ਕਵੀਸ਼ਰੀ ਰਾਹੀਂ ਖ਼ਾਲਸਾ ਸਾਜਨਾ ਦਿਵਸ ਦੀ ਦੱਸੀ ਅਹਿਮੀਅਤ
ਮਦਰਜ਼ ਪ੍ਰਾਈਡ ਸਕੂਲ ਵਿਖੇ ਵਿਸਾਖੀ ਦਾ ਤਿਉਹਾਰ ਮਨਾਇਆ
Publish Date: Mon, 13 Apr 2026 07:58 PM (IST)
Updated Date: Mon, 13 Apr 2026 08:01 PM (IST)
ਪ੍ਰਿਤਪਾਲ ਸਿੰਘ, ਪੰਜਾਬੀ ਜਾਗਰਣ, ਸ਼ਾਹਕੋਟ: ਮਦਰਜ਼ ਪ੍ਰਾਈਡ ਇੰਟਰਨੈਸ਼ਨਲ ਪਬਲਿਕ ਸਕੂਲ ਮਲਸੀਆਂ ’ਚ ਵਿਸਾਖੀ ਦਾ ਤਿਉਹਾਰ ਅਤੇ ਖ਼ਾਲਸਾ ਪੰਥ ਦੇ ਸਾਜਨਾ ਦਿਵਸ ਮਨਾਇਆ ਗਿਆ। ਚੇਅਰਪਰਸਨ ਕੁਮਾਰੀ ਅਰੁਣ ਜੱਸਲ ਤੇ ਪ੍ਰਿੰਸੀਪਲ ਰਜਨੀ ਬਾਲਾ ਦੀ ਅਗਵਾਈ ਹੇਠ ਕਰਵਾਏ ਦੌਰਾਨ ਵਿਦਿਆਰਥੀਆਂ ਵੱਲੋਂ ਰੰਗਾ-ਰੰਗ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ। ਬੱਚਿਆਂ ਨੇ ਪੰਜਾਬ ਦੇ ਅਮੀਰ ਵਿਰਸੇ ਦੀ ਝਲਕ ਪੇਸ਼ ਕਰਦਿਆਂ ਗਿੱਧਾ, ਭੰਗੜਾ ਅਤੇ ਜੋਸ਼ ਭਰੀਆਂ ਕਵਿਤਾਵਾਂ ਨਾਲ ਦਰਸ਼ਕਾਂ ਦਾ ਮਨ ਮੋਹ ਲਿਆ। ਖ਼ਾਲਸਾ ਸਾਜਨਾ ਦਿਵਸ ਦੀ ਮਹੱਤਤਾ ਨੂੰ ਉਜਾਗਰ ਕਰਦਿਆਂ ਵਿਦਿਆਰਥੀਆਂ ਨੇ ਕਵੀਸ਼ਰੀ ਪੇਸ਼ ਕੀਤੀ ਤੇ ਦਸ਼ਮੇਸ਼ ਪਿਤਾ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ, ਉਨ੍ਹਾਂ ਦੀ ਸੂਰਬੀਰਤਾ ਅਤੇ ਉੱਚੇ ਆਦਰਸ਼ਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਇਸ ਮੌਕੇ ਪ੍ਰਿੰਸੀਪਲ ਰਜਨੀ ਬਾਲਾ ਨੇ ਵਿਸਾਖੀ ਦੀ ਮੁਬਾਰਕਬਾਦ ਦਿੰਦਿਆਂ ਇਸ ਦਿਨ ਦੀ ਇਤਿਹਾਸਕ ਮਹੱਤਤਾ ਬਾਰੇ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਗੁਰੂਆਂ ਵੱਲੋਂ ਸਾਜਿਆ ਖ਼ਾਲਸਾ ਬਹਾਦਰੀ, ਅਨੁਸ਼ਾਸਨ ਅਤੇ ਨੈਤਿਕਤਾ ਦਾ ਪ੍ਰਤੀਕ ਹੈ, ਇਸ ਲਈ ਹਰ ਨੌਜਵਾਨ ਨੂੰ ਇਸ ਤੋਂ ਪ੍ਰੇਰਣਾ ਲੈਣੀ ਚਾਹੀਦੀ ਹੈ। ਸਮਾਗਮ ਦੀ ਸਫਲਤਾ ਵਿਚ ਜਸਮੀਤ ਕੌਰ, ਸੰਦੀਪ ਕੌਰ, ਕੋਆਰਡੀਨੇਟਰ ਪੰਕਜਜੀਤ ਕੌਰ, ਰੂਬੀ, ਕੰਵਲ ਰੰਧਾਵਾ ਵੱਲੋਂ ਮਹੱਤਵਪੂਰਨ ਯੋਗਦਾਨ ਪਾਇਆ ਗਿਆ।