- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
20,000 ਰੁਪਏ ਰਿਸ਼ਵਤ ਲੈਂਦਾ ਕਾਨੂੰਗੋ ਦਾ ਭਰਾ ਪਰਮਿੰਦਰ ਸਿੰਘ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜਲੰਧਰ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ’ਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ ਸਬ-ਤਹਿਸੀਲ ਮਹਿਤਪੁਰ, ਜ਼ਿਲ੍ਹਾ ਜਲੰਧਰ ਵਿਖੇ ਤਾਇਨਾਤ ਕਾਨੂੰਗੋ ਜਤਿੰਦਰ ਸਿੰਘ ਦੇ ਭਰਾ ਪਰਮਿੰਦਰ ਸਿੰਘ ਨੂੰ 20,000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ। ਜਾਣਕਾਰੀ ਸਾਂਝੀ ਕਰਦਿਆਂ ਸਟੇਟ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਗੁਰੂ ਤੇਗ ਬਹਾਦਰ ਨਗਰ, ਨਕੋਦਰ, ਜ਼ਿਲ੍ਹਾ ਜਲੰਧਰ ਦੇ ਇਕ ਵਸਨੀਕ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਬੁਲਾਰੇ ਨੇ ਕਿਹਾ ਕਿ ਸ਼ਿਕਾਇਤਕਰਤਾ ਇਕ ਖੇਤੀਬਾੜੀ ਕਰਨ ਵਾਲਾ ਸ਼ਖਸ ਹੈ ਤੇ ਕਾਰ ਖ਼ਰੀਦੋ-ਫਰੋਖਤ ਦਾ ਕਾਰੋਬਾਰ ਵੀ ਕਰਦਾ ਹੈ, ਨੇ ਪਿੰਡ ਹਰੀਪੁਰ ’ਚ 12 ਮਰਲੇ ਦਾ ਘਰ ਖ਼ਰੀਦਿਆ ਸੀ, ਕਿਉਂਕਿ ਇਸ ਦੀ ਕੋਈ ਸੇਲ ਡੀਡ ਨਹੀਂ ਬਣਾਈ ਗਈ ਸੀ, ਇਸ ਲਈ ਇਕ ਸਿਵਲ ਮੁਕੱਦਮਾ ਦਾਇਰ ਕੀਤਾ ਗਿਆ, ਜਿਸ ਦਾ ਫੈਸਲਾ ਸ਼ਿਕਾਇਤਕਰਤਾ ਦੇ ਹੱਕ ’ਚ ਹੋਇਆ ਸੀ। ਫਿਰ ਉਕਤ ਫੈਸਲੇ ਵਿਰੁੱਧ ਅਪੀਲ ਦਾਇਰ ਕੀਤੀ ਗਈ ਸੀ, ਜਿਸ ਨੂੰ ਅਦਾਲਤ ਨੇ ਖਾਰਜ ਕਰ ਦਿੱਤਾ ਤੇ ਅਦਾਲਤ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਸ਼ਿਕਾਇਤਕਰਤਾ ਦੇ ਹੱਕ ’ਚ ਸੇਲ ਡੀਡ ਦਰਜ ਕੀਤੀ ਗਈ। ਬੁਲਾਰੇ ਨੇ ਦੱਸਿਆ ਕਿ ਘਰ ਦਾ ਕਬਜ਼ਾ ਦੇਣ ਲਈ ਉਕਤ ਕਾਨੂੰਗੋ ਨੂੰ ਇਕ ਅਰਜ਼ੀ ਦਿੱਤੀ ਗਈ ਸੀ। ਇਸ ਸਬੰਧੀ ਕੰਪਿਊਟਰਾਈਜ਼ਡ ਹੱਦਬੰਦੀ ਦੇ ਨਾਮ 'ਤੇ ਸ਼ਿਕਾਇਤਕਰਤਾ ਤੋਂ 15,000 ਰੁਪਏ ਦੀ ਰਕਮ ਵਸੂਲੀ ਗਈ ਸੀ। ਇਸ ਤੋਂ ਬਾਅਦ ਕਾਨੂੰਗੋ ਵੱਲੋਂ ਘਰ ਖਾਲੀ ਕਰਨ ਲਈ ਇਕ ਨੋਟਿਸ ਜਾਰੀ ਕੀਤਾ ਗਿਆ।
ਮੁਲਜ਼ਮ ਕਾਨੂੰਗੋ ਜਤਿੰਦਰ ਸਿੰਘ ਨੇ ਘਰ ਦਾ ਕਬਜ਼ਾ ਦੇਣ ਲਈ ਸ਼ਿਕਾਇਤਕਰਤਾ ਤੋਂ ਤਹਿਸੀਲਦਾਰ ਦੇ ਨਾਮ 'ਤੇ 1,00,000 ਰੁਪਏ ਦੀ ਰਿਸ਼ਵਤ ਮੰਗੀ। ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਵੱਲੋਂ ਵਾਰ-ਵਾਰ ਬੇਨਤੀ ਕਰਨ ਦੇ ਬਾਵਜੂਦ ਕਾਨੂੰਗੋ ਨੇ ਤਹਿਸੀਲਦਾਰ ਦੇ ਨਾਮ 'ਤੇ ਰਿਸ਼ਵਤ ਲਈ ਜ਼ੋਰ ਪਾਇਆ। 10,000 ਰੁਪਏ ਰਿਸ਼ਵਤ ਮੌਕੇ 'ਤੇ ਹੀ ਲੈ ਲਈ ਗਈ ਤੇ ਬਾਕੀ ਰਕਮ ਕਿਸ਼ਤਾਂ ’ਚ ਅਦਾ ਕਰਨੀ ਤੈਅ ਕੀਤੀ ਗਈ। ਸ਼ਿਕਾਇਤਕਰਤਾ ਨੇ ਗ਼ੈਰ-ਕਾਨੂੰਨੀ ਰਿਸ਼ਵਤ ਦੀ ਮੰਗ ਸਬੰਧੀ ਪੂਰੀ ਗੱਲਬਾਤ ਰਿਕਾਰਡ ਕਰ ਲਈ। ਬੁਲਾਰੇ ਨੇ ਖ਼ੁਲਾਸਾ ਕੀਤਾ ਕਿ ਮੁਲਜ਼ਮ ਕਾਨੂੰਗੋ ਜਤਿੰਦਰ ਸਿੰਘ ਨੇ ਸ਼ਿਕਾਇਤਕਰਤਾ 'ਤੇ ਰਿਸ਼ਵਤ ਦੀ ਅਗਲੀ ਕਿਸ਼ਤ ਦੇਣ ਲਈ ਦੁਬਾਰਾ ਦਬਾਅ ਪਾਇਆ, ਕਿਉਂਕਿ ਸ਼ਿਕਾਇਤਕਰਤਾ ਬਿਨਾਂ ਰਿਸ਼ਵਤ ਦਿੱਤੇ ਆਪਣਾ ਕੰਮ ਕਰਵਾਉਣਾ ਚਾਹੁੰਦਾ ਸੀ, ਇਸ ਲਈ ਉਸ ਨੇ ਵਿਜੀਲੈਂਸ ਬਿਊਰੋ ਰੇਂਜ ਜਲੰਧਰ ਨਾਲ ਸੰਪਰਕ ਕੀਤਾ।
ਉਸ ਦੀ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਮੁੱਖ ਮੁਲਜ਼ਮ ਜਤਿੰਦਰ ਸਿੰਘ ਕਾਨੂੰਗੋ ਦੇ ਭਰਾ ਪਰਮਿੰਦਰ ਸਿੰਘ, ਜਿਸ ਨੂੰ ਉਸ ਨੇ ਰਿਸ਼ਵਤ ਲੈਣ ਲਈ ਭੇਜਿਆ ਸੀ, ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ’ਚ ਸ਼ਿਕਾਇਤਕਰਤਾ ਤੋਂ 20000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ। ਮੁੱਖ ਮੁਲਜ਼ਮ ਕਾਨੂੰਗੋ ਜਤਿੰਦਰ ਸਿੰਘ, ਇਸ ਸਮੇਂ ਫ਼ਰਾਰ ਹੈ ਤੇ ਉਸ ਨੂੰ ਗ੍ਰਿਫ਼ਤਾਰ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ ਤੇ ਉਸ ਨੂੰ ਜਲਦੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਇਸ ਸਬੰਧੀ ਵਿਜੀਲੈਂਸ ਬਿਊਰੋ ਦੇ ਥਾਣਾ ਜਲੰਧਰ ’ਚ ਇਨ੍ਹਾਂ ਮੁਲਜ਼ਮਾਂ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਤੇ ਇਸ ਸਬੰਧੀ ਹੋਰ ਜਾਂਚ ਜਾਰੀ ਹੈ।