- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਡੀਸੀ ਦਫ਼ਤਰਾਂ ’ਚ ਪੰਜ ਦਿਨ ਕੰਮਕਾਜ ਰਹੇਗਾ ਠੱਪ, ਮੁਲਾਜ਼ਮਾਂ ਨੇ ਵਿੱਢਿਆ ਸੰਘਰਸ਼

-7 ਤੋਂ 9 ਤੱਕ ਕਲਮਛੋੜ ਤੇ ਕੰਪਿਊਟਰ ਬੰਦ ਹੜਤਾਲ, 10 ਤੇ 11 ਨੂੰ ਸਮੂਹਿਕ ਛੁੱਟੀ
ਲਖਬੀਰ, ਪੰਜਾਬੀ ਜਾਗਰਣ, ਜਲੰਧਰ
ਪੰਜਾਬ ਦੇ ਡੀਸੀ ਦਫ਼ਤਰਾਂ ਵਿੱਚ ਦਸੰਬਰ ਦੇ ਪਹਿਲੇ ਹਫ਼ਤੇ ਸਰਕਾਰੀ ਕੰਮਕਾਜ ਨੂੰ ਵੱਡਾ ਝਟਕਾ ਲੱਗਣ ਵਾਲਾ ਹੈ। ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਦਾ ਹੱਲ ਨਾ ਹੋਣ ਕਾਰਨ ਮੁਲਾਜ਼ਮ ਜਥੇਬੰਦੀ ਨੇ ਸਰਕਾਰ ਖ਼ਿਲਾਫ਼ ਸੰਘਰਸ਼ ਤੇਜ਼ ਕਰਦਿਆਂ ਲਗਾਤਾਰ ਪੰਜ ਦਿਨ ਦਫ਼ਤਰੀ ਕੰਮਕਾਜ ਠੱਪ ਰੱਖਣ ਦਾ ਐਲਾਨ ਕੀਤਾ ਹੈ। 7 ਤੋਂ 9 ਦਸੰਬਰ ਤੱਕ ਕਰਮਚਾਰੀ ਕਲਮਛੋੜ ਅਤੇ ਕੰਪਿਊਟਰ ਬੰਦ ਹੜਤਾਲ ਕਰਨਗੇ, ਜਦਕਿ 10 ਅਤੇ 11 ਦਸੰਬਰ ਨੂੰ ਸਮੂਹਿਕ ਛੁੱਟੀ ਲੈ ਕੇ ਦਫ਼ਤਰਾਂ ਦਾ ਕੰਮਕਾਜ ਬੰਦ ਰੱਖਿਆ ਜਾਵੇਗਾ।
ਇਸ ਫ਼ੈਸਲੇ ਨਾਲ ਡੀਸੀ ਦਫ਼ਤਰਾਂ ਤੋਂ ਇਲਾਵਾ ਐੱਸਡੀਐੱਮ, ਤਹਿਸੀਲ ਅਤੇ ਸਬ-ਤਹਿਸੀਲ ਪੱਧਰ 'ਤੇ ਵੀ ਆਮ ਲੋਕਾਂ ਦੇ ਕੰਮ ਪ੍ਰਭਾਵਿਤ ਹੋਣ ਦੀ ਸੰਭਾਵਨਾ ਹੈ। ਜਥੇਬੰਦੀ ਦੇ ਸੂਬਾ ਪ੍ਰਧਾਨ ਤਜਿੰਦਰ ਸਿੰਘ ਨੰਗਲ ਤੇ ਜਨਰਲ ਸਕੱਤਰ ਨਰਿੰਦਰ ਸਿੰਘ ਚੀਮਾ ਨੇ ਦੱਸਿਆ ਕਿ ਮੁਲਾਜ਼ਮਾਂ ਦੀਆਂ ਮੰਗਾਂ ਦੇ ਹੱਲ ਲਈ 30 ਜੂਨ ਅਤੇ 27 ਜੁਲਾਈ 2026 ਨੂੰ ਪੰਜਾਬ ਭਵਨ, ਚੰਡੀਗੜ੍ਹ ਵਿਖੇ ਮਾਲ ਮੰਤਰੀ ਨਾਲ ਮੀਟਿੰਗਾਂ ਹੋਈਆਂ ਸਨ। ਇਨ੍ਹਾਂ ਬੈਠਕਾਂ ਦੌਰਾਨ ਮੰਗਾਂ ਸਬੰਧੀ ਵਿਚਾਰ-ਵਟਾਂਦਰਾ ਹੋਣ ਦੇ ਬਾਵਜੂਦ ਕੋਈ ਠੋਸ ਨਤੀਜਾ ਸਾਹਮਣੇ ਨਹੀਂ ਆਇਆ। ਕਰੀਬ ਚਾਰ ਮਹੀਨੇ ਬੀਤ ਜਾਣ ਦੇ ਬਾਵਜੂਦ ਨਾ ਤਾਂ ਮੰਗਾਂ ਦਾ ਨਿਪਟਾਰਾ ਹੋਇਆ ਅਤੇ ਨਾ ਹੀ ਜਥੇਬੰਦੀ ਨਾਲ ਅਗਲੀ ਗੱਲਬਾਤ ਕੀਤੀ ਗਈ।
---
ਸੰਘਰਸ਼ ਵਿੱਢਣ ਲਈ ਬੇਰੁਖੀ ਨੇ ਕੀਤਾ ਮਜਬੂਰ
ਆਗੂਆਂ ਮੁਤਾਬਕ ਸਰਕਾਰ ਦੀ ਇਸ ਬੇਰੁਖ਼ੀ ਨੇ ਮੁਲਾਜ਼ਮਾਂ ਨੂੰ ਸੰਘਰਸ਼ ਦਾ ਰਾਹ ਅਖ਼ਤਿਆਰ ਕਰਨ ਲਈ ਮਜਬੂਰ ਕੀਤਾ ਹੈ। ਜਥੇਬੰਦੀ ਵੱਲੋਂ ਐਲਾਨੇ ਪ੍ਰੋਗਰਾਮ ਤਹਿਤ 7 ਤੋਂ 9 ਦਸੰਬਰ ਤੱਕ ਸੂਬੇ ਦੇ ਡੀਸੀ ਦਫ਼ਤਰਾਂ ਵਿੱਚ ਕਲਮਛੋੜ ਅਤੇ ਕੰਪਿਊਟਰ ਬੰਦ ਹੜਤਾਲ ਕੀਤੀ ਜਾਵੇਗੀ। ਇਸ ਦੌਰਾਨ ਕਰਮਚਾਰੀ ਰੋਜ਼ਾਨਾ ਸਵੇਰੇ 11 ਵਜੇ ਤੋਂ ਦੁਪਹਿਰ 1 ਵਜੇ ਤੱਕ ਦਫ਼ਤਰਾਂ ਅੱਗੇ ਧਰਨੇ ਦੇ ਕੇ ਸਰਕਾਰ ਖ਼ਿਲਾਫ਼ ਰੋਸ ਪ੍ਰਗਟਾਉਣਗੇ। ਇਸ ਤੋਂ ਬਾਅਦ ਸੰਘਰਸ਼ ਨੂੰ ਹੋਰ ਤਿੱਖਾ ਕਰਦਿਆਂ 10 ਅਤੇ 11 ਦਸੰਬਰ ਨੂੰ ਸਮੂਹਿਕ ਛੁੱਟੀ ਲਈ ਜਾਵੇਗੀ। ਇਸ ਪੜਾਅ ਵਿੱਚ ਸੂਬੇ ਦੇ ਸਮੂਹ ਡੀਸੀ, ਐਸਡੀਐਮ, ਤਹਿਸੀਲ ਅਤੇ ਸਬ-ਤਹਿਸੀਲ ਦਫ਼ਤਰਾਂ ਦੇ ਕਰਮਚਾਰੀ ਕੰਮ ਤੋਂ ਦੂਰ ਰਹਿਣਗੇ। ਇਸ ਨਾਲ ਜ਼ਮੀਨੀ ਰਿਕਾਰਡ, ਮਾਲ ਵਿਭਾਗ ਨਾਲ ਸਬੰਧਤ ਕੰਮਾਂ, ਸਰਟੀਫਿਕੇਟਾਂ ਅਤੇ ਹੋਰ ਸਰਕਾਰੀ ਸੇਵਾਵਾਂ ਲਈ ਦਫ਼ਤਰਾਂ ਵਿੱਚ ਆਉਣ ਵਾਲੇ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।
---
ਮੀਟਿੰਗਾਂ ਦੇ ਬਾਵਜੂਦ ਨਹੀਂ ਨਿਕਲਿਆ ਹੱਲ
ਆਗੂਆਂ ਨੇ ਸਪੱਸ਼ਟ ਕੀਤਾ ਕਿ ਮੁਲਾਜ਼ਮ ਆਪਣੀਆਂ ਜਾਇਜ਼ ਮੰਗਾਂ ਦੇ ਨਿਪਟਾਰੇ ਲਈ ਲੰਬੇ ਸਮੇਂ ਤੋਂ ਸਰਕਾਰ ਕੋਲ ਪਹੁੰਚ ਕਰ ਰਹੇ ਹਨ ਪਰ ਮੀਟਿੰਗਾਂ ਦੇ ਬਾਵਜੂਦ ਕੋਈ ਹੱਲ ਨਾ ਨਿਕਲਣਾ ਨਿਰਾਸ਼ਾਜਨਕ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਪੰਜ ਦਿਨਾਂ ਦੇ ਇਸ ਸੰਘਰਸ਼ ਤੋਂ ਬਾਅਦ ਵੀ ਸਰਕਾਰ ਨੇ ਮੰਗਾਂ ਪ੍ਰਤੀ ਗੰਭੀਰਤਾ ਨਾ ਦਿਖਾਈ ਤਾਂ ਅਗਲੇ ਪੜਾਅ ਦੇ ਅੰਦੋਲਨ ਦਾ ਐਲਾਨ ਕੀਤਾ ਜਾਵੇਗਾ। ਹੁਣ ਦੇਖਣਾ ਇਹ ਹੋਵੇਗਾ ਕਿ ਸਰਕਾਰ ਮੁਲਾਜ਼ਮਾਂ ਦੇ ਐਲਾਨੇ ਸੰਘਰਸ਼ ਤੋਂ ਪਹਿਲਾਂ ਗੱਲਬਾਤ ਦਾ ਰਾਹ ਖੋਲ੍ਹ ਕੇ ਮਾਮਲਾ ਸੁਲਝਾਉਂਦੀ ਹੈ ਜਾਂ ਦਸੰਬਰ ਦੇ ਪਹਿਲੇ ਹਫ਼ਤੇ ਆਮ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਵਿੱਚ ਕੰਮਕਾਜ ਠੱਪ ਰਹਿਣ ਦੀ ਮਾਰ ਝੱਲਣੀ ਪਵੇਗੀ।