ਸੜਕ ’ਤੇ ਲੁੱਕ ਨਾ ਪੈਣ ਕਾਰਨ ਪਿੰਡ ਵਾਸੀਆਂ ’ਚ ਰੋਸ
ਸੜਕ ’ਤੇ ਲੁੱਕ ਨਾ ਪੈਣ ਕਾਰਨ ਪਿੰਡ ਵਾਸੀਆਂ ’ਚ ਰੋਸ
Publish Date: Thu, 30 Apr 2026 07:35 PM (IST)
Updated Date: Thu, 30 Apr 2026 07:37 PM (IST)
ਅਜੇ ਸਿੰਘ ਨਾਗੀ, ਪੰਜਾਬੀ ਜਾਗਰਣ, ਫਿਲੌਰ : ਹਲਕਾ ਫਿਲੌਰ ਦੇ ਪਿੰਡ ਮੋਤੀਪੁਰ ਖਾਲਸਾ ਵਿੱਚ ਸੜਕ ਦੀ ਮੰਦੀ ਹਾਲਤ ਕਾਰਨ ਪਿੰਡ ਵਾਸੀਆਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਪਿੰਡ ਵਾਸੀਆਂ ਅਤੇ ਕਿਸਾਨ ਆਗੂ ਲਖਵਿੰਦਰ ਸਿੰਘ ਨੇ ਦੱਸਿਆ ਕਿ ਨਵੰਬਰ 2025 ਵਿੱਚ ਸੜਕ ’ਤੇ ਪੱਥਰ ਤਾਂ ਪਾ ਦਿੱਤੇ ਗਏ ਸਨ ਪਰ ਲਗਭਗ ਡੇਢ ਸਾਲ ਬੀਤਣ ਦੇ ਬਾਵਜੂਦ ਲੁੱਕ ਨਹੀਂ ਪਾਈ ਗਈ। ਉਨ੍ਹਾਂ ਕਿਹਾ ਕਿ ਸੜਕ ਦੀ ਖਰਾਬ ਹਾਲਤ ਕਾਰਨ ਆਵਾਜਾਈ ਕਰਨ ਵਾਲਿਆਂ ਨੂੰ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਨੇ ਦੋਸ਼ ਲਾਇਆ ਕਿ ਸਰਕਾਰ ਵੱਲੋਂ ਸੜਕਾਂ ਦੇ ਵਿਕਾਸ ਦੇ ਵੱਡੇ ਦਾਅਵੇ ਕੀਤੇ ਜਾਂਦੇ ਹਨ ਪਰ ਜ਼ਮੀਨੀ ਹਕੀਕਤ ਕੁਝ ਹੋਰ ਹੀ ਹੈ। ਪਿੰਡ ਵਾਸੀਆਂ ਨੇ ਸਬੰਧਤ ਵਿਭਾਗ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇ ਜਲਦ ਹੀ ਸੜਕ ’ਤੇ ਲੁੱਕ ਨਾ ਪਾਈ ਗਈ ਤਾਂ ਉਹ ਤਿੱਖਾ ਸੰਘਰਸ਼ ਕਰਨ ਲਈ ਮਜਬੂਰ ਹੋਣਗੇ, ਜਿਸ ਦੀ ਜ਼ਿੰਮੇਵਾਰੀ ਪ੍ਰਸ਼ਾਸਨ ਅਤੇ ਵਿਭਾਗ ਦੀ ਹੋਵੇਗੀ। ਇਸ ਮੌਕੇ ਜਰਨੈਲ ਸਿੰਘ, ਅਵਤਾਰ ਸਿੰਘ, ਰਣਜੀਤ ਸਿੰਘ, ਗਿਆਨ ਸਿੰਘ, ਜਰਨੈਲ ਸਿੰਘ ਧੰਜੂ ਤੇ ਸੁਖਵਿੰਦਰ ਸਿੰਘ ਸਮੇਤ ਹੋਰ ਪਿੰਡ ਵਾਸੀ ਮੌਜੂਦ ਸਨ।