ਬਾਈਕ ਸਵਾਰ ਦੀ ਮੌਤ ਸਬੰਧੀ ਜਾਂਚ ਸ਼ੁਰੂ
ਸੜਕ ਹਾਦਸੇ ਚ ਨੌਜਵਾਨ ਬਾਈਕ ਸਵਾਰ ਦੀ ਮੌਤ, ਪੁਲਿਸ ਨੇ ਜਾਂਚ ਕੀਤੀ ਸ਼ੁਰੂ
Publish Date: Thu, 09 Apr 2026 08:17 PM (IST)
Updated Date: Thu, 09 Apr 2026 08:38 PM (IST)
-ਤੇਜ਼ ਰਫ਼ਤਾਰ ਤੇ ਲਾਪਰਵਾਹੀ ਹਾਦਸੇ ਦਾ ਕਾਰਨ : ਪੁਲਿਸ
ਪ੍ਰਿਤਪਾਲ ਸਿੰਘ, ਪੰਜਾਬੀ ਜਾਗਰਣ, ਸ਼ਾਹਕੋਟ: ਸੜਕ ਹਾਦਸੇ ਵਿਚ ਇੱਕ ਨੌਜਵਾਨ ਦੀ ਮੌਤ ਤੇ ਉਸਦੇ ਸਾਥੀ ਦੇ ਜ਼ਖਮੀ ਹੋਣ ਸਬੰਧੀ ਸਥਾਨਕ ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ । ਸ਼ਾਹਕੋਟ ਪੁਲਿਸ ਸਟੇਸ਼ਨ ਵਿੱਚ ਦਰਜ ਮਾਮਲੇ ਅਨੁਸਾਰ, ਮ੍ਰਿਤਕ ਦੀ ਪਛਾਣ ਪੱਪੂ ਕੁਮਾਰ ਵਜੋਂ ਹੋਈ ਹੈ, ਜੋ ਕਿ ਸਹਿਰਸਾ ਜ਼ਿਲ੍ਹਾ (ਬਿਹਾਰ) ਦਾ ਰਹਿਣ ਵਾਲਾ ਸੀ। ਉਹ ਆਪਣੇ ਸਾਥੀ ਵਿਕਾਸ ਕੁਮਾਰ ਨਾਲ ਮੋਟਰਸਾਈਕਲ 'ਤੇ ਸਵਾਰ ਹੋ ਕੇ ਜਾ ਰਿਹਾ ਸੀ। 6 ਅਪ੍ਰੈਲ, 2026 ਨੂੰ ਸਵੇਰੇ 5 ਵਜੇ ਦੇ ਕਰੀਬ ਵਾਪਰੀ ਇਸ ਦੁਰਘਟਨਾ ਵਿਚ ਇੱਕ ਅਣਪਛਾਤੇ ਵਾਹਨ ਨੇ ਬਾਈਕ ਸਵਾਰਾਂ ਨੂੰ ਟੱਕਰ ਮਾਰੀ ਸੀ। ਟੱਕਰ ਇੰਨੀ ਭਿਆਨਕ ਸੀ ਕਿ ਪੱਪੂ ਕੁਮਾਰ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦੋਂ ਕਿ ਉਸਦਾ ਸਾਥੀ ਗੰਭੀਰ ਜ਼ਖਮੀ ਹੋ ਗਿਆ।
ਐੱਸ ਆਈ ਜਗਤਾਰ ਸਿੰਘ ਮਲਸੀਆਂ ਚੌਕੀ ਨੇ ਦੱਸਿਆ ਕਿ ਦੌਲਤਪੁਰ ਦੇ ਰਹਿਣ ਵਾਲੇ ਜਗਤਾਰ ਖਾਨ ਦੇ ਬਿਆਨਾਂ ’ਤੇ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ। ਜਾਂਚ ਵਿੱਚ ਲਾਪਰਵਾਹੀ ਤੇ ਤੇਜ਼ ਰਫ਼ਤਾਰ ਨੂੰ ਹਾਦਸੇ ਦਾ ਮੁੱਖ ਕਾਰਨ ਦੱਸਿਆ ਗਿਆ ਹੈ। ਪੁਲਿਸ ਨੇ ਅਣਪਛਾਤੇ ਵਾਹਨ ਚਾਲਕ ਵਿਰੁੱਧ ਵੀ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਘਟਨਾ ਤੋਂ ਬਾਅਦ ਲੋਕਾਂ ਵਲੋਂ ਪੁਲਿਸ ਨੂੰ ਸੂਚਿਤ ਕੀਤਾ ਗਿਆ, ਜਿਸ ਤੋਂ ਬਾਅਦ ਪੁਲਿਸ ਦੀ ਇਕ ਟੀਮ ਮੌਕੇ 'ਤੇ ਪਹੁੰਚੀ ਤੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਨਕੋਦਰ ਸਿਵਲ ਹਸਪਤਾਲ ਵਿਖੇ ਭੇਜ ਦਿੱਤਾ ਗਿਆ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮੁਲਜ਼ਮ ਡਰਾਈਵਰ ਦੀ ਪਛਾਣ ਕਰਨ ਲਈ ਨੇੜਲੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ। ਜ਼ਖਮੀ ਨੌਜਵਾਨ ਦਾ ਇਸ ਸਮੇਂ ਇਲਾਜ ਚੱਲ ਰਿਹਾ ਹੈ ਤੇ ਉਸਦੇ ਬਿਆਨ ਦੇ ਆਧਾਰ 'ਤੇ ਅਗਲੀ ਕਾਰਵਾਈ ਕੀਤੀ ਜਾਵੇਗੀ।