ਘਰੇਲੂ ਸਿਲੰਡਰਾਂ ਦੀ ਵਪਾਰਕ ਵਰਤੋਂ ਬੰਦ ਹੋਵੇ : ਢੇਸੀ
ਘਰੇਲੂ ਸਿਲੰਡਰਾਂ ਦੀ ਵਪਾਰਿਕ ਵਰਤੋਂ ‘ਤੇ ਕਦੋਂ ਹੋਵੇਗੀ ਕਾਰਵਾਈ: ਢੇਸੀ
Publish Date: Wed, 18 Mar 2026 06:27 PM (IST)
Updated Date: Wed, 18 Mar 2026 06:31 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਿਲੌਰ : ਫਿਲੌਰ ਸ਼ਹਿਰ ’ਚ ਵਪਾਰਿਕ ਕੰਮਕਾਰ ਲਈ ਘਰੇਲੂ ਗੈਸ ਸਿਲੰਡਰਾਂ ਦੀ ਖੁੱਲ੍ਹੇਆਮ ਵਰਤੋਂ ਕੀਤੀ ਜਾ ਰਹੀ ਹੈ, ਜਿਸ ਨਾਲ ਸਰਕਾਰੀ ਨਿਯਮਾਂ ਦੀ ਉਲੰਘਣਾ ਹੋ ਰਹੀ ਹੈ। ਇਸ ਮਸਲੇ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ (ਦੋਆਬਾ) ਦੇ ਆਗੂਆਂ ਨੇ ਗੰਭੀਰ ਚਿੰਤਾ ਜਤਾਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਜਲੰਧਰ ਦੇ ਪ੍ਰਧਾਨ ਹਰਜੀਤ ਸਿੰਘ ਢੇਸੀ, ਸੀਨੀਅਰ ਮੀਤ ਪ੍ਰਧਾਨ ਸੁਰਿੰਦਰਪਾਲ ਸਿੰਘ ਢੇਸੀ ਤੇ ਜਨਰਲ ਸਕੱਤਰ ਤਰਸੇਮ ਸਿੰਘ ਢਿੱਲੋਂ ਨੇ ਕਿਹਾ ਕਿ ਸ਼ਹਿਰ ਦੇ ਢਾਬਿਆਂ, ਹਲਵਾਈਆਂ ਦੀਆਂ ਦੁਕਾਨਾਂ, ਚੁੰਨੀਆਂ ਰੰਗਣ ਵਾਲਿਆਂ ਤੇ ਹੋਰ ਵਪਾਰਿਕ ਇਕਾਈਆਂ ਵੱਲੋਂ ਕਮਰਸ਼ੀਅਲ ਸਿਲੰਡਰਾਂ ਦੀ ਥਾਂ ਘਰੇਲੂ ਸਿਲੰਡਰ ਵਰਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਕ ਪਾਸੇ ਆਮ ਘਰੇਲੂ ਉਪਭੋਗਤਾਵਾਂ ਨੂੰ ਸਿਲੰਡਰ ਪ੍ਰਾਪਤ ਕਰਨ ਲਈ ਸਵੇਰੇ ਤੋਂ ਲੰਬੀਆਂ ਕਤਾਰਾਂ ’ਚ ਖੜ੍ਹਾ ਹੋਣਾ ਪੈਂਦਾ ਹੈ ਤੇ ਆਪਣਾ ਕੰਮਕਾਰ ਛੱਡ ਕੇ ਪਰੇਸ਼ਾਨੀ ਝੱਲਣੀ ਪੈਂਦੀ ਹੈ, ਜਦਕਿ ਦੂਜੇ ਪਾਸੇ ਵਪਾਰਿਕ ਸਥਾਨਾਂ ’ਤੇ ਬਿਨਾਂ ਕਿਸੇ ਡਰ ਦੇ ਘਰੇਲੂ ਸਿਲੰਡਰ ਵਰਤੇ ਜਾ ਰਹੇ ਹਨ। ਆਗੂਆਂ ਨੇ ਸਰਕਾਰ ਤੇ ਸਬੰਧਤ ਵਿਭਾਗ ਨੂੰ ਅਪੀਲ ਕੀਤੀ ਕਿ ਇਸ ਮਾਮਲੇ ’ਚ ਤੁਰੰਤ ਚੈਕਿੰਗ ਕਰਕੇ ਮੁਲਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਜਲਦੀ ਕਾਰਵਾਈ ਨਾ ਕੀਤੀ ਗਈ ਤਾਂ ਲੋਕ ਮਜਬੂਰ ਹੋ ਕੇ ਸੜਕਾਂ ’ਤੇ ਉਤਰਨਗੇ। ਇਸ ਸਬੰਧੀ ਜਦੋਂ ਡੀਐੱਫਐੱਸਓ ਰਾਜ ਕੁਮਾਰ ਨਾਲ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਕਿਹਾ ਕਿ ਜਲਦੀ ਹੀ ਚੈਕਿੰਗ ਮੁਹਿੰਮ ਚਲਾ ਕੇ ਬਣਦੀ ਕਾਰਵਾਈ ਕੀਤੀ ਜਾਵੇਗੀ।