‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਕੀਤਾ ਜਾਗਰੂਕ
‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਵਾਰਡ ਵਾਸੀਆਂ ਨੂੰ ਕੀਤਾ ਜਾਗਰੂਕ
Publish Date: Mon, 19 Jan 2026 08:45 PM (IST)
Updated Date: Mon, 19 Jan 2026 08:48 PM (IST)

ਪ੍ਰਿਤਪਾਲ ਸਿੰਘ, ਪੰਜਾਬੀ ਜਾਗਰਣ, ਸ਼ਾਹਕੋਟ: ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਸ਼ੁਰੂ ਕੀਤੀ ਗਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਵਪਾਰੀ ਕਮਿਸ਼ਨ ਦੇ ਮੈਂਬਰ ਕੁਲਦੀਪ ਸਿੰਘ ਦੀਦ ਦੀ ਅਗਵਾਈ ਹੇਠ ਵਿਸ਼ੇਸ਼ ਜਾਗਰੂਕਤਾ ਅਭਿਆਨ ਚਲਾਇਆ ਗਿਆ। ਨਗਰ ਪੰਚਾਇਤ ਸ਼ਾਹਕੋਟ ਦੇ ਸਹਿਯੋਗ ਨਾਲ ਚਲਾਈ ਗਈ ਜਾਗਰੂਕਤਾ ਵੈਨ ਰਾਹੀਂ ਵਾਰਡ ਵਾਸੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਸੁਚੇਤ ਕੀਤਾ ਗਿਆ। ਇਸ ਮੌਕੇ ‘ਆਪ’ ਆਗੂ ਕੁਲਦੀਪ ਸਿੰਘ ਦੀਦ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਸੱਤਾ ਵਿੱਚ ਆਉਣ ਤੋਂ ਬਾਅਦ ਹੀ ਨਸ਼ਿਆਂ ਖਿਲਾਫ਼ ਸਖ਼ਤ ਕਦਮ ਚੁੱਕ ਰਹੀ ਹੈ। ਸਰਕਾਰ ਵੱਲੋਂ ਜਿੱਥੇ ਵੱਡੇ ਪੱਧਰ ਤੇ ਨਸ਼ਾ ਤਸਕਰਾਂ ਨੂੰ ਕਾਬੂ ਕਰਕੇ ਨਸ਼ਾ ਬਰਾਮਦ ਕੀਤਾ ਗਿਆ ਹੈ, ਉੱਥੇ ਹੀ ਨਸ਼ਾ ਪੀੜਤਾਂ ਨੂੰ ਨਸ਼ਾ ਛੁਡਾਊ ਕੇਂਦਰਾਂ ਵਿੱਚ ਭਰਤੀ ਕਰਵਾ ਕੇ ਮੁਫ਼ਤ ਇਲਾਜ ਦੀ ਸਹੂਲਤ ਦਿੱਤੀ ਜਾ ਰਹੀ ਹੈ। ਸਰਕਾਰ ਦਾ ਸੁਪਨਾ ਪੰਜਾਬ ਨੂੰ ਨਸ਼ਾ ਮੁਕਤ ਕਰਨਾ ਹੈ, ਜੋ ਕਿ ਲੋਕਾਂ ਦੇ ਸਹਿਯੋਗ ਨਾਲ ਹੀ ਸੰਭਵ ਹੈ। ਉਨ੍ਹਾਂ ਵਾਰਡ ਵਾਸੀਆਂ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਦੇ ਇਲਾਕੇ ਵਿੱਚ ਕੋਈ ਨਸ਼ਾ ਵੇਚਦਾ ਹੈ ਤਾਂ ਉਸਦੀ ਸੂਚਨਾ ਤੁਰੰਤ ਹੈਲਪਲਾਈਨ ਨੰਬਰ 98991-00002 ’ਤੇ ਦਿੱਤੀ ਜਾਵੇ। ਉਨ੍ਹਾਂ ਮੁਹਿੰਮ ਵਿੱਚ ਸਹਿਯੋਗ ਦੇਣ ਲਈ ਵਾਰਡ ਵਾਸੀਆਂ ਅਤੇ ਨਗਰ ਪੰਚਾਇਤ ਮੁਲਾਜ਼ਮਾਂ ਦਾ ਧੰਨਵਾਦ ਕੀਤਾ। ਇਸ ਮੌਕੇ ਸਾਬਕਾ ਐੱਮਸੀ ਜਤਿੰਦਰਪਾਲ ਬੱਲਾ, ਸਵਰਾਜ ਸਿੰਘ, ਤੇਜਮੋਹਣ ਸਿੰਘ, ਅਜੀਤ ਸਿੰਘ, ਕਲਰਕ ਮਨਦੀਪ ਸਿੰਘ, ਸੁਨੀਲ ਕੁਮਾਰ ਜੱਜੀ, ਰਾਜੂ, ਬੰਟੀ ਹੰਸ ਆਦਿ ਹਾਜ਼ਰ ਸਨ।