ਪਾਸਪੋਰਟ ਦਫਤਰਾਂ ’ਚ ਫੈਲੇ ਭ੍ਰਿਸ਼ਟਾਚਾਰ ਦੀ ਰਾਜ ਸਭਾ ’ਚ ਗੂੰਜ
ਪਾਸਪੋਰਟ ਦਫਤਰਾਂ ’ਚ ਫੈਲੇ ਭ੍ਰਿਸ਼ਟਾਚਾਰ ਦੀ ਰਾਜ ਸਭਾ ਵਿੱਚ ਗੂੰਜ
Publish Date: Thu, 02 Apr 2026 08:41 PM (IST)
Updated Date: Thu, 02 Apr 2026 08:43 PM (IST)

-ਸੰਤ ਸੀਚੇਵਾਲ ਨੇ ਪਾਸਪੋਰਟ ਦਫ਼ਤਰਾਂ ਦੇ ਭ੍ਰਿਸ਼ਟਾਚਾਰ ਨੂੰ ਕੀਤਾ ਬੇਨਕਾਬ ਪ੍ਰਿਤਪਾਲ ਸਿੰਘ, ਪੰਜਾਬੀ ਜਾਗਰਣ, ਸ਼ਾਹਕੋਟ : ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਵੱਲੋਂ ਪਾਸਪੋਰਟ ਦਫਤਰਾਂ ਵਿੱਚ ਲੋਕਾਂ ਦੀ ਹੋ ਰਹੀ ਖੱਜਲ ਖੁਆਰੀ, ਭ੍ਰਿਸ਼ਟਾਚਾਰ,ਰਿਸ਼ਵਤਖੋਰੀ ਅਤੇ ਲੋਕਾਂ ਦੇ ਸ਼ੋਸ਼ਣ ਦੇ ਮਸਲਿਆਂ ਨੂੰ ਜ਼ੋਰਦਾਰ ਢੰਗ ਨਾਲ ਉਠਾਇਆ ਗਿਆ। ਸਰਕਾਰ ਨੇ ਮੰਨਿਆ ਕਿ ਭ੍ਰਿਸ਼ਟਾਚਾਰ ਦੇ ਮਾਮਲਿਆਂ ਵਿੱਚ 30 ਪਾਸਪੋਰਟ ਅਧਿਕਾਰੀਆਂ ਨੂੰ ਮੁਅਤੱਲ ਕੀਤਾ ਗਿਆ ਹੈ ਤੇ 97 ਹੋਰ ਭ੍ਰਿਸ਼ਟਾਚਾਰ ਅਧਿਕਾਰੀਆਂ ਵਿਰੁੱਧ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਸੰਤ ਸੀਚੇਵਾਲ ਵੱਲੋਂ ਕੀਤੇ ਗਏ ਲਿਖਤੀ ਸਵਾਲ ਰਾਹੀ ਕੇਂਦਰ ਸਰਕਾਰ ਨੂੰ ਪੁੱਛਿਆ ਸੀ ਕਿ ਪਿਛਲੇ 5 ਸਾਲਾਂ ਦੌਰਾਨ ਦੇਸ਼ ਦੇ ਪਾਸਪੋਰਟ ਦਫਤਰਾਂ ਅਤੇ ਪਾਸਪੋਰਟ ਸੇਵਾ ਕੇਂਦਰਾਂ ਵਿੱਚ ਭ੍ਰਿਸ਼ਟਾਚਾਰ, ਰਿਸ਼ਵਤਖੋਰੀ ਵਿਰੁੱਧ ਕੀ ਕਾਰਵਾਈ ਕੀਤੀ ਗਈ ਹੈ.? ਇਸ ਦੇ ਨਾਲ ਹੀ ਉਨ੍ਹਾਂ ਨੇ ਪਾਸਪੋਰਟ ਦਫ਼ਤਰਾਂ ਵਿੱਚ ਲੋਕਾਂ ਦੇ ਹੋ ਰਹੇ ਸ਼ੋਸ਼ਣ ਦੇ ਮੁੱਦੇ ਨੂੰ ਬਹੁਤ ਗੰਭੀਰਤਾ ਨਾਲ ਉਭਾਰਿਆ। ਵਿਦੇਸ਼ ਮੰਤਰਾਲੇ ਦੇ ਕੇਂਦਰੀ ਮੰਤਰੀ ਕੀਰਤੀ ਵਰਧਨ ਸਿੰਘ ਵੱਲੋਂ ਦਿੱਤੇ ਗਏ ਜਵਾਬ ਅਨੁਸਾਰ, 2021 ਤੋਂ 2025 ਤੱਕ ਦੇ ਸਮੇਂ ਵਿੱਚ ਭ੍ਰਿਸ਼ਟਾਚਾਰ ਸੰਬੰਧੀ ਮਾਮਲਿਆਂ ਵਿੱਚ ਕਈ ਕਾਰਵਾਈਆਂ ਕੀਤੀਆਂ ਗਈਆਂ ਹਨ। ਸ਼੍ਰੀ ਕੀਰਤੀ ਵਰਧਨ ਨੇ ਦੱਸਿਆ ਕਿ ਇਸ ਸਮੇਂ ਦੌਰਾਨ 30 ਅਧਿਕਾਰੀਆਂ ਨੂੰ ਸਸਪੈਂਡ ਕੀਤਾ ਗਿਆ ਹੈ, 97 ਅਧਿਕਾਰੀਆਂ ਖ਼ਿਲਾਫ਼ ਮੁਕਾਦਮਾ ਚਲਾਉਣ ਲਈ ਮਨਜ਼ੂਰੀ ਦੀ ਪ੍ਰਕਿਰਿਆ ਸ਼ੁਰੂ ਕੀਤੀ ਗਈ ਹੈ, 13 ਉੱਤੇ ਛੋਟੀਆਂ ਸਜ਼ਾਵਾਂ ਅਤੇ 2 ਉੱਤੇ ਵੱਡੀਆਂ ਸਜ਼ਾਵਾਂ ਲਗਾਈਆਂ ਗਈਆਂ ਹਨ। ਸਰਕਾਰ ਨੇ ਇਹ ਵੀ ਦੱਸਿਆ ਕਿ ਦੇਸ਼ ਭਰ ਵਿੱਚ 19 ਪਾਸਪੋਰਟ ਦਫਤਰਾਂ ਦੀ ਜਾਂਚ ਕੀਤੀ ਗਈ। ਵਿਦੇਸ਼ ਮੰਤਰਾਲੇ ਵੱਲੋਂ ਦਿੱਤੇ ਜੁਆਬ ਵਿੱਚ ਜਲੰਧਰ ਦੇ ਪਾਸਪੋਰਟ ਦਫਤਰਾਂ ਵਿੱਚ ਇਸ ਸਮੇਂ ਦੌਰਾਨ 2 ਅਧਿਕਾਰੀਆਂ ਨੂੰ ਸਸਪੈਂਡ ਕੀਤਾ ਗਿਆ ਸੀ, ਜਦਕਿ 2 ਅਧਿਕਾਰੀਆਂ ਖਿਲਾਫ ਮਨਜ਼ੂਰੀ ਦੀ ਪ੍ਰਕਿਰਿਆ ਸ਼ੁਰੂ ਕੀਤੀ ਗਈ ਹੈ। ਇਸੇ ਤਰ੍ਹਾਂ ਚੰਡੀਗੜ੍ਹ ਵਿੱਚ 1 ਅਧਿਕਾਰੀ ਨੂੰ ਸਸਪੈਂਡ ਕੀਤਾ ਗਿਆ ਅਤੇ 1 ਖਿਲਾਫ ਮਨਜ਼ੂਰੀ ਦੀ ਪ੍ਰਕਿਿਰਆ ਸ਼ੁਰੂ ਕੀਤੀ ਗਈ ਹੈ। ਇਹਨਾਂ ਵਿੱਚ ਮੁਦਰਾਈ ਅਤੇ ਮੁਬਈ ਦੇ ਸਭ ਤੋਂ ਜ਼ਿਆਦਾ ਮਾਮਲੇ ਸਾਹਮੇਣ ਆਏ ਹਨ। ਮੁਦਰਾਈ ਵਿੱਚ 29 ਅਧਿਕਾਰੀਆਂ ਖਿਲਾਫ ਮਨਜ਼ੂਰੀ ਦੀ ਪ੍ਰਕਿਰਿਆ ਸ਼ੁਰੂ ਕੀਤੀ ਗਈ ਹੈ, ਜਦਕਿ ਮੁਬੰਈ ਵਿੱਚ 15 ਅਧਿਕਾਰੀਆਂ ਖਿਲਾਫ ਖਿਲਾਫ ਮਨਜ਼ੂਰੀ ਦੀ ਪ੍ਰਕਿਿਰਆ ਸ਼ੁਰੂ ਕੀਤੀ ਗਈ ਹੈ ਅਤੇ 3 ਅਧਿਕਾਰੀਆਂ ਨੂੰ ਸਸਪੈਂਡ ਕੀਤਾ ਜਾ ਚੁੱਕਾ ਹੈ। ਇਸ ਮੌਕੇ ‘ਤੇ ਸੰਤ ਸੀਚੇਵਾਲ ਨੇ ਕਿਹਾ ਕਿ ਇਹ ਮਾਮਲਾ ਸਿਰਫ਼ ਭ੍ਰਿਸ਼ਟਾਚਾਰ ਦਾ ਨਹੀਂ, ਸਗੋਂ ਆਮ ਲੋਕਾਂ ਦੀ ਇੱਜ਼ਤ ਅਤੇ ਅਧਿਕਾਰਾਂ ਨਾਲ ਜੁੜਿਆ ਹੋਇਆ ਹੈ। ਪਾਸਪੋਰਟ ਬਣਵਾਉਣ ਵਰਗੀ ਬੁਨਿਆਦੀ ਸੇਵਾ ਲਈ ਲੋਕਾਂ ਨੂੰ ਦਫਤਰਾਂ ਦੇ ਚੱਕਰ ਕੱਟਣੇ ਪੈਂਦੇ ਹਨ ਅਤੇ ਕਈ ਵਾਰ ਉਨ੍ਹਾਂ ਨੂੰ ਰਿਸ਼ਵਤ ਦੇਣ ਲਈ ਮਜਬੂਰ ਕੀਤਾ ਜਾਂਦਾ ਹੈ, ਜੋ ਕਿ ਬਹੁਤ ਚਿੰਤਾਜਨਕ ਹੈ। ਸੰਤ ਸੀਚੇਵਾਲ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਪਾਸਪੋਰਟ ਸੇਵਾਵਾਂ ਨੂੰ ਪੂਰੀ ਤਰ੍ਹਾਂ ਪਾਰਦਰਸ਼ੀ ਬਣਾਇਆ ਜਾਵੇ, ਦਲਾਲ ਪ੍ਰਣਾਲੀ ਨੂੰ ਖਤਮ ਕੀਤਾ ਜਾਵੇ ਅਤੇ ਦੋਸ਼ੀ ਅਧਿਕਾਰੀਆਂ ਖ਼ਿਲਾਫ਼ ਕੜੀ ਤੋਂ ਕੜੀ ਕਾਰਵਾਈ ਕੀਤੀ ਜਾਵੇ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ “ਦੇਸ਼ ਦੇ ਨਾਗਰਿਕਾਂ ਨੂੰ ਆਪਣਾ ਪਾਸਪੋਰਟ ਬਣਵਾਉਣ ਲਈ ਕਿਸੇ ਵੀ ਤਰ੍ਹਾਂ ਦੀ ਖੱਜਲ ਖੁਆਰੀ ਜਾਂ ਸ਼ੋਸ਼ਣ ਦਾ ਸਾਹਮਣਾ ਨਾ ਕਰਨਾ ਪਵੇ।