- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ਵਿਜੀਲੈਂਸ ਬਿਊਰੋ ਨੇ ਐਂਟੀ ਨਾਰਕੋਟਿਕ ਟਾਸਕ ਫੋਰਸ, ਜਲੰਧਰ ਵਿਖੇ ਤਾਇਨਾਤ ਸਬ ਇੰਸਪੈਕਟਰ ਅਮਨਦੀਪ ਸਿੰਘ ਨੂੰ 1,00,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਤਰੁਣਦੀਪ ਮਹਿਰਾ, ਪੰਜਾਬੀ ਜਾਗਰਣ, ਜਲੰਧਰ : ਪੰਜਾਬ ਵਿਜੀਲੈਂਸ ਬਿਊਰੋ ਨੇ ਐਂਟੀ ਨਾਰਕੋਟਿਕ ਟਾਸਕ ਫੋਰਸ, ਜਲੰਧਰ ਵਿਖੇ ਤਾਇਨਾਤ ਸਬ ਇੰਸਪੈਕਟਰ ਅਮਨਦੀਪ ਸਿੰਘ ਨੂੰ 1,00,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਜਾਣਕਾਰੀ ਦਿੰਦਿਆਂ ਸੂਬਾਈ ਵਿਜੀਲੈਂਸ ਬਿਊਰੋ ਦੇ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਪਿੰਡ ਗੋਹਾਵਰ ਥਾਣਾ ਗੁਰਾਇਆ ਜ਼ਿਲ੍ਹਾ ਜਲੰਧਰ ਦੀ ਵਸਨੀਕ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਉਸ ਦੇ ਭਰਾ ਵਿਰੁੱਧ ਐੱਨਡੀਪੀਐੱਸ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਉਕਤ ਐੱਸਆਈ ਅਮਨਦੀਪ ਸਿੰਘ ਇਸ ਕੇਸ ’ਚ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਵੀ ਘੜੀਸਣ ਤੇ ਉਨ੍ਹਾਂ ਦੀਆਂ ਜਾਇਦਾਦਾਂ ਵਿਰੁੱਧ ਕਾਰਵਾਈ ਵਿੱਢਣ ਦੀਆਂ ਧਮਕੀਆਂ ਦੇ ਰਿਹਾ ਹੈ।
ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਾਇਆ ਕਿ ਮੁਲਜ਼ਮ ਐੱਸਆਈ ਪਹਿਲਾਂ ਹੀ ਉਸ ਤੋਂ ਵੱਖ-ਵੱਖ ਮੌਕਿਆਂ 'ਤੇ 6.50 ਲੱਖ ਰੁਪਏ ਰਿਸ਼ਵਤ ਲੈ ਚੁੱਕਾ ਹੈ ਅਤੇ ਉਸਦੀ ਭਰਜਾਈ ਨੂੰ ਮਾਮਲੇ ’ਚ ਨਾਮਜ਼ਦ ਹੋਣ ਤੋਂ ਬਚਾਉਣ ਲਈ 2 ਲੱਖ ਰੁਪਏ ਹੋਰ ਮੰਗ ਰਿਹਾ ਹੈ। ਸ਼ਿਕਾਇਤਕਰਤਾ ਨੇ ਉਕਤ ਪੁਲਿਸ ਮੁਲਾਜ਼ਮ ਵੱਲੋਂ ਰਿਸ਼ਵਤ ਮੰਗਣ ਦੀ ਗੱਲਬਾਤ ਰਿਕਾਰਡ ਕਰ ਲਈ।
ਹੋਰ ਰਿਸ਼ਵਤ ਦੇਣ ਲਈ ਰਾਜ਼ੀ ਨਾ ਹੋਣ ਕਰ ਕੇ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਯੂਨਿਟ ਕਪੂਰਥਲਾ ਨਾਲ ਸੰਪਰਕ ਕੀਤਾ। ਉਸ ਦੀ ਸ਼ਿਕਾਇਤ 'ਤੇ ਕਾਰਵਾਈ ਕਰਦਿਆਂ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ। ਜਿਸ ਦੌਰਾਨ ਮੁਲਜ਼ਮ ਐੱਸਆਈ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ’ਚ ਸ਼ਿਕਾਇਤਕਰਤਾ ਤੋਂ 1,00,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕਰਕੇ ਰਿਸ਼ਵਤ ਦੇ ਪੈਸੇ ਬਰਾਮਦ ਕਰ ਲਏ ਗਏ।
ਕਾਰਵਾਈ ਦੌਰਾਨ ਕਾਂਸਟੇਬਲ ਮਨਿੰਦਰ ਸਿੰਘ, ਜੋ ਕਿ ਮੁਲਜ਼ਮ ਐੱਸਆਈ ਨਾਲ ਸੀ, ਗੱਡੀ ਸਮੇਤ ਮੌਕੇ ਤੋਂ ਭੱਜ ਗਿਆ। ਇਸ ਸਬੰਧੀ ਮੁਲਜ਼ਮ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਜਲੰਧਰ ਵਿਖੇ ਕੇਸ ਦਰਜ ਕੀਤਾ ਗਿਆ ਹੈ ਤੇ ਕੇਸ ਦੀ ਅਗਲੇਰੀ ਜਾਂਚ ਜਾਰੀ ਹੈ।