- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਟਿੱਪਰ ਦੀ ਟੱਕਰ ਨਾਲ ਔਰਤ ਗੰਭੀਰ ਜ਼ਖ਼ਮੀ

ਫਿਲੌਰ-ਨਵਾਂਸ਼ਹਿਰ ਰੋਡ ’ਤੇ ਬਿਨਾਂ ਨੰਬਰ ਪਲੇਟਾਂ ਤੇ ਓਵਰਸਪੀਡ ਵਾਹਨਾਂ ਦੀ ਆਵਾਜਾਈ ’ਤੇ ਉੱਠੇ ਸਵਾਲ
ਅਜੇ ਸਿੰਘ ਨਾਗੀ, ਪੰਜਾਬੀ ਜਾਗਰਣ
ਫਿਲੌਰ : ਫਿਲੌਰ-ਨਵਾਂਸ਼ਹਿਰ ਰੋਡ ’ਤੇ ਪਿੰਡ ਨਗਰ ਨੇੜੇ ਨਵੀਂ ਆਬਾਦੀ ਕੋਲ ਅੱਜ ਦੁਪਹਿਰ ਇਕ ਟਿੱਪਰ ਨੇ ਪੈਦਲ ਜਾ ਰਹੀ ਔਰਤ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਉਹ ਗੰਭੀਰ ਰੂਪ ’ਚ ਜ਼ਖ਼ਮੀ ਹੋ ਗਈ। ਜ਼ਖ਼ਮੀ ਔਰਤ ਦੀ ਪਛਾਣ ਮਨਦੀਪ ਕੌਰ ਵਾਸੀ ਪਿੰਡ ਨਗਰ ਵਜੋਂ ਹੋਈ ਹੈ। ਉਸ ਨੂੰ ਇਲਾਜ ਲਈ ਸਿਵਲ ਹਸਪਤਾਲ ਫਿਲੌਰ ਵਿਖੇ ਦਾਖ਼ਲ ਕਰਵਾਇਆ ਗਿਆ। ਘਟਨਾ ਤੋਂ ਬਾਅਦ ਰਾਹਗੀਰਾਂ ਨੇ ਟਿੱਪਰ ਚਾਲਕ ਨੂੰ ਕਾਬੂ ਕਰਕੇ ਫਿਲੌਰ ਪੁਲਿਸ ਦੇ ਹਵਾਲੇ ਕਰ ਦਿੱਤਾ।
ਟਿੱਪਰ ਚਾਲਕ ਦੀ ਪਛਾਣ ਸਰਬਜੀਤ ਸਿੰਘ ਪੁੱਤਰ ਜਸਵੰਤ ਸਿੰਘ, ਵਾਸੀ ਪਿੰਡ ਠੱਠੇਵਾਲ, ਜ਼ਿਲ੍ਹਾ ਤਰਨਤਾਰਨ ਵਜੋਂ ਹੋਈ ਹੈ। ਇਸ ਸਬੰਧੀ ਥਾਣਾ ਫਿਲੌਰ ਦੇ ਸਬ-ਇੰਸਪੈਕਟਰ ਧਰਮਿੰਦਰ ਸਿੰਘ ਨੇ ਦੱਸਿਆ ਕਿ ਜ਼ਖ਼ਮੀ ਔਰਤ ਦੇ ਬਿਆਨ ਦਰਜ ਕਰਨ ਤੋਂ ਬਾਅਦ ਮਾਮਲੇ ’ਚ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਜ਼ਿਕਰਯੋਗ ਹੈ ਕਿ ਫਿਲੌਰ-ਨਵਾਂਸ਼ਹਿਰ ਰੋਡ ’ਤੇ ਟਿੱਪਰਾਂ ਤੇ ਹੋਰ ਵਾਹਨਾਂ ਦੀ ਤੇਜ਼ ਰਫ਼ਤਾਰ ਤੇ ਬਿਨਾਂ ਨੰਬਰ ਪਲੇਟਾਂ ਦੇ ਵਾਹਨ ਚੱਲਣ ਨੂੰ ਲੈ ਕੇ ਲੋਕਾਂ ਵੱਲੋਂ ਚਿੰਤਾ ਪ੍ਰਗਟਾਈ ਜਾ ਰਹੀ ਹੈ। ਪਿੰਡ ਨਗਰ ਤੇ ਨਵੀਂ ਆਬਾਦੀ ਦੇ ਨੇੜੇ ਪਹਿਲਾਂ ਵੀ ਕਈ ਕੀਮਤੀ ਜਾਨਾਂ ਜਾਣ ਦੀਆਂ ਘਟਨਾਵਾਂ ਹੋਣ ਦੇ ਦਾਅਵੇ ਕੀਤੇ ਜਾਂਦੇ ਹਨ। ਇਸ ਦੇ ਬਾਵਜੂਦ ਲੋਕਾਂ ਵੱਲੋਂ ਸੜਕ ਸੁਰੱਖਿਆ ਤੇ ਵਾਹਨਾਂ ਦੀ ਜਾਂਚ ਨੂੰ ਲੈ ਕੇ ਪ੍ਰਸ਼ਾਸਨ ਦੀ ਕਾਰਵਾਈ ’ਤੇ ਸਵਾਲ ਉਠਾਏ ਜਾ ਰਹੇ ਹਨ। ਇਸ ਮੌਕੇ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਰਜਿੰਦਰ ਸੰਧੂ ਨੇ ਟਿੱਪਰ ਚਾਲਕਾਂ ਵੱਲੋਂ ਕਥਿਤ ਤੌਰ ’ਤੇ ਤੇਜ਼ ਰਫ਼ਤਾਰ ਨਾਲ ਤੇ ਬਿਨਾਂ ਨੰਬਰ ਪਲੇਟਾਂ ਦੇ ਵਾਹਨ ਚਲਾਉਣ ’ਤੇ ਚਿੰਤਾ ਪ੍ਰਗਟਾਈ। ਉਨ੍ਹਾਂ ਕਿਹਾ ਕਿ ਅਜਿਹੀ ਲਾਪਰਵਾਹੀ ਕਾਰਨ ਸੜਕ ਹਾਦਸਿਆਂ ਦਾ ਖ਼ਤਰਾ ਵਧਦਾ ਹੈ ਤੇ ਕਈ ਕੀਮਤੀ ਜਾਨਾਂ ਜਾ ਚੁੱਕੀਆਂ ਹਨ। ਉਨ੍ਹਾਂ ਸਬੰਧਤ ਵਿਭਾਗਾਂ ਤੋਂ ਮੰਗ ਕੀਤੀ ਕਿ ਟਿੱਪਰਾਂ ਸਮੇਤ ਹੋਰ ਵਾਹਨਾਂ ਦੀ ਨਿਯਮਿਤ ਚੈਕਿੰਗ ਕੀਤੀ ਜਾਵੇ ਤੇ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਬਣਦੀ ਕਾਨੂੰਨੀ ਕਾਰਵਾਈ ਯਕੀਨੀ ਬਣਾਈ ਜਾਵੇ, ਤਾਂ ਜੋ ਅਜਿਹੇ ਹਾਦਸਿਆਂ ਨੂੰ ਰੋਕਿਆ ਜਾ ਸਕੇ।