- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਰਕਾਰੀ ਪੌਲੀਟੈਕਨਿਕ ਕਾਲਜ ਵਿਖੇ ਵਿਦਿਆਰਥੀਆਂ ਲਈ ਵੋਟਰ ਹੈਲਪ ਡੈਸਕ ਸਥਾਪਿਤ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜਲੰਧਰ : ਸਰਕਾਰੀ ਪੌਲੀਟੈਕਨਿਕ ਕਾਲਜ, ਲਾਡੋਵਾਲੀ ਰੋਡ, ਜਲੰਧਰ ਵਿਖੇ ਵਿਦਿਆਰਥੀਆਂ ਨੂੰ ਵੋਟਰ ਰਜਿਸਟ੍ਰੇਸ਼ਨ ਸਬੰਧੀ ਸਹਾਇਤਾ ਪ੍ਰਦਾਨ ਕਰਨ ਅਤੇ ਉਨ੍ਹਾਂ ਨੂੰ ਆਪਣੇ ਵੋਟ ਦੇ ਅਧਿਕਾਰ ਪ੍ਰਤੀ ਜਾਗਰੂਕ ਕਰਨ ਲਈ ਵਿਸ਼ੇਸ਼ ਵੋਟਰ ਹੈਲਪ ਡੈਸਕ ਸਥਾਪਿਤ ਕੀਤਾ ਗਿਆ। ਇਹ ਉਪਰਾਲਾ ਦਿਵਿਆ ਪੀ., ਆਈ.ਏ.ਐੱਸ., ਐਡੀਸ਼ਨਲ ਡਿਪਟੀ ਕਮਿਸ਼ਨਰ (ਡੀ.) ਅਤੇ ਐਸ.ਡੀ.ਐਮ. ਜਲੰਧਰ-1 ਸ਼ੁਭੀ ਆਂਗਰਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਕੀਤਾ ਗਿਆ।
ਵੋਟਰ ਹੈਲਪ ਡੈਸਕ ਦੌਰਾਨ ਸਵੀਪ ਨੋਡਲ ਅਫ਼ਸਰ ਚੰਦਰ ਸ਼ੇਖਰ ਅਤੇ ਮਨਜੀਤ ਮੈਨੀ ਵੱਲੋਂ ਵਿਦਿਆਰਥੀਆਂ ਨੂੰ ਵੋਟਰ ਰਜਿਸਟ੍ਰੇਸ਼ਨ ਦੀ ਪ੍ਰਕਿਰਿਆ, ਵੋਟ ਦੀ ਮਹੱਤਤਾ ਅਤੇ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਸਬੰਧੀ ਜਾਣਕਾਰੀ ਦਿੱਤੀ ਗਈ। ਉਨ੍ਹਾਂ ਨੇ ਖ਼ਾਸ ਤੌਰ ’ਤੇ ਉਨ੍ਹਾਂ ਯੋਗ ਵਿਦਿਆਰਥੀਆਂ ਨੂੰ ਵੋਟਰ ਵਜੋਂ ਰਜਿਸਟਰ ਹੋਣ ਲਈ ਪ੍ਰੇਰਿਤ ਕੀਤਾ, ਜਿਨ੍ਹਾਂ ਦੀਆਂ ਅਜੇ ਤੱਕ ਵੋਟਾਂ ਨਹੀਂ ਬਣੀਆਂ ਸਨ। ਇਸ ਮੌਕੇ ਵਿਦਿਆਰਥੀਆਂ ਨੂੰ ਰਜਿਸਟ੍ਰੇਸ਼ਨ ਕਰਵਾਉਣ ਵਿੱਚ ਲੋੜੀਂਦੀ ਸਹਾਇਤਾ ਵੀ ਪ੍ਰਦਾਨ ਕੀਤੀ ਗਈ। ਇਸ ਮੌਕੇ ਕਾਲਜ ਦੀ ਪ੍ਰਿੰਸੀਪਲ ਪ੍ਰੇਨੁਕਾ ਜਿੰਦਲ ਨੇ ਕਿਹਾ ਕਿ ਨੌਜਵਾਨਾਂ ਨੂੰ ਆਪਣੇ ਵੋਟ ਦੇ ਅਧਿਕਾਰ ਅਤੇ ਲੋਕਤੰਤਰਿਕ ਜ਼ਿੰਮੇਵਾਰੀਆਂ ਪ੍ਰਤੀ ਜਾਗਰੂਕ ਕਰਨਾ ਸਮੇਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਵੋਟਰ ਹੈਲਪ ਡੈਸਕ ਰਾਹੀਂ ਵਿਦਿਆਰਥੀਆਂ ਨੂੰ ਵੋਟਰ ਰਜਿਸਟ੍ਰੇਸ਼ਨ ਸਬੰਧੀ ਜਾਣਕਾਰੀ ਅਤੇ ਸਹਾਇਤਾ ਆਸਾਨੀ ਨਾਲ ਉਪਲੱਬਧ ਕਰਵਾਈ ਜਾ ਰਹੀ ਹੈ। ਉਨ੍ਹਾਂ ਸਾਰੇ ਯੋਗ ਵਿਦਿਆਰਥੀਆਂ ਨੂੰ ਆਪਣੀ ਵੋਟ ਬਣਵਾਉਣ ਅਤੇ ਚੋਣਾਂ ਦੌਰਾਨ ਜ਼ਿੰਮੇਵਾਰੀ ਨਾਲ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ। ਕਾਲਜ ਦੇ ਐਚ.ਓ.ਡੀ. ਅਕਸ਼ੈ ਜਿਲੋਵਾ ਨੇ ਕਿਹਾ ਕਿ ਵੋਟਰ ਵਜੋਂ ਰਜਿਸਟਰ ਹੋਣਾ ਹਰ ਯੋਗ ਨਾਗਰਿਕ ਦੀ ਲੋਕਤੰਤਰਿਕ ਜ਼ਿੰਮੇਵਾਰੀ ਹੈ।
ਵੋਟਰ ਹੈਲਪ ਡੈਸਕ ਨੂੰ ਸਫਲ ਬਣਾਉਣ ਵਿੱਚ ਸ਼ਾਲਿਨੀ ਠਾਕੁਰ ਅਤੇ ਪ੍ਰੀਤ ਪਾਲ ਵੱਲੋਂ ਵੀ ਵਿਦਿਆਰਥੀਆਂ ਨੂੰ ਲੋੜੀਂਦੀ ਸਹਾਇਤਾ ਪ੍ਰਦਾਨ ਕੀਤੀ ਗਈ। ਇਸ ਉਪਰਾਲੇ ਦਾ ਮੁੱਖ ਉਦੇਸ਼ ਯੋਗ ਵਿਦਿਆਰਥੀਆਂ ਦੀ ਵੋਟਰ ਵਜੋਂ ਰਜਿਸਟ੍ਰੇਸ਼ਨ ਨੂੰ ਉਤਸ਼ਾਹਿਤ ਕਰਨਾ, ਉਨ੍ਹਾਂ ਨੂੰ ਆਪਣੇ ਵੋਟ ਦੇ ਅਧਿਕਾਰ ਪ੍ਰਤੀ ਜਾਗਰੂਕ ਕਰਨਾ ਅਤੇ ਨੌਜਵਾਨਾਂ ਦੀ ਲੋਕਤੰਤਰਿਕ ਪ੍ਰਕਿਰਿਆ ਵਿੱਚ ਸਰਗਰਮ ਭਾਗੀਦਾਰੀ ਨੂੰ ਯਕੀਨੀ ਬਣਾਉਣਾ ਸੀ।