ਹੈਰੋਇਨ ਦੀ ਸਪਲਾਈ ਦੇਣ ਆਏ ਦੋ ਤਸਕਰ ਕਾਬੂ
ਹੈਰੋਇਨ ਦੀ ਸਪਲਾਈ ਦੇਣ ਆਏ ਦੋ ਤਸਕਰ ਕਾਬੂ
Publish Date: Sun, 04 Jan 2026 06:12 PM (IST)
Updated Date: Mon, 05 Jan 2026 04:08 AM (IST)

ਰਾਕੇਸ਼ ਗਾਂਧੀ, ਪੰਜਾਬੀ ਜਾਗਰਣ, ਜਲੰਧਰ : ਥਾਣਾ ਰਾਮਾ ਮੰਡੀ ਦੀ ਪੁਲਿਸ ਨੇ ਮੁਖ਼ਬਰ ਖ਼ਾਸ ਦੀ ਇਤਲਾਹ ’ਤੇ ਨਾਕਾਬੰਦੀ ਕਰਦਿਆਂ ਦੋ ਨਸ਼ਾ ਤਸਕਰਾਂ ਨੂੰ ਉਸ ਵੇਲੇ ਹੈਰੋਇਨ ਸਮੇਤ ਕਾਬੂ ਕਰ ਲਿਆ ਜਦ ਉਹ ਇਸ ਦੀ ਸਪਲਾਈ ਦੇਣ ਲਈ ਇਲਾਕੇ ’ਚ ਘੁੰਮ ਰਹੇ ਸਨ। ਥਾਣਾ ਮੁਖੀ ਜਸਪਾਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਮੁਖ਼ਬਰ ਨੇ ਇਤਲਾਹ ਦਿੱਤੀ ਸੀ ਕਿ ਦੋ ਨਸ਼ਾ ਤਸਕਰ ਸੂਰਿਆ ਇਨਕਲੇਵ ਇਲਾਕੇ ’ਚ ਸਪਲੈਂਡਰ ਮੋਟਰਸਾਈਕਲ ਉਪਰ ਕਿਸੇ ਨੂੰ ਹੈਰੋਇਨ ਦੀ ਸਪਲਾਈ ਦੇਣ ਲਈ ਆ ਰਹੇ ਹਨ। ਜਿਸ ’ਤੇ ਤੁਰੰਤ ਕਾਰਵਾਈ ਕਰਦਿਆਂ ਸਬ ਇੰਸਪੈਕਟਰ ਅਵਤਾਰ ਸਿੰਘ ਨੂੰ ਪੁਲਿਸ ਪਾਰਟੀ ਸਮੇਤ ਉਕਤ ਇਲਾਕੇ ’ਚ ਨਾਕਾਬੰਦੀ ਕਰਵਾਉਣ ਲਈ ਭੇਜਿਆ ਗਿਆ। ਇਸ ਦੌਰਾਨ ਇਕ ਸਪਲੈਂਡਰ ਮੋਟਰਸਾਈਕਲ ’ਤੇ ਆ ਰਹੇ ਦੋ ਨੌਜਵਾਨਾਂ ਨੇ ਜਦ ਪੁਲਿਸ ਨਾਕਾ ਦੇਖਿਆ ਤਾਂ ਇਕਦਮ ਘਬਰਾ ਗਏ ਤੇ ਉਨ੍ਹਾਂ ਮੋਟਰਸਾਈਕਲ ਪਿੱਛੇ ਮੋੜਨ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਮੋਟਰਸਾਈਕਲ ਸਲਿੱਪ ਕਰ ਗਿਆ ਤੇ ਦੋਵੇਂ ਡਿੱਗ ਗਏ। ਦੋਵਾਂ ਨੂੰ ਕਾਬੂ ਕਰ ਕੇ ਜਦ ਪੁਲਿਸ ਪਾਰਟੀ ਨੇ ਉਨ੍ਹਾਂ ਦਾ ਨਾਂ ਪੁੱਛਿਆ ਤਾਂ ਉਨ੍ਹਾਂ ਆਪਣਾ ਨਾਮ ਕਰਨ ਉਰਫ ਕੰਨੂ ਵਾਸੀ ਬਸ਼ੀਰਪੁਰਾ ਤੇ ਗੁਰਜੀਤ ਸਿੰਘ ਉਰਫ ਹੰਨਾ ਵਾਸੀ ਕੋਟ ਬਾਬਾ ਦੀਪ ਸਿੰਘ ਨਗਰ ਦੱਸਿਆ। ਜਦੋਂ ਉਨ੍ਹਾਂ ਦੀ ਤਲਾਸ਼ੀ ਲਈ ਤਾਂ ਉਨ੍ਹਾਂ ਕੋਲੋਂ 30 ਗ੍ਰਾਮ ਹੈਰੋਇਨ ਬਰਾਮਦ ਹੋਈ, ਜਿਸ ’ਤੇ ਦੋਵਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਥਾਣਾ ਮੁਖੀ ਜਸਪਾਲ ਸਿੰਘ ਨੇ ਦੱਸਿਆ ਕਿ ਫੜੇ ਗਏ ਮੁਲਜ਼ਮਾਂ ਖ਼ਿਲਾਫ਼ ਐੱਨਡੀਪੀਐੱਸ ਤਹਿਤ ਮਾਮਲਾ ਦਰਜ ਕਰ ਕੇ ਉਨ੍ਹਾਂ ਕੋਲੋਂ ਪੁੱਛਗਿੱਛ ਲਈ ਅਦਾਲਤ ’ਚੋਂ ਪੁਲਿਸ ਰਿਮਾਂਡ ਲਿਆ ਜਾਵੇਗਾ ਤੇ ਉਨ੍ਹਾਂ ਦੇ ਨੈਟਵਰਕ ਨੂੰ ਤੋੜਨ ਦੀ ਕੋਸ਼ਿਸ਼ ਕੀਤੀ ਜਾਵੇਗੀ।