- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਜ਼ਮੀਨੀ ਪੱਧਰ ’ਤੇ ਕੰਮ ਕਰ ਰਹੀ ਪੰਜਾਬ ਸਰਕਾਰ: ਮੋਹਿੰਦਰ ਭਗਤ

-ਸਰਕਾਰ ਨੇ ਹਜ਼ਾਰਾਂ ਨਸ਼ਾ ਤਸਕਰਾਂ ਨੂੰ ਜੇਲ੍ਹਾਂ ਦੀਆਂ ਸਲਾਖਾਂ ਪਿੱਛੇ ਭੇਜਿਆ
-ਨਸ਼ਿਆਂ ਖਿਲਾਫ਼ ਮੁਹਿੰਮ ’ਚ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲ
ਸ਼ੈਲੀ, ਪੰਜਾਬੀ ਜਾਗਰਣ ਜਲੰਧਰ
ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਤੇ ਰੱਖਿਆ ਸੇਵਾਵਾਂ ਮੰਤਰੀ ਮੋਹਿੰਦਰ ਭਗਤ ਨੇ ਅੱਜ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਜ਼ਿਲ੍ਹਾ ਪੱਧਰੀ ਸਮੀਖਿਆ ਮੀਟਿੰਗ ਦੌਰਾਨ ਪੰਜਾਬ ਸਰਕਾਰ ਦੀ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਦੀ ਦ੍ਰਿੜ ਵਚਨਬੱਧਤਾ ਦੁਹਰਾਈ। ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕੈਬਨਿਟ ਮੰਤਰੀ ਨੇ ਪੁਲਿਸ ਕਮਿਸ਼ਨਰ ਸਤਿੰਦਰ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਅਮਰਜੀਤ ਬੈਂਸ, ਚੇਅਰਮੈਨ ਪੰਜਾਬ ਰਾਜ ਸਫਾਈ ਕਰਮਚਾਰੀ ਕਮਿਸ਼ਨ ਚੰਦਨ ਗਰੇਵਾਲ, ਚੇਅਰਮੈਨ ਪੰਜਾਬ ਰਾਜ ਖਾਦੀ ਬੋਰਡ ਗਗਨਦੀਪ ਸਿੰਘ ਕਾਕੂ ਆਹਲੂਵਾਲੀਆ, ਮੇਅਰ ਵਨੀਤ ਧੀਰ, ‘ਆਪ’ ਆਗੂ ਰਾਜਵਿੰਦਰ ਕੌਰ ਥਿਆੜਾ, ਨਿਤਿਨ ਕੋਹਲੀ ਸਮੇਤ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨਸ਼ਿਆਂ ਦੀ ਨਾਮੁਰਾਦ ਬਿਮਾਰੀ ਨੂੰ ਜੜ੍ਹੋਂ ਖ਼ਤਮ ਕਰਨ ਲਈ ਜ਼ਮੀਨੀ ਪੱਧਰ ’ਤੇ ਕੰਮ ਕਰ ਰਹੀ ਹੈ, ਜਿਸ ਦੇ ਸਕਾਰਾਤਮਕ ਨਤੀਜੇ ਸਾਹਮਣੇ ਆ ਰਹੇ ਹਨ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਨਸ਼ਿਆਂ ਨੂੰ ਖ਼ਤਮ ਕਰਨ ਦਾ ਤਹੱਈਆ ਕੀਤਾ ਹੋਇਆ ਹੈ, ਜਿਸ ਤਹਿਤ ਹਜ਼ਾਰਾਂ ਨਸ਼ਾ ਤਸਕਰਾਂ ਨੂੰ ਜੇਲ੍ਹਾਂ ਦੀਆਂ ਸਲਾਖਾਂ ਪਿੱਛੇ ਭੇਜਣ ਤੋਂ ਇਲਾਵਾ ਨਸ਼ੇ ਦੇ ਆਦੀ ਵਿਅਕਤੀਆਂ ਨੂੰ ਨਸ਼ਾ ਛੁਡਾਊ ਕੇਂਦਰਾਂ ਵਿੱਚ ਭੇਜ ਕੇ ਉਨ੍ਹਾਂ ਦੇ ਮੁੜ ਵਸੇਬੇ ਲਈ ਸੰਜੀਦਾ ਯਤਨ ਕੀਤੇ ਜਾ ਰਹੇ ਹਨ। ਕੈਬਨਿਟ ਮੰਤਰੀ ਭਗਤ ਨੇ ਨਸ਼ਾ ਮੁਕਤੀ ਮੋਰਚਾ ਵੱਲੋਂ ਨਸ਼ਿਆਂ ਖਿਲਾਫ਼ ਲੜਾਈ ਵਿੱਚ ਨਿਭਾਈ ਜਾ ਰਹੀ ਭੂਮਿਕਾ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਹੋਰ ਡਟ ਕੇ ਕੰਮ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਇਨ੍ਹਾਂ ਕਮੇਟੀਆਂ ਵੱਲੋਂ ਜਿਥੇ ਨਸ਼ਿਆਂ ਖਿਲਾਫ਼ ਜਾਗਰੂਕਤਾ ਫੈਲਾਉਣ ਵਿੱਚ ਅਹਿਮ ਯੋਗਦਾਨ ਪਾਇਆ ਜਾ ਰਿਹਾ ਹੈ ਉਥੇ ਸ਼ੱਕੀ ਵਿਅਕਤੀਆਂ ਦੀ ਪਛਾਣ, ਇਲਾਕਿਆਂ ਨੂੰ ਨਸ਼ਾ ਮੁਕਤ ਬਣਾਉਣ ਵਿੱਚ ਪੁਲਿਸ ਤੇ ਪ੍ਰਸ਼ਾਸਨ ਦਾ ਸਹਿਯੋਗ ਕਰਨ ’ਚ ਵੀ ਮਹੱਤਵਪੂਰਨ ਭੂਮਿਕਾ ਨਿਭਾਈ ਜਾ ਰਹੀ ਹੈ।
ਉਨ੍ਹਾਂ ਪੁਲਿਸ ਅਧਿਕਾਰੀਆਂ ਨੂੰ ਇਸ ਮੁਹਿੰਮ ਨੂੰ ਹੇਠਲੇ ਪੱਧਰ ਤੱਕ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਸਿਵਲ ਪ੍ਰਸ਼ਾਸਨ ਅਤੇ ਸਥਾਨਕ ਲੋਕਾਂ ਨਾਲ ਬਿਹਤਰ ਤਾਲਮੇਲ ਨਾਲ ਕੰਮ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਹਲਕਾ ਪੱਧਰ ‘ਤੇ ਡੀ.ਐੱਸ.ਪੀਜ਼, ਨਸ਼ਾ ਮੁਕਤੀ ਮੋਰਚਾ ਦੇ ਹਲਕਾ ਕੋਆਰਡੀਨੇਟਰਾਂ ਅਤੇ ਲੋਕ ਨੁਮਾਇੰਦਿਆਂ ਨਾਲ ਲਗਾਤਾਰ ਮੀਟਿੰਗਾਂ ਕੀਤੀਆਂ ਜਾਣ ਅਤੇ ਇਸ ਸਮੱਸਿਆ ਨਾਲ ਨਜਿੱਠਣ ਲਈ ਤਾਲਮੇਲ ਵਾਲੇ ਯਤਨਾਂ ‘ਤੇ ਜ਼ੋਰ ਦਿੱਤਾ। ਇਸ ਤੋਂ ਪਹਿਲਾਂ ਮੇਅਰ ਵਨੀਤ ਧੀਰ, ਰਾਜਵਿੰਦਰ ਕੌਰ ਥਿਆੜਾ ਤੇ ਨਿਤਿਨ ਕੋਹਲੀ ਨੇ ਨਸ਼ਿਆਂ ਦੇ ਖਾਤਮੇ ਲਈ ਹਰ ਵਰਗ ਦੀ ਭਾਗੀਦਾਰੀ ‘ਤੇ ਜ਼ੋਰ ਦਿੱਤਾ। ਪੁਲਿਸ ਕਮਿਸ਼ਨਰ ਸਤਿੰਦਰ ਸਿੰਘ ਨੇ ਕਿਹਾ ਕਿ ਕਮਿਸ਼ਨਰੇਟ ਪੁਲਿਸ ਵੱਲੋਂ ਨਸ਼ਿਆਂ ਖਿਲਾਫ਼ ਜ਼ੀਰੋ ਟਾਲਰੈਂਸ ਦੀ ਨੀਤੀ ਅਪਣਾਈ ਗਈ ਹੈ ਅਤੇ ਨਸ਼ਿਆਂ ਦਾ ਕਾਰੋਬਾਰ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ।
ਇਸ ਮੌਕੇ ਨਸ਼ਾ ਮੁਕਤੀ ਮੋਰਚਾ ਦੇ ਦੁਆਬਾ ਇੰਚਾਰਜ ਅਤਿਨ ਅਗਨੀਹੋਤਰੀ, ਜ਼ਿਲ੍ਹਾ ਇੰਚਾਰਜ (ਸ਼ਹਿਰੀ) ਸ਼ੈਂਕੀ ਭਗਤ ਤੋਂ ਇਲਾਵਾ ਹਲਕਾ ਕੋਆਰਡੀਨੇਟਰ ਤੇ ਬਲਾਕ ਕੋਆਰਡੀਨੇਟਰ ਵੀ ਮੌਜੂਦ ਸਨ।