ਸੀ। ਉਸ ਦਾ ਦੋਸ਼ ਹੈ ਕਿ ਇਸ ਦੌਰਾਨ ਉਸ ਦੇ ਗੁਆਂਢੀ ਰਾਜ ਕੁਮਾਰ ਪੁੱਤਰ ਰੇਸ਼ਮ ਲਾਲ ਨੇ ਉਸ ਨਾਲ ਗਾਲੀ-ਗਲੋਚ ਕਰਨੀ ਸ਼ੁਰੂ ਕਰ ਦਿੱਤੀ ਤੇ ਬਾਅਦ ’ਚ ਉਸ ਦੇ ਘਰ ਆ ਕੇ ਉਸ ਦੀ ਕੁੱਟਮਾਰ ਕੀਤੀ। ਲਵਪ੍ਰੀਤ ਸਿੰਘ ਨੇ ਇਹ ਵੀ ਦੋਸ਼ ਲਗਾਇਆ ਕਿ ਰਾਜ ਕੁਮਾਰ ਉਸ ਕੋਲੋਂ ਨਕਦੀ ਤੇ ਮੋਬਾਈਲ ਫੋਨ ਖੋਹ ਕੇ ਲੈ ਗਿਆ। ਲਵਪ੍ਰੀਤ ਸਿੰਘ ਨੇ ਦੱਸਿਆ ਕਿ ਸੱਟਾਂ ਲੱਗਣ ਕਾਰਨ ਉਸ ਦੇ ਪਰਿਵਾਰਕ ਮੈਂਬਰਾਂ ਨੇ ਉਸ ਨੂੰ ਇਲਾਜ ਲਈ ਸਿਵਲ ਹਸਪਤਾਲ ਫਿਲੌਰ ਵਿਖੇ ਦਾਖਲ ਕਰਵਾਇਆ।
------------------------------
ਦੂਜੀ ਧਿਰ ਨੇ ਦੋਸ਼ਾਂ ਨੂੰ ਨਕਾਰਿਆ
ਜਦੋਂ ਇਸ ਮਾਮਲੇ ਸਬੰਧੀ ਰਾਜ ਕੁਮਾਰ ਪੁੱਤਰ ਰੇਸ਼ਮ ਲਾਲ ਦਾ ਪੱਖ ਜਾਣਿਆ ਗਿਆ ਤਾਂ ਉਸ ਨੇ ਲਵਪ੍ਰੀਤ ਸਿੰਘ ਵੱਲੋਂ ਲਗਾਏ ਗਏ ਦੋਸ਼ਾਂ ਨੂੰ ਬੇਬੁਨਿਆਦ ਦੱਸਿਆ। ਉਸ ਦਾ ਕਹਿਣਾ ਹੈ ਕਿ ਦੋਵਾਂ ਧਿਰਾਂ ਵਿਚਾਲੇ ਗਾਲੀ-ਗਲੋਚ ਹੋਈ ਸੀ ਪਰ ਨਾ ਤਾਂ ਕਿਸੇ ਨੇ ਕੁੱਟਮਾਰ ਕੀਤੀ ਹੈ ਤੇ ਨਾ ਹੀ ਕਿਸੇ ਕੋਲੋਂ ਨਕਦੀ ਜਾਂ ਮੋਬਾਈਲ ਫੋਨ ਖੋਹਿਆ ਗਿਆ ਹੈ। ਦੋਵਾਂ ਧਿਰਾਂ ਨੇ ਪ੍ਰਸ਼ਾਸਨ ਦੇ ਉੱਚ ਅਧਿਕਾਰੀਆਂ ਤੋਂ ਮੰਗ ਕੀਤੀ ਹੈ ਕਿ ਇਸ ਮਾਮਲੇ ਦੀ ਨਿਰਪੱਖ ਜਾਂਚ ਕਰਵਾਈ ਜਾਵੇ। ਇਸ ਸਬੰਧੀ ਥਾਣਾ ਫਿਲੌਰ ਦੇ ਡਿਊਟੀ ਅਫ਼ਸਰ ਥਾਣੇਦਾਰ ਜੈ ਗੋਪਾਲ ਨੇ ਦੱਸਿਆ ਕਿ ਦੋਵਾਂ ਧਿਰਾਂ ਦੇ ਬਿਆਨ ਦਰਜ ਕਰਕੇ ਮਾਮਲੇ ਦੀ ਜਾਂਚ ਕੀਤੀ ਜਾਵੇਗੀ ਤੇ ਜੋ ਵੀ ਬਣਦੀ ਕਾਨੂੰਨੀ ਕਾਰਵਾਈ ਹੋਵੇਗੀ, ਉਹ ਅਮਲ ’ਚ ਲਿਆਂਦੀ ਜਾਵੇਗੀ।