ਨਸ਼ਿਆਂ ਖ਼ਿਲਾਫ਼ 'ਜੰਗ' ਤੇ ਸਿਹਤ ਲਈ 'ਸੰਗ': ਡਿਪਟੀ ਕਮਿਸ਼ਨਰ ਵੱਲੋਂ 'ਸਾਈਕਲੋਥਾਨ 4.0' ਦਾ ਪੋਸਟਰ ਜਾਰੀ; ਨੌਜਵਾਨਾਂ ਨੂੰ ਵੱਧ-ਚੜ੍ਹ ਕੇ ਹਿੱਸਾ ਲੈਣ ਦਾ ਸੱਦਾ
ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਜਲੰਧਰ ਵਾਸੀਆਂ ਨੂੰ ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਪਹਿਲਕਦਮੀ ਤਹਿਤ 18 ਅਪ੍ਰੈਲ ਨੂੰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਏ.ਪੀ.ਜੇ. ਸਕੂਲ ਦੇ ਸਹਿਯੋਗ ਨਾਲ ਕਰਵਾਈ ਜਾ ਰਹੀ ‘ਸਾਈਕਲੋਥਾਨ 4.0’ ਵਿੱਚ ਵਧ-ਚੜ੍ਹ ਕੇ ਭਾਗ ਲੈਣ ਦਾ ਸੱਦਾ ਦਿੱਤਾ। ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ‘ਸਾਈਕਲੋਥਾਨ 4.0’ ਦਾ ਪੋਸਟਰ ਰਿਲੀਜ਼ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਹ ਉਪਰਾਲਾ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਵੱਡੇ ਪੱਧਰ ’ਤੇ ਜਾਗਰੂਕਤਾ ਫੈਲਾਉਣ ਅਤੇ ਲੋਕਾਂ ਖਾਸ ਕਰ ਨੌਜਵਾਨਾਂ ਨੂੰ ਸਿਹਤਮੰਦ ਜੀਵਨ ਸ਼ੈਲੀ ਅਪਨਾਉਣ ਲਈ ਪ੍ਰੇਰਿਤ ਕਰਨ ਲਈ ਕੀਤਾ ਜਾ ਰਿਹਾ ਹੈ।
Publish Date: Thu, 16 Apr 2026 03:23 PM (IST)
Updated Date: Thu, 16 Apr 2026 03:29 PM (IST)

ਜਲੰਧਰ : ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਜਲੰਧਰ ਵਾਸੀਆਂ ਨੂੰ ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਪਹਿਲਕਦਮੀ ਤਹਿਤ 18 ਅਪ੍ਰੈਲ ਨੂੰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਏ.ਪੀ.ਜੇ. ਸਕੂਲ ਦੇ ਸਹਿਯੋਗ ਨਾਲ ਕਰਵਾਈ ਜਾ ਰਹੀ ‘ਸਾਈਕਲੋਥਾਨ 4.0’ ਵਿੱਚ ਵਧ-ਚੜ੍ਹ ਕੇ ਭਾਗ ਲੈਣ ਦਾ ਸੱਦਾ ਦਿੱਤਾ। ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ‘ਸਾਈਕਲੋਥਾਨ 4.0’ ਦਾ ਪੋਸਟਰ ਰਿਲੀਜ਼ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਹ ਉਪਰਾਲਾ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਵੱਡੇ ਪੱਧਰ ’ਤੇ ਜਾਗਰੂਕਤਾ ਫੈਲਾਉਣ ਅਤੇ ਲੋਕਾਂ ਖਾਸ ਕਰ ਨੌਜਵਾਨਾਂ ਨੂੰ ਸਿਹਤਮੰਦ ਜੀਵਨ ਸ਼ੈਲੀ ਅਪਨਾਉਣ ਲਈ ਪ੍ਰੇਰਿਤ ਕਰਨ ਲਈ ਕੀਤਾ ਜਾ ਰਿਹਾ ਹੈ।
