- ਪੂਰੇ ਸਾਲ ਦਾ ਬਜਟ ਜਾਰੀ ਕੀਤਾ ਜਾਵੇ : ਆਗੂ

---

ਮਹਿੰਦਰ ਰਾਮ ਫੁੱਗਲਾਣਾ, ਜਲੰਧਰ

ਪੰਜਾਬ ਰੋਡਵੇਜ਼ ਪਨਬੱਸ/ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਵੱਲੋਂ ਕੱਚੇ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਵਿਭਾਗ ਵੱਲੋਂ ਨਾ ਦੇਣ ਦੇ ਰੋਸ ਵਜੋਂ 'ਤਨਖ਼ਾਹ ਨਹੀਂ ਤਾਂ ਕੰਮ ਨਹੀਂ' ਦਾ ਨਾਅਰਾ ਬੁਲੰਦ ਕਰਦੇ ਹੋਏ ਪੰਜਾਬ ਦੇ ਸਾਰੇ ਬੱਸ ਸਟੈਂਡ ਬੰਦ ਕਰਕੇ ਰੋਸ ਪ੍ਰਦਰਸ਼ਨ ਕੀਤੇ ਗਏ ਸਨ।

ਜਲੰਧਰ ਬੱਸ ਸਟੈਂਡ 'ਤੇ ਬੱਸਾਂ ਦਾ ਚੱਕਾ ਜਾਮ ਕਰਨ ਤੋਂ ਬਾਅਦ ਧਰਨੇ ਦੌਰਾਨ ਬੋਲਦਿਆਂ ਸੂਬਾ ਮੀਤ ਪ੍ਰਧਾਨ ਦਲਜੀਤ ਸਿੰਘ ਜੱਲੇਵਾਲ, ਬਲਵਿੰਦਰ ਸਿੰਘ ਰਾਠ, ਡਿਪੂ ਪ੍ਰਧਾਨ ਗੁਰਪ੍ਰਰੀਤ ਸਿੰਘ ਤੇ ਸੱਤਪਾਲ ਸਿੰਘ ਨੇ ਕਿਹਾ ਕਿ ਕਾਂਗਰਸ ਤੇ ਅਕਾਲੀ-ਭਾਜਪਾ ਸਰਕਾਰਾਂ ਵਾਂਗ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੀ ਮੰਗ ਤੇ ਸੰਘਰਸ਼ ਕਰਦੇ ਕੱਚੇ ਮੁਲਾਜ਼ਮਾਂ ਲਈ ਪਹਿਲਾਂ ਤੋਂ ਵੀ ਮਾੜੇ ਹਾਲਾਤ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪੈਦਾ ਕੀਤੇ ਜਾ ਰਹੇ ਹਨ ਜਿਸ ਦੇ ਚਲਦਿਆਂ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਤੇ ਸੰਘਰਸ਼ ਦੇ ਨਾਲ-ਨਾਲ ਹੁਣ ਹਰ ਮਹੀਨੇ ਪਨਬੱਸ ਅਤੇ ਪੀਆਰਟੀਸੀ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਬਹੁਤ ਦੇਰੀ ਨਾਲ ਅਦਾ ਕੀਤੀਆਂ ਜਾ ਰਹੀਆਂ ਹਨ। ਤਨਖ਼ਾਹਾਂ ਲੈਣ ਲਈ ਵੀ ਰੋਸ ਮੁਜ਼ਾਹਰੇ ਜਾਂ ਹੜਤਾਲ ਕਰਨੀ ਪੈਂਦੀ ਹੈ। ਦਿਨ-ਰਾਤ ਮਿਹਨਤ ਕਰਕੇ ਪੰਜਾਬ ਦੀ ਜਨਤਾ ਨੂੰ ਮੰਜ਼ਿਲ 'ਤੇ ਪਹੁੰਚਾਉਣ ਵਾਲੇ ਅਤੇ ਲੋਕਾਂ ਨੂੰ ਮੁਫ਼ਤ ਸਫ਼ਰ ਦੀ ਸਹੂਲਤ ਦੇਣ ਵਾਲੇ ਇਨ੍ਹਾਂ ਮੁਲਾਜ਼ਮਾਂ ਦੇ ਪਰਿਵਾਰ ਆਰਥਿਕ ਮੰਦਹਾਲੀ ਦਾ ਸ਼ਿਕਾਰ ਹੋ ਰਹੇ ਹਨ ਜਿਸ ਕਾਰਨ ਬੱਸਾਂ ਚਲਾਉਣ ਵਾਲੇ ਡਰਾਈਵਰ/ ਕੰਡਕਟਰ ਵੀ ਮਾਨਸਿਕ ਤਣਾਅ ਵਿਚ ਬੱਸਾਂ ਚਲਾਉਣ ਲਈ ਮਜਬੂਰ ਹਨ। ਇਨ੍ਹਾਂ ਹਾਲਤਾਂ ਨੂੰ ਵੇਖਦੇ ਹੋਏ ਜਥੇਬੰਦੀ ਵੱਲੋਂ ਵਾਰ-ਵਾਰ ਉੱਚ ਅਧਿਕਾਰੀਆਂ ਤੇ ਟਰਾਂਸਪੋਰਟ ਮੰਤਰੀ ਨਾਲ ਸੰਪਰਕ ਕਰਨ 'ਤੇ ਵੀ ਹੁਣ ਤੱਕ ਤਨਖ਼ਾਹਾਂ ਨਾ ਦੇਣ ਕਾਰਨ ਪੰਜਾਬ ਦੇ ਸਾਰੇ ਬੱਸ ਸਟੈਡ ਬੰਦ ਕੀਤੇ ਗਏ ਸਨ। ਇਸ ਤੋਂ ਬਾਅਦ ਵੀ ਜੇਕਰ ਤਨਖ਼ਾਹ ਨਹੀ ਆਉਂਦੀ ਤਾਂ 23 ਜੂਨ ਨੂੰ ਦੁਪਹਿਰ 12 ਵਜੇ ਤੋਂ ਸਮੂਹ ਕਰਮਚਾਰੀ ਬੱਸਾਂ ਬੰਦ ਕਰਕੇ ਪਨਬੱਸ ਤੇ ਪੀਆਰਟੀਸੀ ਦਾ ਚੱਕਾ ਜਾਮ ਕਰਨਗੇ।

