ਸੜਕ ’ਤੇ ਲੁੱਕ ਨਾ ਪਾਏ ਜਾਣ ਦੇ ਰੋਸ ਵਜੋਂ ਪਿੰਡ ਵਾਸੀਆਂ ਨੇ ਕੀਤਾ ਪ੍ਰਦਰਸ਼ਨ ਸੜਕ 'ਤੇ ਲੁੱਕ ਨਾ ਪਾਏ ਜਾਣ ਦੇ ਰੋਸ ਵਜੋਂ ਪਿੰਡ ਵਾਸੀਆਂ ਨੇ ਕੀਤਾ ਪ੍ਰਦਰਸ਼ਨ
Publish Date: Tue, 30 Jun 2026 06:42 PM (IST)
Updated Date: Tue, 30 Jun 2026 06:43 PM (IST)
-ਇਕ ਹਫ਼ਤੇ ’ਚ ਕੰਮ ਸ਼ੁਰੂ ਨਾ ਹੋਇਆ ਤਾਂ ਸੰਘਰਸ਼ ਦੀ ਚਿਤਾਵਨੀ ਅਜੇ ਸਿੰਘ ਨਾਗੀ, ਪੰਜਾਬੀ ਜਾਗਰਣ, ਫਿਲੌਰ : ਹਲਕਾ ਫਿਲੌਰ ਅਧੀਨ ਗੰਨਾ ਪਿੰਡ–ਮੋਤੀਪੁਰ ਖਾਲਸਾ–ਭੋਲੇਵਾਲ–ਪੰਜ ਢੇਰਾ ਨੂੰ ਜੋੜਦੀ ਸੜਕ ਤੇ ਮਹੀਨਿਆਂ ਤੋਂ ਲੁੱਕ ਨਾ ਪਾਏ ਜਾਣ ਦੇ ਰੋਸ ਵਜੋਂ ਇਲਾਕੇ ਦੇ ਪਿੰਡ ਵਾਸੀਆਂ ਨੇ ਪ੍ਰਦਰਸ਼ਨ ਕਰਕੇ ਸਰਕਾਰ ਅਤੇ ਲੋਕ ਨਿਰਮਾਣ ਵਿਭਾਗ (ਪੀਡਬਲਿਊਡੀ) ਖ਼ਿਲਾਫ਼ ਨਾਰਾਜ਼ਗੀ ਜ਼ਾਹਿਰ ਕੀਤੀ। ਇਸ ਦੌਰਾਨ ਲੋਕਾਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਇੱਕ ਹਫ਼ਤੇ ਅੰਦਰ ਕੰਮ ਸ਼ੁਰੂ ਨਾ ਕੀਤਾ ਗਿਆ ਤਾਂ ਉਹ ਸੰਘਰਸ਼ ਕਰਨ ਲਈ ਮਜਬੂਰ ਹੋਣਗੇ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੇ ਜ਼ਿਲ੍ਹਾ ਜਲੰਧਰ ਦੇ ਜਨਰਲ ਸਕੱਤਰ ਲਖਵਿੰਦਰ ਸਿੰਘ ਮੋਤੀਪੁਰ ਖਾਲਸਾ, ਆਗੂ ਜਰਨੈਲ ਸਿੰਘ ਤੇ ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੇ ਜ਼ਿਲ੍ਹਾ ਜਨਰਲ ਸਕੱਤਰ ਕਮਲਜੀਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੜਕਾਂ ਦੇ ਵਿਕਾਸ ਦੇ ਵੱਡੇ-ਵੱਡੇ ਦਾਅਵੇ ਕੀਤੇ ਜਾਂਦੇ ਹਨ ਪਰ ਜ਼ਮੀਨੀ ਹਕੀਕਤ ਇਸ ਤੋਂ ਉਲਟ ਹੈ। ਉਨ੍ਹਾਂ ਕਿਹਾ ਕਿ ਸੜਕ ਤੇ ਪਏ ਰੋੜੇ ਤੇ ਅਧੂਰਾ ਕੰਮ ਰੋਜ਼ਾਨਾ ਰਾਹਗੀਰਾਂ ਲਈ ਪ੍ਰੇਸ਼ਾਨੀ ਤੇ ਹਾਦਸਿਆਂ ਦਾ ਕਾਰਨ ਬਣ ਰਹੇ ਹਨ। ਪਿੰਡ ਵਾਸੀਆਂ ਨੇ ਦੱਸਿਆ ਕਿ ਸੜਕ ਦਾ ਉਦਘਾਟਨ ਸਤੰਬਰ 2025 ’ਚ ਕੀਤਾ ਗਿਆ ਸੀ ਤੇ ਫਰਵਰੀ 2026 ’ਚ ਠੇਕੇਦਾਰ ਵੱਲੋਂ ਰੋੜੇ (ਵੱਟੇ) ਵਿਛਾ ਦਿੱਤੇ ਗਏ ਸਨ। ਪੰਜ ਮਹੀਨੇ ਬੀਤ ਜਾਣ ਦੇ ਬਾਵਜੂਦ ਅਜੇ ਤੱਕ ਸੜਕ ਤੇ ਲੁੱਕ ਨਹੀਂ ਪਾਈ ਗਈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਹਲਕਾ ਇੰਚਾਰਜ ਹਰਜੋਤ ਕੌਰ ਲੋਹਟੀਆਂ ਨੂੰ ਵੀ ਕਈ ਵਾਰ ਜਾਣੂ ਕਰਵਾਇਆ ਗਿਆ, ਪਰ ਸਮੱਸਿਆ ਦਾ ਕੋਈ ਹੱਲ ਨਹੀਂ ਨਿਕਲਿਆ। ਲੋਕਾਂ ਨੇ ਕਿਹਾ ਕਿ ਹਾਲਾਤ ਅਜਿਹੇ ਹਨ ਕਿ ਪੰਚਾਂ ਦਾ ਕਿਹਾ ਸਿਰ ਮੱਥੇ, ਪਰ ਪਰਨਾਲਾ ਉੱਥੇ ਦਾ ਉੱਥੇ ਵਾਲੀ ਸਥਿਤੀ ਬਣੀ ਹੋਈ ਹੈ। ਉਨ੍ਹਾਂ ਕਿਹਾ ਕਿ ਅਧੂਰੀ ਸੜਕ ਕਾਰਨ ਗੰਨਾ ਪਿੰਡ, ਮੋਤੀਪੁਰ ਖਾਲਸਾ, ਭੋਲੇਵਾਲ ਤੇ ਪੰਜ ਢੇਰਾ ਨੂੰ ਜਾਣ ਵਾਲੇ ਲੋਕਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸੜਕ ਤੇ ਖਿਲਰੇ ਰੋੜਿਆਂ ਕਾਰਨ ਵਾਹਨਾਂ ਨੂੰ ਨੁਕਸਾਨ ਪਹੁੰਚ ਰਿਹਾ ਹੈ ਅਤੇ ਹਾਦਸਿਆਂ ਦਾ ਵੀ ਖ਼ਤਰਾ ਬਣਿਆ ਰਹਿੰਦਾ ਹੈ। ਇਸ ਮੌਕੇ ਪਿੰਡ ਵਾਸੀਆਂ ਨੇ ਐੱਸਡੀਐੱਮ ਫਿਲੌਰ ਦੀਪਕ ਕੁਮਾਰ ਨੂੰ ਸੁਪਰਡੈਂਟ ਅਸ਼ੋਕ ਕੁਮਾਰ ਰਾਹੀਂ ਮੰਗ ਪੱਤਰ ਸੌਂਪਿਆ। ਉਨ੍ਹਾਂ ਮੰਗ ਕੀਤੀ ਕਿ ਸੜਕ ਦਾ ਕੰਮ ਤੁਰੰਤ ਮੁਕੰਮਲ ਕਰਵਾਇਆ ਜਾਵੇ, ਨਹੀਂ ਤਾਂ ਲੋਕ ਸੰਘਰਸ਼ ਦਾ ਰਾਹ ਅਖ਼ਤਿਆਰ ਕਰਨਗੇ, ਜਿਸ ਦੀ ਪੂਰੀ ਜ਼ਿੰਮੇਵਾਰੀ ਪੰਜਾਬ ਸਰਕਾਰ ਤੇ ਸਬੰਧਤ ਵਿਭਾਗ ਦੀ ਹੋਵੇਗੀ। ਇਸ ਸਬੰਧੀ ਪੀਡਬਲਿਊਡੀ ਦੇ ਐੱਸਡੀਓ ਪਰਮਿੰਦਰ ਸਿੰਘ ਨੇ ਦੱਸਿਆ ਕਿ ਲੁੱਕ ਦੀਆਂ ਵਧੀਆਂ ਕੀਮਤਾਂ ਕਾਰਨ ਕੁਝ ਠੇਕੇਦਾਰਾਂ ਨੇ ਕੰਮ ਰੋਕ ਦਿੱਤਾ ਸੀ, ਜਿਸ ਕਾਰਨ ਉਨ੍ਹਾਂ ਤੇ ਜੁਰਮਾਨਾ ਵੀ ਲਗਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਜਿਵੇਂ ਹੀ ਹਾਟ ਮਿਕਸ ਪਲਾਂਟ ਚਾਲੂ ਹੋਣਗੇ, ਸੜਕ ਤੇ ਲੁੱਕ ਪਾਉਣ ਦਾ ਕੰਮ ਸ਼ੁਰੂ ਕਰ ਦਿੱਤਾ ਜਾਵੇਗਾ। ਇਸ ਮੌਕੇ ਸਾਬਕਾ ਸਰਪੰਚ ਬਲਜਿੰਦਰ ਸਿੰਘ, ਨੰਬਰਦਾਰ ਮਨਜਿੰਦਰ ਸਿੰਘ, ਸਰਪੰਚ ਕੁਲਵੀਰ ਸਿੰਘ, ਪੰਚ ਹਰਪ੍ਰੀਤ ਸਿੰਘ, ਪੰਚ ਗੁਰਪ੍ਰੀਤ ਸਿੰਘ, ਮੇਜਰ ਸਿੰਘ, ਸ਼ਮਸ਼ੇਰ ਸਿੰਘ, ਤਰਵਿੰਦਰ ਸਿੰਘ, ਧਰਮਿੰਦਰ ਸਿੰਘ, ਲਾਡੀ ਤੇ ਵੱਡੀ ਗਿਣਤੀ ’ਚ ਇਲਾਕਾ ਵਾਸੀ ਹਾਜ਼ਰ ਸਨ।