- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਗੁਰਦੁਆਰਾ ਬੋਲੀ ਸਾਹਿਬ ਦੇ ਆਲੇ-ਦੁਆਲੇ ਮੀਟ, ਸ਼ਰਾਬ ਤੇ ਤੰਬਾਕੂ ਦੀਆਂ ਦੁਕਾਨਾਂ ਬੰਦ ਕਰਵਾਉਣ ਲਈ ਸੰਘਰਸ਼ ਤਿੱਖਾ ਕਰਾਂਗੇ: ਸੁਰਜੀਤ ਸਿੰਘ ਖਾਲਿਸਤਾਨੀ

-ਮੰਗ ਪੱਤਰ ਦੇਣ ਦੇ ਬਾਵਜੂਦ ਕਾਰਵਾਈ ਨਾ ਹੋਣ ’ਤੇ ਪ੍ਰਗਟਾਇਆ ਰੋਸ
-ਪ੍ਰਸ਼ਾਸਨ ਨੂੰ ਅਣਮਿੱਥੇ ਸਮੇਂ ਲਈ ਧਰਨਾ ਲਗਾਉਣ ਦੀ ਦਿੱਤੀ ਚਿਤਾਵਨੀ
ਨਵਦੀਪ ਸਿੰਘ ਪਟਵਾਲੀਆ, ਪੰਜਾਬੀ ਜਾਗਰਣ, ਫਿਲੌਰ :
ਇਤਿਹਾਸਕ ਗੁਰਦੁਆਰਾ ਬੋਲੀ ਸਾਹਿਬ ਫਿਲੌਰ ਦੇ ਆਲੇ-ਦੁਆਲੇ ਕਥਿਤ ਤੌਰ ’ਤੇ ਚੱਲ ਰਹੀਆਂ ਮੀਟ, ਬੀੜੀ-ਸਿਗਰਟ ਤੇ ਸ਼ਰਾਬ ਦੇ ਠੇਕਿਆਂ ਨੂੰ ਬੰਦ ਕਰਵਾਉਣ ਦੀ ਮੰਗ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਨੇ ਸੰਘਰਸ਼ ਤੇਜ਼ ਕਰਨ ਦਾ ਐਲਾਨ ਕੀਤਾ ਹੈ। ਪਾਰਟੀ ਦੇ ਹਲਕਾ ਇੰਚਾਰਜ ਫਿਲੌਰ ਸੁਰਜੀਤ ਸਿੰਘ ਖਾਲਿਸਤਾਨੀ ਨੇ ਪ੍ਰਸ਼ਾਸਨ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਜਲਦ ਇਸ ਮਾਮਲੇ ਦਾ ਹੱਲ ਨਾ ਕੀਤਾ ਗਿਆ ਤਾਂ ਸਿੱਖ ਸੰਗਤਾਂ ਦੇ ਸਹਿਯੋਗ ਨਾਲ ਅਣਮਿੱਥੇ ਸਮੇਂ ਲਈ ਧਰਨਾ ਲਗਾਇਆ ਜਾਵੇਗਾ। ਇਸ ਸਬੰਧੀ ਗੱਲਬਾਤ ਕਰਦਿਆਂ ਸੁਰਜੀਤ ਸਿੰਘ ਖਾਲਿਸਤਾਨੀ ਨੇ ਦੱਸਿਆ ਕਿ ਤਕਰੀਬਨ ਇਕ ਮਹੀਨਾ ਪਹਿਲਾਂ ਉਨ੍ਹਾਂ ਵੱਲੋਂ ਐੱਸਡੀਐੱਮ ਫਿਲੌਰ ਨੂੰ ਮੰਗ ਪੱਤਰ ਸੌਂਪਿਆ ਗਿਆ ਸੀ। ਇਸ ਮੰਗ ਪੱਤਰ ਰਾਹੀਂ ਇਤਿਹਾਸਕ ਗੁਰਦੁਆਰਾ ਬੋਲੀ ਸਾਹਿਬ ਦੇ ਆਲੇ-ਦੁਆਲੇ ਚੱਲ ਰਹੀਆਂ ਮੀਟ ਦੀਆਂ ਦੁਕਾਨਾਂ, ਬੀੜੀ-ਸਿਗਰਟ ਦੀ ਵਿਕਰੀ ਤੇ ਸ਼ਰਾਬ ਦੇ ਠੇਕਿਆਂ ਨੂੰ ਉੱਥੋਂ ਹਟਾਉਣ ਤੇ ਬੰਦ ਕਰਵਾਉਣ ਦੀ ਮੰਗ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ ਅਜਿਹੇ ਪਵਿੱਤਰ ਅਸਥਾਨ ਦੇ ਆਲੇ-ਦੁਆਲੇ ਮੀਟ, ਤੰਬਾਕੂ ਤੇ ਸ਼ਰਾਬ ਦੀ ਵਿਕਰੀ ਹੋਣਾ ਸਿੱਖ ਸੰਗਤਾਂ ਦੀਆਂ ਧਾਰਮਿਕ ਭਾਵਨਾਵਾਂ ਨਾਲ ਜੁੜਿਆ ਗੰਭੀਰ ਮਾਮਲਾ ਹੈ। ਉਨ੍ਹਾਂ ਨੇ ਪ੍ਰਸ਼ਾਸਨ ਦੀ ਕਾਰਗੁਜ਼ਾਰੀ ’ਤੇ ਸਵਾਲ ਉਠਾਉਂਦਿਆਂ ਕਿਹਾ ਕਿ ਇਕ ਮਹੀਨਾ ਬੀਤ ਜਾਣ ਦੇ ਬਾਵਜੂਦ ਜੇਕਰ ਮੰਗ ਪੱਤਰ ’ਤੇ ਕੋਈ ਠੋਸ ਕਾਰਵਾਈ ਨਹੀਂ ਹੁੰਦੀ ਤਾਂ ਇਹ ਸੰਗਤਾਂ ਦੀਆਂ ਭਾਵਨਾਵਾਂ ਨੂੰ ਅਣਗੌਲਿਆ ਕਰਨ ਦੇ ਬਰਾਬਰ ਹੈ। ਉਨ੍ਹਾਂ ਮੰਗ ਕੀਤੀ ਕਿ ਪ੍ਰਸ਼ਾਸਨ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਤੁਰੰਤ ਜਾਂਚ ਕਰੇ ਤੇ ਨਿਯਮਾਂ ਅਨੁਸਾਰ ਸਬੰਧਤ ਦੁਕਾਨਾਂ ਤੇ ਠੇਕਿਆਂ ਨੂੰ ਉੱਥੋਂ ਹਟਾਉਣ ਲਈ ਕਾਰਵਾਈ ਕਰੇ। ਅਖੀਰ ’ਚ ਸੁਰਜੀਤ ਸਿੰਘ ਖਾਲਿਸਤਾਨੀ ਨੇ ਸਪੱਸ਼ਟ ਚਿਤਾਵਨੀ ਦਿੱਤੀ ਕਿ ਜੇ ਪ੍ਰਸ਼ਾਸਨ ਨੇ ਜਲਦ ਕੋਈ ਠੋਸ ਕਦਮ ਨਾ ਚੁੱਕਿਆ ਤਾਂ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਸਿੱਖ ਸੰਗਤਾਂ ਨੂੰ ਨਾਲ ਲੈ ਕੇ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ ਤੇ ਮੰਗਾਂ ਦੀ ਪੂਰਤੀ ਤੱਕ ਅਣਮਿੱਥੇ ਸਮੇਂ ਲਈ ਧਰਨਾ ਦਿੱਤਾ ਜਾਵੇਗਾ। ਉਨ੍ਹਾਂ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਧਾਰਮਿਕ ਸਥਾਨ ਦੀ ਮਰਿਆਦਾ ਤੇ ਸੰਗਤਾਂ ਦੀਆਂ ਭਾਵਨਾਵਾਂ ਨੂੰ ਧਿਆਨ ’ਚ ਰੱਖਦਿਆਂ ਇਸ ਮਾਮਲੇ ਦਾ ਤੁਰੰਤ ਹੱਲ ਕੀਤਾ ਜਾਵੇ।