ਪੰਜਾਬੀ ਜਾਗਰਣ ਕੇਂਦਰ, ਜਲੰਧਰ : ਜ਼ਿਲ੍ਹਾ ਜਲੰਧਰ ਨੇ ਨਿਰਧਾਰਿਤ ਸਮਾਂ-ਸੀਮਾ ਅੰਦਰ ਜਾਇਦਾਦਾਂ ਦੇ ਵੱਧ ਤੋਂ ਵੱਧ ਇੰਤਕਾਲਾਂ ਅਤੇ ਸਭ ਤੋਂ ਘੱਟ ਪੈਂਡੈਂਸੀ ਨੂੰ ਯਕੀਨੀ ਬਣਾ ਕੇ ਸੂਬੇ ਭਰ ਵਿਚ ਮੋਹਰੀ ਸਥਾਨ ਹਾਸਲ ਕੀਤਾ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਜ਼ਿਲ੍ਹੇ ਦੇ ਅਧਿਕਾਰੀਆਂ ਵੱਲੋਂ 1,02,973 ਇੰਤਕਾਲ ਕੀਤੇ ਗਏ ਹਨ, ਜਿਨ੍ਹਾਂ 'ਚੋਂ ਸਿਰਫ਼ 1919 ਇੰਤਕਾਲ ਬਕਾਇਆ ਹਨ, ਜੋ ਕਿ ਕੱੁਲ ਕੇਸਾਂ ਦਾ 1.86 ਫੀਸਦੀ ਬਣਦਾ ਹੈ। ਇਸ ਕਾਰਗੁਜ਼ਾਰੀ ਨੇ ਜਲੰਧਰ ਨੂੰ ਜਾਇਦਾਦਾਂ ਦੇ ਇੰਤਕਾਲਾਂ ਨੂੰ ਸਮੇਂ ਸਿਰ ਯਕੀਨੀ ਬਣਾਉਣ ਵਿਚ ਵਧੀਆ ਪ੍ਰਦਰਸ਼ਨ ਵਾਲਾ ਜ਼ਿਲ੍ਹਾ ਬਣਾ ਦਿੱਤਾ ਹੈ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਐੱਨਡੀਜੀਆਰਐੱਸ ਪ੍ਰਣਾਲੀ ਦੇ ਏਕਾਕ੍ਰਿਤ ਹੋਣ ਤੋਂ ਬਾਅਦ ਹੁਣ ਜਾਇਦਾਦ ਦੀ ਰਜਿਸਟ੍ਰੇਸ਼ਨ ਹੋਣ ਉਪਰੰਤ 45 ਦਿਨਾਂ ਦੇ ਅੰਦਰ-ਅੰਦਰ ਇੰਤਕਾਲ ਦੀ ਰਜਿਸਟਰੇਸ਼ਨ ਹੋਣਾ ਲਾਜ਼ਮੀ ਹੈ। ਉਨ੍ਹਾਂ ਦੱਸਿਆ ਕਿ ਇਸ ਨਵੀਂ ਪ੍ਰਣਾਲੀ ਦੇ ਸ਼ੁਰੂ ਹੋਣ ਤੋਂ ਬਾਅਦ ਇਸ ਸਮਾਂ-ਸੀਮਾ ਅੰਦਰ ਮਾਲ ਅਧਿਕਾਰੀਆਂ ਵੱਲੋਂ ਇਕ ਲੱਖ ਤੋਂ ਵੱਧ ਇੰਤਕਾਲ ਦਰਜ ਕੀਤੇ ਗਏ ਹਨ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਇੰਤਕਾਲ ਸਬੰਧੀ ਸਾਰੇ ਕੇਸਾਂ ਦਾ ਜਲਦੀ ਨਿਪਟਾਰਾ ਕੀਤਾ ਜਾਵੇ ਤਾਂ ਜੋ ਜ਼ਿਲ੍ਹੇ ਵਿਚ ਜ਼ੀਰੋ ਪੈਂਡੈਂਸੀ ਨੂੰ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਜਾਇਦਾਦ ਦੇ ਇੰਤਕਾਲਾਂ ਵਿਚ ਜ਼ੀਰੋ ਪੈਂਡੈਂਸੀ ਨੂੰ ਯਕੀਨੀ ਬਣਾਉਣ ਲਈ ਸੰਜੀਦਾ ਯਤਨ ਕੀਤੇ ਜਾ ਰਹੇ ਹਨ।

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਜ਼ਿਲ੍ਹਾ ਜਲੰਧਰ ਵੱਲੋਂ ਜ਼ਿਲ੍ਹਾ ਵਾਸੀਆਂ ਨੂੰ ਨਾਗਰਿਕ ਸੇਵਾਵਾਂ ਮੁਹੱਈਆ ਕਰਵਾਉਣ ਵਿਚ ਜ਼ੀਰੋ ਪੈਂਡੈਂਸੀ ਨੂੰ ਬਰਕਰਾਰ ਰੱਖਣ ਵਿਚ ਮੋਹਰੀ ਪੁਜ਼ੀਸ਼ਨ ਨੂੰ ਕਾਇਮ ਰੱਖਿਆ ਹੋਇਆ ਹੈ। ਉਨ੍ਹਾਂ ਦੱਸਿਆ ਕਿ ਜ਼ਿਆਦਾਤਰ ਪੈਂਡਿੰਗ ਇੰਤਕਾਲ ਸਮਾਂ-ਸੀਮਾ ਅੰਦਰ ਹਨ ਅਤੇ 45 ਦਿਨਾਂ ਦੇ ਨਿਸ਼ਚਿਤ ਸਮੇਂ ਵਿਚ ਇਨ੍ਹਾਂ ਦਾ ਨਿਪਟਾਰਾ ਕਰ ਦਿੱਤਾ ਜਾਵੇਗਾ।