ਆਗੂਆਂ ਦੀ ਚਿਤਾਵਨੀ ਅਤੇ ਅਲਟੀਮੇਟਮ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਨੇ ਤਨਖ਼ਾਹਾਂ ਦਾ ਬਜਟ ਜਾਰੀ ਕਰ ਦਿੱਤਾ। ਇਹ ਬਜਟ ਸਿਰਫ ਮਈ ਮਹੀਨੇ ਦੀ ਤਨਖ਼ਾਹ ਦਾ ਜਾਰੀ ਕੀਤਾ ਗਿਆ ਜਦੋਂ ਕਿ ਜੂਨ ਮਹੀਨਾ ਵੀ ਖ਼ਤਮ ਹੋਣ ਵਾਲਾ ਹੈ। ਆਗੂਆਂ ਨੇ ਮੰਗ ਕੀਤੀ ਕਿ ਪੂਰੇ ਸਾਲ ਦਾ ਬਜਟ ਜਾਰੀ ਕੀਤਾ ਜਾਵੇ। ਉਨ੍ਹਾਂ ਇਹ ਵੀ ਮੰਗ ਕੀਤੀ ਕਿ ਤਨਖ਼ਾਹਾਂ ਲੈਣ ਲਈ ਚੱਕਾ ਜਾਮ ਕਰਨ ਦੀ ਨੌਬਤ ਹਮੇਸ਼ਾ ਲਈ ਖ਼ਤਮ ਕੀਤੀ ਜਾਵੇ।