ਇਸ ਮੌਕੇ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਦਿਵਿਆ ਪੀ. ਵੀ ਮੌਜੂਦ ਸਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਨੂੰ ਜੜ੍ਹੋਂ ਖਤਮ ਕਰਨ ਦੀ ਵਚਨਬੱਧਤਾ ਦੁਹਰਾਉਂਦਿਆਂ ਸ਼੍ਰੀ ਵਾਲੀਆ ਨੇ ਕਿਹਾ ਕਿ ਇਹ ਸਾਈਕਲੋਥਾਨ ਸਿਹਤਮੰਦ ਸਰੀਰ ਅਤੇ ਮਨ ਲਈ ਨਸ਼ਿਆਂ ਤੋਂ ਦੂਰ ਰਹਿਣ ਦਾ ਸੁਨੇਹਾ ਦਿੰਦੀ ਹੋਈ ਨਸ਼ਿਆਂ ਦੇ ਗੰਭੀਰ ਸਿੱਟਿਆਂ ਅਤੇ ਨਸ਼ਾ ਮੁਕਤ ਜੀਵਨ ਦੀ ਮਹੱਤਤਾ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਵਿੱਚ ਅਹਿਮ ਭੂਮਿਕਾ ਨਿਭਾਵੇਗੀ। ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਇਸ ਮੁਹਿੰਮ ਦਾ ਹਿੱਸਾ ਬਣਨ ਅਤੇ ਨਸ਼ਿਆਂ ਖਿਲਾਫ਼ ਲੜਾਈ ਨੂੰ ਹੋਰ ਮਜ਼ਬੂਤ ਬਣਾਉਣ।
ਉਨ੍ਹਾਂ ਦੱਸਿਆ ਕਿ ਸਾਈਕਲੋਥਾਨ ਦੀ ਸ਼ੁਰੂਆਤ ਸਥਾਨਕ ਏ.ਪੀ.ਜੇ. ਸਕੂਲ, ਮਾਡਲ ਟਾਊਨ (ਗੀਤਾ ਮੰਦਰ ਦੇ ਨੇੜੇ) ਤੋਂ ਸਵੇਰੇ 5:30 ਹੋਵੇਗੀ ਅਤੇ ਤਿੰਨ ਸ਼੍ਰੇਣੀਆਂ 5 ਕਿਲੋਮੀਟਰ, 10 ਕਿਲੋਮੀਟਰ ਅਤੇ 21 ਕਿਲੋਮੀਟਰ ਵਿੱਚ ਕਰਵਾਈ ਜਾਵੇਗੀ, ਤਾਂ ਜੋ ਹਰ ਉਮਰ ਅਤੇ ਸਮਰੱਥਾ ਵਾਲੇ ਲੋਕ ਇਸ ਵਿੱਚ ਹਿੱਸਾ ਲੈ ਸਕਣ। ਉਨ੍ਹਾਂ ਦੱਸਿਆ ਕਿ ਸਾਈਕਲੋਥਾਨ ਵਿੱਚ ਵਿਦਿਆਰਥੀਆਂ, ਨੌਜਵਾਨਾਂ, ਪੇਸ਼ੇਵਰ ਸਾਈਕਲ ਸਵਾਰਾਂ, ਫਿਟਨੈੱਸ ਪ੍ਰੇਮੀਆਂ ਸਮੇਤ ਪੰਜਾਬ ਭਰ ਤੋਂ 2000 ਤੋਂ ਵੱਧ ਭਾਗੀਦਾਰਾਂ ਦੇ ਹਿੱਸਾ ਲੈਣ ਦੀ ਉਮੀਦ ਹੈ। ਉਨ੍ਹਾਂ ਕਿਹਾ ਕਿ ਸਾਈਕਲੋਥਾਨ ਵਿੱਚ ਹਿੱਸਾ ਲੈਣ ਲਈ
https://forms.gle/eb6C4c9gGDXkTYzk8 ’ਤੇ ਰਜਿਸਟਰ ਕੀਤਾ ਜਾ ਸਕਦਾ ਹੈ। ਇਸ ਮੌਕੇ ਐਸ.ਡੀ.ਐਮ. ਨਵਦੀਪ ਸਿੰਘ, ਸਕੱਤਰ, ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਸੁਰਜੀਤ ਲਾਲ, ਪ੍ਰਿੰ. ਡਾ. ਰਾਜੇਸ਼ ਚੰਦੇਲ ਵੀ ਮੌਜੂਦ ਸਨ।