ਵਰਜੀਤ ਵਾਲੀਆ ਨੇ ਨਵੇਂ ਡੀਸੀ ਵਜੋਂ ਸੰਭਾਲਿਆ ਅਹੁਦਾ
ਵਰਜੀਤ ਵਾਲੀਆ ਨੇ ਨਵੇਂ ਡਿਪਟੀ ਕਮਿਸ਼ਨਰ ਦਾ ਅਹੁਦਾ ਸੰਭਾਲਿਆ
Publish Date: Fri, 10 Apr 2026 07:24 PM (IST)
Updated Date: Fri, 10 Apr 2026 07:44 PM (IST)
ਕਿਹਾ, ਸਰਕਾਰੀ ਯੋਜਨਾਵਾਂ ਨੂੰ ਲਾਗੂ ਕਰਨਾ ਤੇ ਲੋਕ ਸ਼ਿਕਾਇਤਾਂ ਦਾ ਸਮੇਂ ਸਿਰ ਨਿਬੇੜਾ ਮੁੱਖ ਉਦੇਸ਼
ਪੰਜਾਬੀ ਜਾਗਰਣ ਪ੍ਰਤੀਨਿਧ, ਜਲੰਧਰ
ਜਲੰਧਰ ਦੇ ਨਵੇਂ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਸ਼ੁੱਕਰਵਾਰ ਨੂੰ ਅਹੁਦਾ ਸੰਭਾਲਿਆ। ਵਾਲੀਆ 2018 ਬੈਚ ਦੇ ਆਈਏਐੱਸ ਅਧਿਕਾਰੀ ਹਨ। ਅਹੁਦਾ ਸੰਭਾਲਣ ਤੋਂ ਬਾਅਦ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਪ੍ਰਮੁੱਖ ਯੋਜਨਾਵਾਂ ਤੇ ਲੋਕ ਭਲਾਈ ਪ੍ਰੋਗਰਾਮਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨਾ ਉਨ੍ਹਾਂ ਦੀ ਪ੍ਰਮੁੱਖਤਾ ਹੋਵੇਗੀ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਲੋਕ-ਪੱਖੀ ਪਹਿਲਕਦਮੀਆਂ ਦਾ ਲਾਭ ਜ਼ਮੀਨੀ ਪੱਧਰ 'ਤੇ ਲੋਕਾਂ ਤੱਕ ਪਹੁੰਚਾਉਣ 'ਤੇ ਵਿਸ਼ੇਸ਼ ਜ਼ੋਰ ਦਿੱਤਾ ਜਾਵੇਗਾ।
---
ਡਿਊਟੀ ਪੂਰੀ ਲਗਨ ਨਾਲ ਨਿਭਾਉਣ ਦੇ ਦਿੱਤੇ ਨਿਰਦੇਸ਼
ਅਧਿਕਾਰੀਆਂ ਤੇ ਸਟਾਫ ਨਾਲ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਵਾਲੀਆ ਨੇ ਉਨ੍ਹਾਂ ਨੂੰ ਆਪਣੀ ਡਿਊਟੀ ਪੂਰੀ ਲਗਨ ਨਾਲ ਨਿਭਾਉਣ ਲਈ ਕਿਹਾ ਤਾਂ ਜੋ ਵੱਖ-ਵੱਖ ਯੋਜਨਾਵਾਂ ਦਾ ਲਾਭ ਸਮਾਜ ਦੇ ਹਰ ਵਰਗ ਤੱਕ ਪੁੱਜ ਸਕੇ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹੇ ’ਚ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਦੇ ਨਾਲ-ਨਾਲ ਲੋਕ ਸ਼ਿਕਾਇਤਾਂ ਦਾ ਸਮੇਂ ਸਿਰ ਨਿਬੇੜਾ ਉਨ੍ਹਾਂ ਦੀ ਪ੍ਰਮੁੱਖਤਾ ਹੋਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਪਾਰਦਰਸ਼ੀ ਤੇ ਜਵਾਬਦੇਹ ਪ੍ਰਸ਼ਾਸਨ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ ਤੇ ਇਸ ਟੀਚੇ ਦੀ ਪ੍ਰਾਪਤੀ ਲਈ ਵਿਸਥਾਰ ਨਾਲ ਸਿਸਟਮ ਤਿਆਰ ਕੀਤਾ ਜਾਵੇਗਾ। ਜਲੰਧਰ ਨਾਲ ਆਪਣੀ ਸਾਂਝ ਨੂੰ ਯਾਦ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਉਨ੍ਹਾਂ ਨੇ ਜ਼ਿਲ੍ਹਾ ’ਚ ਆਪਣੀ ਇਕ ਸਾਲ ਦੀ ਫੀਲਡ ਸਿਖ਼ਲਾਈ ਮੁਕੰਮਲ ਕੀਤੀ ਸੀ ਤੇ ਕੋਵਿਡ-19 ਮਹਾਮਾਰੀ ਅਤੇ ਹੜ੍ਹ ਦੀ ਸਥਿਤੀ ਦੇ ਪ੍ਰਬੰਧਨ ’ਚ ਵੀ ਕੰਮ ਕੀਤਾ ਸੀ। ਜਲੰਧਰ ਨੂੰ ਖੇਡਾਂ, ਉਦਯੋਗ, ਮੀਡੀਆ ਤੇ ਪਰਵਾਸੀ ਭਾਰਤੀਆਂ ਦਾ ਇਕ ਪ੍ਰਮੁੱਖ ਕੇਂਦਰ ਦੱਸਦਿਆਂ ਡਿਪਟੀ ਕਮਿਸ਼ਨਰ ਨੇ ਸਮਾਜ ਦੇ ਸਾਰੇ ਵਰਗਾਂ ਦੀ ਭਲਾਈ ਲਈ ਅਣਥੱਕ ਕੰਮ ਕਰਨ ਦੀ ਵਚਨਬੱਧਤਾ ਦੁਹਰਾਈ।
---
ਰੂਪ ਨਗਰ ਤੇ ਪਟਿਆਲਾ ’ਚ ਰਹੇ ਡੀਸੀ
ਇਸ ਤੋਂ ਪਹਿਲਾਂ ਉਹ ਰੂਪਨਗਰ ਦੇ ਡਿਪਟੀ ਕਮਿਸ਼ਨਰ ਰਹਿ ਚੁੱਕੇ ਹਨ, ਜਿੱਥੇ ਉਨ੍ਹਾਂ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨਾਲ ਸਬੰਧਤ ਮਹੱਤਵਪੂਰਨ ਸਮਾਗਮਾਂ ’ਚ ਡਿਊਟੀ ਕਰਨ ਦਾ ਮੌਕਾ ਪ੍ਰਾਪਤ ਹੋਇਆ ਸੀ। ਉਪਰੰਤ ਜਲੰਧਰ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਨਿਯੁਕਤ ਹੋਣ ਤੋਂ ਪਹਿਲਾਂ ਉਹ ਪਟਿਆਲਾ ਦੇ ਡਿਪਟੀ ਕਮਿਸ਼ਨਰ ਸਨ। ਇਸ ਤੋਂ ਪਹਿਲਾਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ’ਚ ਉਨ੍ਹਾਂ ਨੂੰ ਜ਼ਿਲ੍ਹਾ ਪੁਲਿਸ ਦੀ ਟੁਕੜੀ ਵੱਲੋਂ ਗਾਰਡ ਆਫ਼ ਆਨਰ ਦਿੱਤਾ ਗਿਆ। ਉਪਰੰਤ ਜ਼ਿਲ੍ਹਾ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀਆਂ ਅਤੇ ਮੁਲਾਜ਼ਮਾਂ ਵੱਲੋਂ ਉਨ੍ਹਾਂ ਦਾ ਸਵਾਗਤ ਕੀਤਾ ਗਿਆ।