ਸਿਵਲ ਹਸਪਤਾਲ ਫਿਲੌਰ ’ਚ ਨੌਜਵਾਨ ਦੀ ਮੌਤ, ਪਰਿਵਾਰ ਨੇ ਲਾਏ ਲਾਪਰਵਾਹੀ ਦੇ ਦੋਸ਼
ਸਿਵਲ ਹਸਪਤਾਲ ਫਿਲੌਰ ’ਚ ਨੌਜਵਾਨ ਦੀ ਮੌਤ, ਪਰਿਵਾਰ ਵੱਲੋਂ ਸਟਾਫ ’ਤੇ ਲਾਪਰਵਾਹੀ ਦੇ ਦੋਸ਼
Publish Date: Thu, 05 Mar 2026 07:51 PM (IST)
Updated Date: Thu, 05 Mar 2026 07:53 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਿਲੌਰ : ਸਿਵਲ ਹਸਪਤਾਲ ’ਚ ਇਕ ਨੌਜਵਾਨ ਦੀ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਹਸਪਤਾਲ ਦੇ ਸਟਾਫ ’ਤੇ ਲਾਪਰਵਾਹੀ ਦੇ ਗੰਭੀਰ ਦੋਸ਼ ਲਗਾਏ ਹਨ। ਮ੍ਰਿਤਕ ਨੌਜਵਾਨ ਦੇ ਭਰਾ ਰਿਸ਼ੀ ਤੇ ਹੋਰ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਵਿਕਾਸ ਉਰਫ਼ ਵਿੱਕੀ ਸਵੇਰੇ ਕਬੂਤਰ ਉਡਾਉਣ ਲਈ ਘਰ ਦੀ ਤੀਜੀ ਮੰਜ਼ਿਲ ’ਤੇ ਗਿਆ ਹੋਇਆ ਸੀ। ਇਸ ਦੌਰਾਨ ਉਹ ਅਚਾਨਕ ਉੱਪਰੋਂ ਡਿੱਗ ਪਿਆ ਤੇ ਗੰਭੀਰ ਜ਼ਖ਼ਮੀ ਹੋ ਗਿਆ। ਉਸ ਨੂੰ ਤੁਰੰਤ ਇਲਾਜ ਲਈ ਸਿਵਲ ਹਸਪਤਾਲ ’ਚ ਦਾਖਲ ਕਰਵਾਇਆ ਗਿਆ। ਪਰਿਵਾਰਕ ਮੈਂਬਰਾਂ ਦੇ ਮੁਤਾਬਕ ਹਸਪਤਾਲ ’ਚ ਉਸ ਦਾ ਇਲਾਜ ਚੱਲ ਰਿਹਾ ਸੀ ਤੇ ਉਹ ਪਰਿਵਾਰ ਨਾਲ ਗੱਲਬਾਤ ਵੀ ਕਰ ਰਿਹਾ ਸੀ। ਉਨ੍ਹਾਂ ਦਾ ਦਾਅਵਾ ਹੈ ਕਿ ਜਿਵੇਂ ਹੀ ਹਸਪਤਾਲ ਦੇ ਸਟਾਫ ਨੇ ਉਸ ਨੂੰ ਇਕ ਟੀਕਾ ਲਗਾਇਆ, ਉਸ ਦੀ ਤਬੀਅਤ ਅਚਾਨਕ ਵਿਗੜ ਗਈ ਤੇ ਕੁਝ ਸਮੇਂ ਬਾਅਦ ਉਸ ਦੀ ਮੌਤ ਹੋ ਗਈ। ਇਸ ਕਾਰਨ ਪਰਿਵਾਰ ਨੇ ਸਟਾਫ ’ਤੇ ਲਾਪਰਵਾਹੀ ਦੇ ਦੋਸ਼ ਲਗਾਏ ਹਨ। ਘਟਨਾ ਤੋਂ ਗੁੱਸੇ ’ਚ ਆਏ ਪਰਿਵਾਰਕ ਮੈਂਬਰਾਂ ਨੇ ਹਸਪਤਾਲ ’ਚ ਭੰਨਤੋੜ ਵੀ ਕੀਤੀ ਤੇ ਲੋਕ ਇਨਸਾਫ ਮੰਚ ਦੇ ਪ੍ਰਧਾਨ ਜਰਨੈਲ ਨੰਗਲ, ਪ੍ਰਸੋਤਮ ਕਤਪਾਲੋਂ ਤੇ ਮਾਸਟਰ ਹੰਸ ਰਾਜ ਦੀ ਅਗਵਾਈ ਹੇਠ ਧਰਨਾ ਲਗਾ ਦਿੱਤਾ। ਧਰਨਾਕਾਰੀਆਂ ਦਾ ਕਹਿਣਾ ਹੈ ਕਿ ਜਦ ਤੱਕ ਪ੍ਰਸ਼ਾਸਨ ਵੱਲੋਂ ਦਰਜ ਕੀਤੇ ਪਰਚੇ ਦੀ ਕਾਪੀ ਨਹੀਂ ਦਿੱਤੀ ਜਾਂਦੀ, ਧਰਨਾ ਜਾਰੀ ਰਹੇਗਾ। ਇਸ ਸਬੰਧੀ ਡਿਊਟੀ ’ਤੇ ਮੌਜੂਦ ਡਾਕਟਰ ਸਾਹਿਲ ਨੇ ਕਿਹਾ ਕਿ ਮਰੀਜ਼ ਨੂੰ ਆਮ ਤਰੀਕੇ ਨਾਲ ਇਲਾਜ ਦਿੱਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਮਰੀਜ਼ ਨੂੰ ਉਲਟੀ ਆਈ ਸੀ ਜੋ ਬਾਹਰ ਆਉਣ ਦੀ ਬਜਾਏ ਅੰਦਰ ਹੀ ਰਹਿ ਗਈ, ਜਿਸ ਕਾਰਨ ਮੌਤ ਹੋਣ ਦੀ ਸੰਭਾਵਨਾ ਹੈ। ਹਾਲਾਂਕਿ ਅਸਲੀ ਕਾਰਨ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਸਾਹਮਣੇ ਆਏਗਾ। ਸਿਵਲ ਹਸਪਤਾਲ ਦੀ ਐੱਸਐੱਮਓ ਸੁਨੀਤਾ ਅਗਰਵਾਲ ਨੇ ਕਿਹਾ ਕਿ ਗੁੱਸੇ ’ਚ ਆਏ ਪਰਿਵਾਰਕ ਮੈਂਬਰਾਂ ਵੱਲੋਂ ਹਸਪਤਾਲ ’ਚ ਭੰਨਤੋੜ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪਰਿਵਾਰ ਵੱਲੋਂ ਲਾਏ ਗਏ ਦੋਸ਼ਾਂ ਬਾਰੇ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਸੱਚਾਈ ਸਾਹਮਣੇ ਆਏਗੀ। ਥਾਣਾ ਮੁਖੀ ਫਿਲੌਰ ਅਮਨ ਸੈਣੀ ਨੇ ਦੱਸਿਆ ਕਿ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ’ਤੇ ਪਰਚਾ ਦਰਜ ਕਰਕੇ ਮਾਮਲੇ ਦੀ ਜਾਂਚ ਕੀਤੀ ਜਾਵੇਗੀ।