ਨਾਇਬ ਕੋਰਟ ਨੂੰ 8000 ਰੁਪਏ ਦੀ ਵੱਢੀ ਲੈਂਦਾ ਕਾਬੂ
ਵਿਜੀਲੈਂਸ ਬਿਊਰੋ ਨੇ ਨਾਇਬ ਕੋਰਟ ਨੂੰ 8000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ
Publish Date: Wed, 18 Feb 2026 09:04 PM (IST)
Updated Date: Wed, 18 Feb 2026 09:06 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜਲੰਧਰ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ’ਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਉਪ ਮੰਡਲ ਮੈਜਿਸਟਰੇਟ ਕਪੂਰਥਲਾ ਦੀ ਅਦਾਲਤ ’ਚ ਤਾਇਨਾਤ ਨਾਇਬ ਕੋਰਟ ਰਜਿੰਦਰ ਸਿੰਘ ਨੂੰ 8000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ, ਰਾਜ ਵਿਜੀਲੈਂਸ ਬਿਊਰੋ ਦੇ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮੁਲਜ਼ਮ ਨੂੰ ਨਕੋਦਰ, ਜ਼ਿਲ੍ਹਾ ਜਲੰਧਰ ਦੇ ਇਕ ਨਿਵਾਸੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਅਧਾਰ ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਜੋ ਮਜ਼ਦੂਰ ਹੈ, ਨੇ ਦੱਸਿਆ ਕਿ ਉਸ ਨੂੰ ਤੇ ਉਸਦੇ ਦੋਸਤ ਜੋਬਨ ਨੂੰ ਪੁਲਿਸ ਨੇ ਬੀਐੱਨਐੱਸਐੱਸ ਦੀ ਧਾਰਾ 128 (ਪਹਿਲਾਂ ਸੀਆਰਪੀਸੀ ਦੀ ਧਾਰਾ 109 ਸੀ) ਤਹਿਤ ਇਕ ਮਾਮਲੇ ’ਚ ਗ੍ਰਿਫ਼ਤਾਰ ਕੀਤਾ ਸੀ ਤੇ ਐੱਸਡੀਐੱਮ ਕਪੂਰਥਲਾ ਦੀ ਅਦਾਲਤ ’ਚ ਪੇਸ਼ ਕੀਤਾ ਸੀ। ਇਸ ਉਪਰੰਤ, ਸ਼ਿਕਾਇਤਕਰਤਾ ਨੂੰ ਜ਼ਮਾਨਤ ਤੇ ਰਿਹਾਅ ਕਰ ਦਿੱਤਾ ਗਿਆ ਤੇ ਅਗਲੀ ਸੁਣਵਾਈ ਦੀ ਮਿਤੀ 18 ਫਰਵਰੀ ਨਿਰਧਾਰਤ ਕੀਤੀ ਗਈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਹੈ ਕਿ ਨਾਇਬ ਕੋਰਟ ਰਜਿੰਦਰ ਸਿੰਘ ਉਸ ਨੂੰ ਵਾਰ-ਵਾਰ ਪਰੇਸ਼ਾਨ ਕਰਦਾ ਸੀ ਤੇ ਉਸ ਨੇ ਕੇਸ ਖਾਰਜ ਕਰਨ ਬਦਲੇ 10,000 ਰੁਪਏ ਰਿਸ਼ਵਤ ਦੀ ਮੰਗ ਕੀਤੀ। ਸ਼ਿਕਾਇਤਕਰਤਾ ਦੀ ਬੇਨਤੀ ਤੇ ਮੰਗੀ ਗਈ ਰਕਮ ਦਾ ਭੁਗਤਾਨ ਕਰਨ ’ਚ ਅਸਮਰੱਥਾ ਜ਼ਾਹਰ ਕਰਨ ਤੇ, ਮੁਲਜ਼ਮ 8,000 ਰੁਪਏ ਰਿਸ਼ਵਤ ਲੈਣਾ ਮੰਨ ਗਿਆ। ਰਿਸ਼ਵਤ ਮੰਗਣ ਸਬੰਧੀ ਸਾਰੀ ਗੱਲਬਾਤ ਸ਼ਿਕਾਇਤਕਰਤਾ ਵੱਲੋਂ ਰਿਕਾਰਡ ਕਰ ਲਈ ਗਈ ਸੀ। ਸ਼ਿਕਾਇਤਕਰਤਾ ਰਿਸ਼ਵਤ ਨਹੀਂ ਦੇਣਾ ਚਾਹੁੰਦਾ ਸੀ ਇਸ ਲਈ ਉਸ ਨੇ ਵਿਜੀਲੈਂਸ ਬਿਊਰੋ ਯੂਨਿਟ, ਜਲੰਧਰ ਨਾਲ ਸੰਪਰਕ ਕੀਤਾ। ਉਸਦੀ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ, ਵਿਜੀਲੈਂਸ ਬਿਊਰੋ ਟੀਮ ਨੇ ਇਕ ਜਾਲ ਵਿਛਾਇਆ ਜਿਸ ਦੌਰਾਨ ਮੁਲਜ਼ਮ ਨਾਇਬ ਕੋਰਟ ਰਾਜਿੰਦਰ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ’ਚ ਸ਼ਿਕਾਇਤਕਰਤਾ ਤੋਂ 8000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ, ਉਕਤ ਮੁਲਜ਼ਮ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਜਲੰਧਰ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ ਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।