ਕਰੰਟ ਲੱਗਣ ਨਾਲ ਮਜ਼ਦੂਰ ਦੀ ਮੌਤ, ਕਪੂਰਥਲਾ ਚੌਕ ’ਚ ਪਰਿਵਾਰ ਨੇ ਲਾਇਆ ਧਰਨਾ
ਕਰੰਟ ਲੱਗਣ ਨਾਲ ਮਜ਼ਦੂਰ ਦੀ ਮੌਤ
Publish Date: Tue, 14 Apr 2026 08:58 PM (IST)
Updated Date: Tue, 14 Apr 2026 09:00 PM (IST)

ਰਾਕੇਸ਼ ਗਾਂਧੀ, ਪੰਜਾਬੀ ਜਾਗਰਣ, ਜਲੰਧਰ : ਲੈਦਰ ਕੰਪਲੈਕਸ ਇਲਾਕੇ ’ਚ ਇਕ ਫੈਕਟਰੀ ’ਚ ਕੰਮ ਕਰਦੇ ਸਮੇਂ ਕਰੰਟ ਲੱਗਣ ਨਾਲ ਇਕ ਮਜ਼ਦੂਰ ਦੀ ਮੌਤ ਹੋ ਗਈ। ਇਸ ਘਟਨਾ ਤੋਂ ਬਾਅਦ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਇਨਸਾਫ਼ ਦੀ ਮੰਗ ਲਈ ਕਪੂਰਥਲਾ ਚੌਕ ਤੇ ਧਰਨਾ ਪ੍ਰਦਰਸ਼ਨ ਕਰਕੇ ਵਿਰੋਧ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਹੈ। ਜਾਣਕਾਰੀ ਅਨੁਸਾਰ ਲੈਦਰ ਕੰਪਲੈਕਸ ’ਚ ਸਥਿਤ ਜੇਡੀ ਫੈਕਟਰੀ ਵਿੱਚ ਕੰਮ ਕਰਨ ਵਾਲੇ ਲਖਬੀਰ ਸਿੰਘ ਵਾਸੀ ਕਪੂਰਥਲਾ ਦੀ ਬਿਜਲੀ ਦੇ ਝਟਕੇ ਨਾਲ ਮੌਤ ਹੋ ਗਈ। ਪਰਿਵਾਰ ਅਨੁਸਾਰ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਉਹ ਫੈਕਟਰੀ ’ਚ ਹਾਈ-ਵੋਲਟੇਜ ਤਾਰਾਂ ਤੇ ਮਸ਼ੀਨਰੀ ਦੇ ਨੇੜੇ ਲੰਘਦੇ ਸਮੇਂ ਬਿਜਲੀ ਦੇ ਸੰਪਰਕ ’ਚ ਆਇਆ। ਮ੍ਰਿਤਕ ਦੇ ਰਿਸ਼ਤੇਦਾਰਾਂ ਦਾ ਦੋਸ਼ ਹੈ ਕਿ ਫੈਕਟਰੀ ’ਚ ਸੁਰੱਖਿਆ ਮਾਪਦੰਡਾਂ ਦੀ ਅਣਦੇਖੀ ਕੀਤੀ ਗਈ ਸੀ। ਦੱਸਿਆ ਜਾ ਰਿਹਾ ਹੈ ਕਿ ਘਟਨਾ ਵਾਲੀ ਥਾਂ ਦੇ ਨੇੜੇ ਹਾਈ-ਵੋਲਟੇਜ ਤਾਰਾਂ, ਟ੍ਰਾਂਸਫਾਰਮਰ ਤੇ ਜਨਰੇਟਰ ਖੁੱਲ੍ਹੇ ਛੱਡ ਦਿੱਤੇ ਗਏ ਸਨ। ਮ੍ਰਿਤਕ ਦੀ ਪਤਨੀ ਸੁਨੀਤਾ ਨੇ ਕਿਹਾ ਕਿ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ ਪਰ ਫੈਕਟਰੀ ਮਾਲਕ ਵਿਰੁੱਧ ਅਜੇ ਤੱਕ ਕੋਈ ਠੋਸ ਕਾਰਵਾਈ ਨਹੀਂ ਕੀਤੀ ਗਈ ਹੈ। ਉਸ ਨੇ ਦੋਸ਼ ਲਾਇਆ ਕਿ ਲਗਾਤਾਰ ਗੁੰਮਰਾਹ ਕੀਤਾ ਜਾ ਰਿਹਾ ਹੈ ਤੇ ਮੁਆਵਜ਼ੇ ਦੇ ਨਾਂ ਤੇ ਥੋੜ੍ਹੀ ਜਿਹੀ ਰਕਮ ਦੀ ਪੇਸ਼ਕਸ਼ ਕੀਤੀ ਜਾ ਰਹੀ ਹੈ। ਵਿਰੋਧ ’ਚ ਪਰਿਵਾਰਕ ਮੈਂਬਰਾਂ ਜਿਨ੍ਹਾਂ ’ਚ ਬੱਚੇ ਵੀ ਸ਼ਾਮਲ ਸਨ, ਨੇ ਕਪੂਰਥਲਾ ਚੌਕ ਤੇ ਧਰਨਾ ਪ੍ਰਦਰਸ਼ਨ ਕੀਤਾ ਤੇ ਪ੍ਰਸ਼ਾਸਨ ਤੋ ਇਨਸਾਫ਼ ਦੀ ਅਪੀਲ ਕੀਤੀ। ਵਿਰੋਧ ਪ੍ਰਦਰਸ਼ਨ ਕਾਰਨ ਥੋੜ੍ਹੇ ਸਮੇਂ ਲਈ ਆਵਾਜਾਈ ਵੀ ਪ੍ਰਭਾਵਿਤ ਹੋਈ। ਇਸ ਮਾਮਲੇ ’ਤੇ ਐੱਸਆਈ ਅਜਮੇਰ ਸਿੰਘ ਨੇ ਦੱਸਿਆ ਕਿ ਬਿਜਲੀ ਦੇ ਝਟਕੇ ਦਾ ਸ਼ਿਕਾਰ ਹੋਏ ਵਿਅਕਤੀ ਦੀ ਹਸਪਤਾਲ ’ਚ ਮੌਤ ਹੋ ਗਈ। ਦੋਵਾਂ ਧਿਰਾਂ ਵਿਚਕਾਰ ਗੱਲਬਾਤ ਜਾਰੀ ਹੈ ਤੇ ਸ਼ਿਕਾਇਤ ਮਿਲਣ ਤੋਂ ਬਾਅਦ ਕਾਨੂੰਨ ਅਨੁਸਾਰ ਅਗਲੀ ਕਾਰਵਾਈ ਕੀਤੀ ਜਾਵੇਗੀ। ਇਸ ਵੇਲੇ ਪਰਿਵਾਰਕ ਮੈਂਬਰ ਫੈਕਟਰੀ ਮਾਲਕ ਵਿਰੁੱਧ ਸਖ਼ਤ ਕਾਰਵਾਈ ਤੇ ਉਸ ਵਿਰੁੱਧ ਕੇਸ ਦਰਜ ਕਰਨ ਦੀ ਆਪਣੀ ਮੰਗ ਤੇ ਅੜੇ ਹੋਏ ਹਨ।