ਕਾਲਜ ਤੇ ਸਕੂਲ ’ਚ ਮਨਾਇਆ ਧਰਤੀ ਦਿਵਸ
ਮਾਤਾ ਸਾਹਿਬ ਕੌਰ ਖਾਲਸਾ ਕਾਲਜ ਤੇ ਸਕੂਲ ਵਿਖ਼ੇ ਵਿਸ਼ਵ ਧਰਤੀ ਦਿਵਸ ਮਨਾਇਆ
Publish Date: Tue, 21 Apr 2026 07:08 PM (IST)
Updated Date: Tue, 21 Apr 2026 07:13 PM (IST)

ਪ੍ਰਿਤਪਾਲ ਸਿੰਘ, ਪੰਜਾਬੀ ਜਾਗਰਣ, ਸ਼ਾਹਕੋਟ : ਮਾਤਾ ਸਾਹਿਬ ਕੌਰ ਖਾਲਸਾ ਸੀਨੀਅਰ ਸੈਕੰਡਰੀ ਸਕੂਲ/ਕਾਲਜ ਵਿਖੇ ਮੰਗਲਵਾਰ ਵਿਸ਼ਵ ਧਰਤੀ ਦਿਵਸ ਮਨਾਇਆ ਗਿਆ। ਪ੍ਰਧਾਨ ਬਲਵਿੰਦਰ ਸਿੰਘ ਚੱਠਾ ਤੇ ਸਮੂਹ ਪ੍ਰਬੰਧਕ ਕਮੇਟੀ ਮੈਂਬਰਾਂ ਦੀ ਅਗਵਾਈ ਤੇ ਡਾਇਰੈਕਟਰ ਪ੍ਰੋਫੈਸਰ ਆਰਕੇ ਜੈਨ, ਪ੍ਰਿੰਸੀਪਲ ਰੇਖਾ ਰਾਣੀ ਤੇ ਕਾਲਜ ਪ੍ਰਿੰਸੀਪਲ ਪ੍ਰਵੀਨ ਦੀ ਦੇਖ ਰੇਖ ਹੇਠ ਕਰਵਾਏ ਸਮਾਗਮ ’ਚ ਵੱਖ ਵੱਖ ਬੁਲਾਰਿਆਂ ਨੇ ਆਪਣੇ ਵਿਚਾਰ ਸਾਂਝੇ ਕੀਤੇ। ਪ੍ਰੋਫੈਸਰ ਆਰਕੇ ਜੈਨ ਨੇ ਕਿਹਾ ਕਿ ਇਸ ਸਮਾਗਮ ਦਾ ਮੁੱਖ ਉਦੇਸ਼ ਧਰਤੀ ਦੇ ਵਾਤਾਵਰਣ ਨੂੰ ਸੁਰੱਖਿਅਤ ਰੱਖਣ ਤੇ ਪ੍ਰਦੂਸ਼ਣ ਘਟਾਉਣ ਪ੍ਰਤੀ ਜਾਗਰੂਕਤਾ ਫੈਲਾਉਣਾ ਹੈ। ਉਨ੍ਹਾਂ ਕਿਹਾ ਕਿ ਆਲਮੀ ਤਪਸ਼ ਨੂੰ ਘਟਾਉਣ ਲਈ ਸਾਨੂੰ ਵੱਧ ਤੋਂ ਵੱਧ ਪੌਦੇ ਲਗਾਉਣ, ਕੂੜਾ ਘਟਾਉਣ ਤੇ ਧਰਤੀ ਮਾਤਾ ਦੀ ਸੰਭਾਲ ਕਰਨੀ ਚਾਹੀਦੀ ਹੈ ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਲਈ ਵਾਤਾਵਰਣ ਸ਼ੁੱਧ ਰਹਿ ਸਕੇ। ਸਕੂਲ ਪ੍ਰਿੰਸੀਪਲ ਰੇਖਾ ਸ਼ਰਮਾ ਨੇ ਸੰਬੋਧਨ ਵਿੱਚ ਕਿਹਾ ਕਿ ਧਰਤੀ ਸਾਡਾ ਘਰ ਹੈ ਤੇ ਇਸ ਦੀ ਸੰਭਾਲ ਕਰਨਾ ਸਾਡੀ ਜ਼ਿੰਮੇਵਾਰੀ ਹੈ। ਉਨ੍ਹਾਂ ਨੇ ਬੱਚਿਆਂ ਨੂੰ ਪਾਣੀ ਬਚਾਉਣ, ਪਲਾਸਟਿਕ ਦੀ ਵਰਤੋਂ ਘਟਾਉਣ ਅਤੇ ਸਾਫ-ਸੁਥਰਾ ਵਾਤਾਵਰਣ ਬਣਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਵਾਤਾਵਰਨ ਨਾਲ ਜੁੜੀਆਂ ਸਮੱਸਿਆਵਾਂ ਜਿਵੇਂ ਪ੍ਰਦੂਸ਼ਣ, ਜੰਗਲਾਂ ਦੀ ਕਟਾਈ ਤੇ ਮੌਸਮੀ ਬਦਲਾਅ ਤੋਂ ਬਚਾਅ ਲਈ ਸਾਂਝੇ ਯਤਨ ਬਹੁਤ ਜ਼ਰੂਰੀ ਹਨ । ਇਸ ਮੌਕੇ ’ਤੇ ਵਿਦਿਆਰਥੀਆਂ ਦੇ ਪੇਂਟਿੰਗ ਮੁਕਾਬਲੇ, ਭਾਸ਼ਣ ਮੁਕਾਬਲੇ ਕਰਵਾਏ ਗਏ, ਜਿਸ ਰਾਹੀਂ ਧਰਤੀ ਨੂੰ ਪ੍ਰਦੂਸ਼ਣ ਤੋਂ ਬਚਾਉਣ ਦਾ ਸੰਦੇਸ਼ ਦਿੱਤਾ ਗਿਆ। ਅਧਿਆਪਕਾਂ ਨੇ ਵੀ ਬੱਚਿਆਂ ਨੂੰ ਵਾਤਾਵਰਨ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ ਤੇ ਰੁੱਖ ਲਾਉਣ ਲਈ ਪ੍ਰੇਰਿਤ ਕੀਤਾ। ਅਖੀਰ ਵਿਚ, ਸਾਰੇ ਵਿਦਿਆਰਥੀਆਂ ਨੇ ਪ੍ਰਣ ਕੀਤਾ ਕਿ ਉਹ ਧਰਤੀ ਨੂੰ ਬਚਾਉਣ ਵਿੱਚ ਯੋਗਦਾਨ ਪਾਉਣਗੇ।