ਨਗਰ ਨਿਗਮ ਦਾ ਕਲਰਕ ਰਿਸ਼ਵਤ ਲੈਂਦਾ ਕਾਬੂ
2000 ਰੁਪਏ ਰਿਸ਼ਵਤ ਲੈਂਦਾ ਕਲਰਕ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ
Publish Date: Thu, 08 Jan 2026 08:28 PM (IST)
Updated Date: Thu, 08 Jan 2026 08:30 PM (IST)

-ਪਾਣੀ ਤੇ ਸੀਵਰੇਜ ਕੁਨੈਕਸ਼ਨ ਨਾ ਕੱਟਣ ਦੇ ਬਦਲੇ 2000 ਰੁਪਏ ਦੀ ਮੰਗੀ ਸੀ ਰਿਸ਼ਵਤ ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜਲੰਧਰ : ਪੰਜਾਬ ਵਿਜੀਲੈਂਸ ਬਿਊਰੋ ਨੇ ਨਗਰ ਨਿਗਮ ਦੀ ਜਲ ਸਪਲਾਈ ਤੇ ਸੀਵਰੇਜ ਸ਼ਾਖਾ ’ਚ ਤਾਇਨਾਤ ਕਲਰਕ ਕਰੁਣ ਧੀਰ ਨੂੰ 2000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ। ਮੁਲਜ਼ਮ ਦੇ ਘਰ ਦੀ ਤਲਾਸ਼ੀ ਦੌਰਾਨ ਵਿਜੀਲੈਂਸ ਬਿਊਰੋ ਟੀਮ ਨੂੰ 2.72 ਲੱਖ ਰੁਪਏ ਬਰਾਮਦ ਹੋਏ ਹਨ। ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਕਿਹਾ ਕਿ ਉਕਤ ਮੁਲਜ਼ਮ ਨੂੰ ਇਕ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਸ਼ਿਕਾਇਤਕਰਤਾ ਪੰਦਰਾਂ ਮਹੀਨਿਆਂ ਤੋਂ ਜਲੰਧਰ ਦੇ ਦੋਆਬਾ ਚੌਕ ਨੇੜੇ ਅਹਾਤਾ ਚਲਾ ਰਿਹਾ ਹੈ। ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਮੁਲਜ਼ਮ ਕਰੁਣ ਧੀਰ ਉਸ ਦੇ ਅਹਾਤੇ ’ਤੇ ਆਇਆ ਸੀ ਤੇ ਉਸ ਨੇ ਸ਼ਿਕਾਇਤਕਰਤਾ ਨੂੰ ਗੈਰ-ਕਾਨੂੰਨੀ ਕੁਨੈਕਸ਼ਨ ਵਰਤਣ ਤੇ ਗੰਦਾ ਪਾਣੀ ਸੀਵਰੇਜ ’ਚ ਪਾਉਣ ਦੀ ਆੜ ’ਚ ਉਸ ਦਾ ਪਾਣੀ ਤੇ ਸੀਵਰੇਜ ਕੁਨੈਕਸ਼ਨ ਕੱਟਣ ਦੀ ਧਮਕੀ ਦਿੱਤੀ। ਸ਼ਿਕਾਇਤਕਰਤਾ ਵੱਲੋਂ ਇਹ ਦੱਸਣ ਦੇ ਬਾਵਜੂਦ ਕਿ ਕੁਨੈਕਸ਼ਨ ਲਗਪਗ 15 ਸਾਲਾਂ ਤੋਂ ਚੱਲ ਰਿਹਾ ਹੈ, ਅਧਿਕਾਰੀ ਉਸ ਨੂੰ ਧਮਕੀਆਂ ਦਿੰਦਾ ਰਿਹਾ ਤੇ ਰਿਸ਼ਵਤ ਦੀ ਮੰਗ ਕਰਦਾ ਰਿਹਾ। ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕੀਤੀ ਤੇ ਦੋਸ਼ ਲਗਾਇਆ ਕਿ ਮੁਲਜ਼ਮ ਕਰੁਣ ਧੀਰ ਨੇ ਪਾਣੀ ਤੇ ਸੀਵਰੇਜ ਕੁਨੈਕਸ਼ਨ ਨਾ ਕੱਟਣ ਦੇ ਬਦਲੇ 2000/-ਰੁਪਏ ਦੀ ਰਿਸ਼ਵਤ ਮੰਗੀ ਸੀ। ਸ਼ਿਕਾਇਤਕਰਤਾ ਨੇ ਰਿਸ਼ਵਤ ਮੰਗਣ ਦੀ ਪੂਰੀ ਗੱਲਬਾਤ ਬਤੌਰ ਸਬੂਤ ਰਿਕਾਰਡ ਕਰ ਲਈ ਸੀ। ਬੁਲਾਰੇ ਨੇ ਕਿਹਾ ਕਿ ਉਸ ਦੀ ਸ਼ਿਕਾਇਤ ’ਤੇ ਮੁੱਢਲੀ ਜਾਂਚ ਤੋਂ ਬਾਅਦ ਪਤਾ ਲੱਗਾ ਹੈ ਕਿ ਮੁਲਜ਼ਮ ਉਨ੍ਹਾਂ ਲੋਕਾਂ ਤੋਂ ਛੋਟੀਆਂ ਰਿਸ਼ਵਤਾਂ ਲੈਂਦਾ ਸੀ ਜੋ ਆਪਣਾ ਕੰਮ ਕਰਵਾਉਣਾ ਚਾਹੁੰਦੇ ਸਨ। ਸ਼ਿਕਾਇਤ ’ਤੇ ਕਾਰਵਾਈ ਕਰਦਿਆਂ ਵਿਜੀਲੈਂਸ ਬਿਊਰੋ ਦੀ ਟੀਮ ਨੇ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ’ਚ ਸ਼ਿਕਾਇਤਕਰਤਾ ਤੋਂ 2000 ਰੁਪਏ ਰਿਸ਼ਵਤ ਲੈਂਦੇ ਹੋਏ ਗ੍ਰਿਫ਼ਤਾਰ ਕਰ ਲਿਆ। ਇਸ ਸਬੰਧੀ ਵਿਜੀਲੈਂਸ ਬਿਊਰੋ ਦੇ ਥਾਣਾ ਜਲੰਧਰ ਵਿਖੇ ਮੁਲਜ਼ਮ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।