ਮਾਮੂਲੀ ਝਗੜਾ ਦੌਰਾਨ ਨੌਜਵਾਨ ’ਤੇ ਜਾਨਲੇਵਾ ਹਮਲਾ
ਥਾਣਾ ਨੰਬਰ ਅੱਠ ਦੀ ਹੱਦ ਵਿੱਚ ਪੈਂਦੇ ਰੇਰੂ ਪਿੰਡ ਦੇ ਹਰਗੋਬਿੰਦ
Publish Date: Wed, 21 Jan 2026 11:19 PM (IST)
Updated Date: Wed, 21 Jan 2026 11:21 PM (IST)
ਰਾਕੇਸ਼ ਗਾਂਧੀ ਪੰਜਾਬੀ ਜਾਗਰਣ, ਜਲੰਧਰ : ਥਾਣਾ ਨੰਬਰ ਅੱਠ ਦੀ ਹੱਦ ਵਿੱਚ ਪੈਂਦੇ ਰੇਰੂ ਪਿੰਡ ਦੇ ਹਰਗੋਬਿੰਦ ਨਗਰ ਇਲਾਕੇ ਵਿਚ ਉਸ ਵੇਲੇ ਹਫੜਾ-ਦਫੜੀ ਮਚ ਗਈ, ਜਦੋਂ ਤਿੰਨ ਨੌਜਵਾਨਾਂ ਨੇ ਇੱਕ ਨੌਜਵਾਨ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਹਮਲੇ ਵਿੱਚ ਨੌਜਵਾਨ ਗੰਭੀਰ ਜ਼ਖਮੀ ਹੋ ਗਿਆ ਅਤੇ ਉਸਨੂੰ ਇਲਾਜ ਲਈ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਜ਼ਖਮੀ ਨੌਜਵਾਨ ਦੀ ਪਛਾਣ ਰਾਜੂ ਵਰਮਾ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਰਾਜੂ ਆਪਣੇ ਕਿਰਾਏ ਦੇ ਘਰ 'ਤੇ ਆਪਣੇ ਦੋਸਤ ਨੂੰ ਮਿਲਣ ਜਾ ਰਿਹਾ ਸੀ ਜਿਥੇ ਕਈ ਹੋਰ ਕਿਰਾਏਦਾਰ ਵੀ ਰਹਿ ਰਹੇ ਹਨ। ਜਿਵੇਂ ਹੀ ਰਾਜੂ ਪੁੱਜਾ, ਉੱਥੇ ਪਹਿਲਾਂ ਤੋਂ ਮੌਜੂਦ ਤਿੰਨ ਨੌਜਵਾਨਾਂ ਸ਼ਿਵਮ, ਸਤਯਮ ਤੇ ਪਾਪੜ ਨੇ ਉਸ ਦਾ ਰਸਤਾ ਰੋਕ ਲਿਆ। ਉਨ੍ਹਾਂ ਨੇ ਕਥਿਤ ਤੌਰ 'ਤੇ ਰਾਜੂ ਤੋਂ ਪੁੱਛਗਿੱਛ ਕਰਨੀ ਸ਼ੁਰੂ ਕਰ ਦਿੱਤੀ ਤੇ ਉਸਦੇ ਇਲਾਕੇ ਵਿੱਚ ਦਾਖਲ ਹੋਣ 'ਤੇ ਇਤਰਾਜ਼ ਕਰਨਾ ਸ਼ੁਰੂ ਕਰ ਦਿੱਤਾ। ਬਹਿਸ ਇਸ ਹੱਦ ਤੱਕ ਵਧ ਗਈ ਕਿ ਤਿੰਨਾਂ ਨੇ ਉਸ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ।
ਹਮਲੇ ਵਿਚ ਰਾਜੂ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ, ਜਦੋਂ ਕਿ ਮੁਲਜ਼ਮ ਮੌਕੇ ਤੋਂ ਭੱਜ ਗਏ। ਸਥਾਨਕ ਲੋਕਾਂ ਨੇ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਅਤੇ ਜ਼ਖਮੀ ਨੌਜਵਾਨ ਨੂੰ ਹਸਪਤਾਲ ਪਹੁੰਚਾਇਆ। ਥਾਣਾ ਡਵੀਜ਼ਨ ਨੰਬਰ 8 ਦੇ ਇੰਚਾਰਜ ਨੇ ਦੱਸਿਆ ਕਿ ਪੀੜਤ ਦਾ ਬਿਆਨ ਦਰਜ ਕਰ ਲਿਆ ਗਿਆ ਹੈ ਅਤੇ ਨਾਮਜ਼ਦ ਮੁਲਜ਼ਮਾਂ ਵਿਰੁੱਧ ਮਾਮਲਾ ਦਰਜ ਕਰਕੇ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਦਾ ਕਹਿਣਾ ਹੈ ਕਿ ਮੁਲਜ਼ਮ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।